ਜਲ ਤੋਪਾਂ ਦਾ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਤੇ ਅਧਿਆਪਕ ਸਤਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 5 ਜੁਲਾਈ 2021
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪੱਕੇ ਹੋਣ ਲਈ ਲਗਾਏ ਮੋਹਾਲੀ ਵਿਖੇ ਗਏ ਪੱਕੇ ਧਰਨੇ ਵਿੱਚ ਸਾਰੇ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਵਾਉਣ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਨਿਯਮ ਤਹਿਤ ਤਨਖਾਹਾਂ ਵਿਚ ਵਾਧਾ ਕਰਵਾਉਣ ਦੀ ਮੰਗ ਨੂੰ ਲੈ ਕੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਅਧਿਆਪਕਾਂ ਦੇ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਮੁੱਖ ਮੰਤਰੀ, ਹੁਣ ਇਨ੍ਹਾਂ ਨਾਲ ਕੀਤੇ ਵਾਅਦੇ ਤੋਂ ਭੱਜ ਚੁੱਕਾ ਹੈ। ਕੱਚੇ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਸਿੱਖਿਆ ਪ੍ਰੋਵਾਈਡਰ/ਈ.ਜੀ.ਐਸ/ਐਸ.ਟੀ.ਆਰ/ਏ.ਆਈ.ਈ/ਆਈ.ਈ.ਵੀ. ਅਧਿਆਪਕਾਂ ਨੇ ਆਪਣੀਆਂ ਉਮਰਾਂ ਵਿਦਿਆਰਥੀਆਂ ਦੀ ਸਿੱਖਿਆ ਦੇਣ ਵਿੱਚ ਲਾ ਦਿੱਤੀਆਂ ਹੋਣ ਉਨ੍ਹਾਂ ਨੂੰ ਪੱਕੇ ਕਰਨ ਵਿੱਚ ਸਰਕਾਰ ਬਦਨੀਤੀ ਤੋਂ ਕੰਮ ਲਵੇ ਤਾਂ ਇਨ੍ਹਾਂ ਅਧਿਆਪਕਾਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਰਹਿ ਜਾਂਦਾ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਕੱਚੇ ਅਧਿਆਪਕਾਂ ਦੇ ਹੱਕੀ ਸੰਘਰਸ਼ ਨੂੰ ਜਾਇਜ਼ ਦੱਸਦਿਆਂ ਮੌਕੇ ’ਤੇ 31 ਹਜ਼ਾਰ ਰੁਪਏ ਨਗਦ ਰਾਸ਼ੀ ਦਿੱਤੀ ਅਤੇ ਬੀਤੀ 29 ਜੂਨ ਨੂੰ ਜਲ ਤੋਪਾਂ ਦੇ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਨੂੰ ‘ਗਦਰੀ ਗੁਲਾਬ ਕੌਰ’ ਯਾਦਗਾਰੀ ਚਿੰਨ੍ਹ ਅਤੇ ਅਧਿਆਪਕ ਸਤਿੰਦਰ ਸਿੰਘ ਨੂੰ ‘ਸ਼ਹੀਦ ਭਗਤ ਸਿੰਘ’ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਰਾਜ ਸਿੰਘ, ਮਨਜੀਤ ਲਹਿਰਾ, ਅਸ਼ਵਨੀ ਕੁਮਾਰ ਆਦਿ ਅਧਿਆਪਕ ਆਗੂਆਂ ਨੇ ਕੱਚੇ ਅਧਿਆਪਕਾਂ ਦੇ ਪੱਕੇ ਹੋਣ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਇਸ ਸੰਘਰਸ਼ ਨੂੰ ਹਰ ਪੱਖੋਂ ਸਮਰਥਨ ਕਰਨ ਦਾ ਐਲਾਨ ਕੀਤਾ।
Advertisement