ਕੇਂਦਰ ਸਰਕਾਰ ਦੀ ਇਸ ਬਦਲਾ ਲਓ ਕਾਰਵਾਈ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ – ਸੰਯੁਕਤ ਕਿਸਾਨ ਮੋਰਚਾ
ਬੀ ਟੀ ਐਨ , ਕੁਰੂਕਸ਼ੇਤਰ , 24 ਜੂਨ 2021
ਗੋਲਡਨ ਗੋਲਡਨ ਹੱਟ ਢਾਬਾ ਕੁਰਕਸ਼ੇਤਰ ਵਾਲਿਆਂ ਦੇ ਖਿਲਾਫ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਤੇ ਅਹਿਮ ਫੈਸਲਾ ਲਿਆ ਹੈ ।
ਗੋਲਡਨ ਹੱਟ ਢਾਬਾ ਕੁਰਕਸ਼ੇਤਰ ਵਿਖੇ ਪੰਜਾਬ ਦੀਆਂ 32 ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਰਾਣਾ ਨਾਲ ਨਾ ਸਿਰਫ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਬਲਕਿ ਹਰਿਆਣਾ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਉਨ੍ਹਾਂ ਨੂੰ ਬਦਲਾ ਲਊ ਭਾਵਨਾ ਤਹਿਤ ਨਿਸ਼ਾਨਾ ਬਣਾਏ ਜਾਣ ਦਾ ਸਖਤ ਨੋਟਿਸ ਲਿਆ।
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨ ਸੰਘਰਸ਼ ਨਾਲ ਹਿਮਾਇਤ ਰੱਖਣ ਵਾਲਿਆਂ ਦੇ ਖ਼ਿਲਾਫ਼ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸਾਨ ਮੋਰਚਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਬਦਲਾ ਕਾਰਵਾਈ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ ।
ਇਸ ਮੌਕੇ ਮੌਜੂਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕੱਤਰ ਹੋ ਕੇ ਨੈਸ਼ਨਲ ਹਾਈਵੇ ਉੱਪਰ 20 ਮਿੰਟ ਦੇ ਲਈ ਸੰਕੇਤਕ ਰੂਪ ਵਿਚ ਪ੍ਰਦਰਸ਼ਨ ਕੀਤਾ ਜਿਸ ਕਾਰਨ ਕੁੱਝ ਸਮਾਂ ਜਾਮ ਦੀ ਸਥਿਤੀ ਵੀ ਬਣੀ ਰਹੀ।
ਜੱਥੇਬੰਦੀਆਂ ਨੇ ਸਰਕਾਰ ਦੇ ਇਸ ਰਵੱਈਏ ਖਿਲਾਫ ਆਪਣਾ ਰੋਸ ਜਾਹਰ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਫੈਸਲੇ ਨੂੰ ਜਲਦੀ ਤੋਂ ਜਲਦੀ ਤੋਂ ਹੱਲ ਕਰੇ ਨਹੀਂ ਤਾਂ ਸੰਯੁਕਤ ਕਿਸਾਨ ਮੋਰਚਾ ਆਪਣੀ ਮੀਟਿੰਗ ਵਿੱਚ ਕੋਈ ਸਖਤ ਪ੍ਰੋਗਰਾਮ ਉਲੀਕਣ ਲਈ ਮਜ਼ਬੂਰ ਹੋਵੇਗਾ।