ਬਿਜਲੀ ਦੀ ਸਮੱਸਿਆ ਨੂੰ ਲੈਕੇ ਕਿਸਾਨਾਂ ਵਲੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੀ ਕੋਠੀ ਦਾ ਘਿਰਾਓ
ਪਰਦੀਪ ਕਸਬਾ , ਨਵਾਂਸ਼ਹਿਰ , 2 ਜੁਲਾਈ 2021
ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਮੋਟਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਅਤੇ ਹੋਰ ਮੰਗਾਂ ਨੂੰ ਲੈਕੇ ਪੁਲਸ ਦੇ ਦੋ ਬੈਰੀਕੇਡ ਤੋੜਕੇ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ।ਘਿਰਾਓ ਦੌਰਾਨ ਵਿਧਾਇਕ ਨੂੰ ਤਿੱਖੀ ਧੁੱਪ ਵਿਚ ਖੜਨ ਲਈ ਮਜਬੂਰ ਕਰਕੇ ਯੂਨੀਅਨ ਦੇ ਆਗੂਆਂ ਨੇ ਤਿੱਖੇ ਸਵਾਲ ਕੀਤੇ।ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਵਾਅਦੇ ਅਨੁਸਾਰ ਖੇਤੀ ਮੋਟਰਾਂ ਨੂੰ 8 ਘੰਟੇ ਲਗਾਤਾਰ ਬਿਜਲੀ ਸਪਲਾਈ ਦੇਣੋਂ ਭੱਜ ਰਹੀ ਹੈ ਜਿਸ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜਬੂਰ ਹਨ।ਕੈਪਟਨ ਸਰਕਾਰ ਨੇ ਬਾਦਲ ਸਰਕਾਰ ਵੇਲੇ ਬਿਜਲੀ ਕੰਪਨੀਆਂ ਨਾਲ ਕੀਤੇ ਅਸਾਵੇਂ ਸਮਝੌਤੇ ਰੱਦ ਕਰਨ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ ਕੀਤਾ ਗਿਆ।
ਉਹਨਾਂ ਨੇ ਖੇਤੀ ਮੋਟਰਾਂ ਨੂੰ 12 ਨਿਰਵਿਘਨ ਬਿਜਲੀ ਦੇਣ, ਘਰਾਂ ਨੂੰ 24 ਘੰਟੇ ਬਿਜਲੀ ਦੇਣ, ਬਠਿੰਡਾ ਅਤੇ ਰੋਪੜ ਥਰਮਲ ਪਲਾਂਟਾਂ ਦੇ ਬੰਦ ਪਏ ਯੂਨਿਟ ਚਾਲੂ ਕਰਨ,ਬਿਜਲੀ ਕੰਪਨੀਆਂ ਨਾਲ ਕੀਤੇ ਅਸਾਵੇਂ ਸਮਝੌਤੇ ਰੱਦ ਕਰਨ,ਬਿਜਲੀ ਕੱਟਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਤੀ ਏਕੜ 10 ਹਜਾਰ ਰੁਪਏ ਮੁਆਵਜ਼ਾ ਦੇਣ, ਪੰਜਾਬ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਉੱਤੇ ਲਾਇਆ ਵੈਟ ਖਤਮ ਕਰਨ ਅਤੇ ਕਿਸਾਨਾਂ ਦੇ ਸਮੁੱਚੇ ਕਰਜੇ ਮੁਆਫ ਕਰਨ ਦੀ ਮੰਗ ਕੀਤੀ।ਆਗੂਆਂ ਨੇ ਕਿਹਾ ਕਿ।ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨੀ ਘੋਲ ਜਿੱਤ ਨਹੀਂ ਹੋ ਜਾਂਦਾ ਉਦੋਂ ਤੱਕ ਸਿਆਸੀ ਪਾਰਟੀਆਂ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।
ਉਕਤ ਮੰਗਾਂ ਵਾਲਾ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਵਿਧਾਇਕ ਨੂੰ ਸੌਂਪਿਆ ਗਿਆ। ਵਿਧਾਇਕ ਦੀ ਕੋਠੀ ਦਾ ਘਿਰਾਓ ਕਰਨ ਵਾਲਿਆਂ ਵਿਚ ਯੂਨੀਅਨ ਦੇ ਜਿਲਾ ਸਕੱਤਰ ਤਰਸੇਮ ਸਿੰਘ ਬੈਂਸ, ਪਰਮਜੀਤ ਸਿੰਘ ਸ਼ਹਾਬਪੁਰ, ਮੱਖਣ ਸਿੰਘ ਭਾਨਮਜਾਰਾ, ਸੁਰਿੰਦਰ ਸਿੰਘ ਮਹਿਰਮਪੁਰ,ਗੁਰਬਖਸ਼ ਕੌਰ ਸੰਘਾ, ਸੁਰਜੀਤ ਕੌਰ ਉਟਾਲ, ਰੁਪਿੰਦਰ ਕੌਰ ਦੁਰਗਾ ਪੁਰ,ਮਨਜੀਤ ਕੌਰ ਅਲਾਚੌਰ, ਬੂਟਾ ਸਿੰਘ ਮਹਿਮੂਦ ਪੁਰ,ਸਾਧੂ ਸਿੰਘ ਚੂਹੜ ਪੁਰ,ਸੋਹਣ ਸਿੰਘ ਅਟਵਾਲ ਅਤੇ ਹੋਰ ਆਗੂ ਵੀ ਸ਼ਾਮਲ ਸਨ।