ਨਸ਼ਿਆਂ ਤੇ ਜਿੱਤ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਅਤੇ ਨਸ਼ਿਆਂ ਦੇ ਖਾਤਮੇ ਲਈ ਜੁਟੀਆਂ ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ , 25 ਜੂਨ 2021
ਲੋਕ ਭਲਾਈ ਵੈਲਫੇਅਰ ਸੋਸਾਇਟੀ ਮਹਿਲ ਕਲਾਂ ਵੱਲੋਂ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਮਹਿਲ ਕਲਾਂ ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਸਮੇਂ ਨਸ਼ਿਆਂ ਤੇ ਜਿੱਤ ਪ੍ਰਾਪਤ ਕਰਕੇ ਨਵੀਂ ਜ਼ਿੰਦਗੀ ਦੀ ਸ਼ੁਰੂਅਾਤ ਕਰਨ ਵਾਲੇ ਸਾਹਸ ਨੌਜਵਾਨਾਂ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਯਤਨ ਕਰ ਰਹੀਆਂ ਵੱਖ ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ।
ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਲੋਕ ਭਲਾਈ ਵੈਲਫੇਅਰ ਸੁਸਾਇਟੀ ਮਹਿਲ ਕਲਾਂ ਦੇ ਪ੍ਰਧਾਨ ਡਾ ਪਰਮਿੰਦਰ ਸਿੰਘ ਹਮੀਦੀ ਅਤੇ ਫ਼ਿਰੋਜ਼ ਖ਼ਾਨ ਨੇ ਦੱਸਿਆ ਕਿ 26 ਜੂਨ ਨੂੰ ਸਮੁੱਚੇ ਦੇਸ਼ ਅੰਦਰ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ। ਲੋਕ ਭਲਾਈ ਵੈੱਲਫੇਅਰ ਸੋਸਾਇਟੀ ਮਹਿਲ ਕਲਾਂ ਜਿੱਥੇ ਅਨੇਕਾਂ ਸਮਾਜ ਭਲਾਈ ਦੇ ਕੰਮ ਕਰਦੀ ਹੈ, ਉਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਚੋਂ ਕੱਢਣ ਲਈ ਵਿਸ਼ੇਸ਼ ਉਪਰਾਲੇ ਕਰਦੀ ਹੈ। ਲੋੜਵੰਦਾਂ ਨੂੰ ਰਾਸ਼ਨ ਅਤੇ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦੇ ਨਾਲ ਨਾਲ ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਯਤਨਾਂ ਸਦਕਾ ਅਨੇਕਾਂ ਨੌਜਵਾਨ ਨਸ਼ਾ ਮੁਕਤ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਅੱਜ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ,ਪੰਜਾਬ ਦੇ ਹਜ਼ਾਰਾਂ ਨੌਜਵਾਨ ਚਿੱਟੇ ਅਤੇ ਹੋਰ ਅਨੇਕਾਂ ਨਸ਼ਿਆਂ ਦੀ ਲਪੇਟ ਵਿਚ ਆ ਕੇ ਮੌਤ ਦੇ ਮੂੰਹ ਚਲੇ ਗਏ ਹਨ। ਨਸ਼ਿਆਂ ਦੇ ਇਸ ਪ੍ਰਕੋਪ ਤੋਂ ਸੁਚੇਤ ਹੁੰਦਿਆਂ ਅੱਜ ਨਸ਼ਾ ਵਿਰੋਧੀ ਲਹਿਰ ਖੜ੍ਹੀ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕ ਭਲਾਈ ਵੈੱਲਫੇਅਰ ਸੋਸਾਇਟੀ ਵੱਲੋਂ ਨਸ਼ਿਆਂ ਤੇ ਜਿੱਤ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਨਸ਼ਿਆਂ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਬਾਹਰ ਲਿਆਉਣ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੇਣ ਦੇ ਯਤਨ ਕਰਨ ਦੀ ਅਪੀਲ ਕੀਤੀ।
Advertisement