ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਾ ਜਾਵੇ- ਭਾਈ ਪਰਮਜੀਤ ਸਿੰਘ ਖ਼ਾਲਸਾ
ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ ,ਬਰਨਾਲਾ , 02 ਜੁਲਾਈ 2021
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਲਗਾਤਾਰ ਹੋ ਰਹੀਆਂ ਹਨ,ਇਨ੍ਹਾਂ ਬੇਅਦਬੀਆਂ ਨੂੰ ਰੋਕਣ ਅਤੇ ਗੁਰੂ ਦੋਖੀਆਂ ਨੂੰ ਸਬਕ ਸਿਖਾਉਣ ਲਈ ਸਿੱਖ ਕੌਮ ਨੂੰ ਇਕਜੁੱਟ ਹੋ ਕੇ ਇਨ੍ਹਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ,ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਮਾਲਵਾ ਤਰਨ ਤਰਨਾ ਦਲ ਦੇ ਮੁਖੀ ਜਥੇਦਾਰ ਲਾਲ ਸਿੰਘ ਜਿਲ੍ਹਾ ਜਥੇਦਾਰ ਜਗਸੀਰ ਸਿੰਘ,ਤਹਿਸੀਲ ਜਥੇਦਾਰ ਹਮੀਰ ਸਿੰਘ, ਅਮਲਾ ਸਿੰਘ ਵਾਲਾ ਦੇ ਜਥੇਦਾਰ ਲਖਵੀਰ ਸਿੰਘ ਅਤੇ ਇੰਟਰਨੈਸ਼ਨਲ ਢਾਡੀ ਭਾਈ ਪਰਮਜੀਤ ਸਿੰਘ ਖਾਲਸਾ ਮਹਿਲ ਕਲਾਂ ਵਾਲੇ ਵੱਲੋਂ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸੰਗਤਾਂ ਨਾਲ ਵਿਚਾਰ ਚਰਚਾ ਕੀਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਢਾਡੀ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਰਹਿਬਰ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਨੂੰ ਸੰਦੇਸ਼ ਦਿੰਦੇ ਹਨ। ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਹਰ ਧਰਮ ਦੇ ਲੋਕਾਂ ਲਈ ਚਾਨਣ ਮੁਨਾਰਾ ਹਨ। ਸਿੱਖ ਕੌਮ ਜਿਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਚ ਅੱਗੇ ਵਧ ਰਹੀ ਹੈ ਉਥੇ ਗੁਰੂਆਂ ਦੀ ਪ੍ਰੇਰਨਾ ਸਦਕਾ ਮਨੁੱਖਤਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਏਜੰਸੀਆਂ ਦੀ ਗਿਣੀ ਮਿਥੀ ਸਾਜ਼ਿਸ਼ ਦਾ ਨਤੀਜਾ ਹਨ, ਇਸ ਲਈ ਸਮੁੱਚੀ ਸਿੱਖ ਕੌਮ ਨੂੰ ਸੁਚੇਤ ਹੋ ਕੇ ਇਨ੍ਹਾਂ ਏਜੰਸੀਆਂ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੂੰ ਮੌਕੇ ਤੇ ਹੀ ਸਜ਼ਾ ਦਿੱਤੀ ਜਾਵੇ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਲੱਗਿਆਂ ਹਰ ਪਾਪੀ ਦੇ ਹੱਥ ਕੰਬਣ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਪਾਪੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਅਤੇ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਜਾਣ, ਸੁਚੇਤ ਰਹੇ ਕਿ ਇਨ੍ਹਾਂ ਪੰਥ ਦੋਖੀਆਂ ਦੀ ਸ਼ਨਾਖਤ ਕੀਤੀ ਜਾਵੇ। ਅਖੀਰ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਸ਼ਨਾਖਤ ਕਾਰਨ, ਗੋਲੀ ਕਾਂਡ ਦੇ ਸ਼ਹੀਦ ਸਿੰਘਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਅਤੇ ਆਪਣੀਆਂ ਹੋਰ ਕੌਮੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।
Advertisement