* ਵਿਸ਼ਵ ਸਿਹਤ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਡਿਸਪੈਂਸਰੀਆਂ ਲਈ ਦਵਾਈਆਂ ਰਵਾਨਾ
* 33 ਪੇਂਡੂ ਡਿਸਪੈਂਸਰੀਆਂ ’ਚ ਭੇਜੀਆਂ ਜਾ ਰਹੀਆਂ ਹਨ ਦਵਾਈਆਂ
ਸੋਨੀ ਪਨੇਸਰ ਬਰਨਾਲਾ, 7 ਅਪਰੈਲ 2020
ਕਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਸਾਰੀ ਦੁਨੀਆਂ ਜੂਝ ਰਹੀ ਹੈ ਤੇ ਇਸ ਵੇਲੇ ਮਿਆਰੀ ਸਿਹਤ ਸੇਵਾਵਾਂ ਸਭ ਤੋਂ ਵੱਡੀ ਲੋੜ ਹੈ। ਇਸ ਲਈ ਪੇਂਡੂ ਡਿਸਪੈਂਸਰੀਆਂ ਵਿਚ ਦਵਾਈਆਂ ਦੀ ਕੋਈ ਕਮੀ ਨਾ ਆਵੇ, ਇਸ ਵਾਸਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਜ਼ਿਲੇ ਦੀਆਂ 33 ਪੇਂਡੂ ਖੇਤਰ ਦੀਆਂ ਡਿਸਪੈਂਸਰੀਆਂ ਲਈ ਦਵਾਈਆਂ ਭੇਜਣ ਮੌਕੇ ਕੀਤਾ। ਉਨਾਂ ਕਿਹਾ ਕਿ ਜ਼ਿਲੇ ਵਿੱਚ ਸਿਹਤ ਸੇਵਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਦਵਾਈ ਲੈਣ ਲਈ ਸ਼ਹਿਰਾਂ ’ਚ ਨਾ ਆਉਣ ਪਵੇ, ਇਸ ਵਾਸਤੇ ਸਾਰੀਆਂ ਲੋੜੀਂਦੀਆਂ ਦਵਾਈਆਂ ਪੇਂਡੂ ਡਿਸਪੈਂਸਰੀਆਂ ਵਿੱਚ ਭੇਜੀਆਂ ਗਈਆਂ ਹਨ। ਉਨਾਂ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਵੱਲੋਂ ਇਹ ਦਵਾਈਆਂ ਮੁਹੱਈਆ ਕਰਾਈਆਂ ਗਈਆਂ ਹਨ, ਜੋ ਸਾਰੀਆਂ ਡਿਸਪੈਂਸਰੀਆਂ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਵੀ ਹਾਜ਼ਰ ਸਨ।