ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਠਹਿਰਾਇਆ ਜ਼ਿੰਮੇਵਾਰ, ਗਿਰਫ਼ਤਾਰੀ ਦੀ ਕੀਤੀ ਮੰਗ
ਪਰਦੀਪ ਕਸਬਾ , ਜਲੰਧਰ 6 ਜੁਲਾਈ 2021
ਸੀਪੀਆਈ (ਐਮ.ਐਲ.) ਨਿਊ ਡੈਮੋਕਰੇਸੀ ਅਤੇ ਪੰਜਾਬ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ ਮਨੁੱਖੀ ਹੱਕਾਂ ਦੇ ਘੁਲਾਟੀਏ ਅਤੇ ਜਲ ਜੰਗਲ ਜਮੀਨ ਦੀ ਰਾਖੀ ਦੇ ਮੁੱਦੇ ਉੱਤੇ ਆਦਿਵਾਸੀਆਂ ਦੇ ਹੱਕ ਵਿਚ ਖੜਨ ਵਾਲੇ ਜਮਹੂਰੀ ਹੱਕਾਂ ਦੇ ਮੁਦੱਈ ਅਤੇ ਫਾਦਰ ਸਟੇਨ ਸਵਾਮੀ ਦੀ ਮੌਤ ਲਈ ਮੋਦੀ ਸਰਕਾਰ ਨੂੰ ਜਿੰਮੇਵਾਰ ਗਰਦਾਨਦਿਆਂ ਜਲੰਧਰ ਸ਼ਹਿਰ ਵਿਚ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ।ਇਸ ਮੌਕੇ ਸਟੇਨ ਸੁਆਮੀ ਦੇ ਸਿਆਸੀ ਕਤਲ ਲਈ ਜ਼ਿੰਮੇਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਕੇ ਉਸਨੂੰ ਗਿਰਫ਼ਤਾਰ ਕਰਨ ਅਤੇ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀ ਕਾਰਕੁੰਨ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਪਹਿਲਾਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਰੈਲੀ ਕੀਤੀ ਗਈ।
ਇਸ ਮੌਕੇ ਸੀ.ਪੀ.ਆਈ.(ਐੱਮ.-ਐੱਲ.)ਨਿਊ ਡੈਮੋਕਰੇਸੀ ਦੇ ਸੀਨੀਅਰ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਪਿਛਲੇ ਸਾਲ ਐਨ.ਆਈ.ਏ. ਵੱਲੋਂ ਗ੍ਰਿਫ਼ਤਾਰ ਕੀਤੇ ਗਏ 84 ਸਾਲ ਦੇ ਫਾਦਰ ਸਟੇਨ ਸਵਾਮੀ ਭੀਮਾ ਕੋਰੇਗਾਂਓ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸਨ।ਪਾਰਕਿਨਸਨ ਬੀਮਾਰੀ ਤੋਂ ਪੀੜਤ ਫਾਦਰ ਦੇ ਵਕੀਲਾਂ ਨੇ ਕਈ ਵਾਰ ਜਮਾਨਤ ਦੀ ਮੰਗ ਕੀਤੀ ਸੀ ਪਰ ਜਮਾਨਤ ਤਾਂ ਦੂਰ ਉਹਨਾਂ ਵੱਲੋਂ ਜੇਲ੍ਹ ਵਿੱਚ ਸਟ੍ਰਾ ਅਤੇ ਸਿਪਰ ਦੀ ਕੀਤੀ ਮੰਗ ਨੂੰ ਵੀ ਜੇਲ੍ਹ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ।
ਸਟੇਨ ਸਵਾਮੀ ਦੀ ਮੌਤ ਦਾ ਮੁੱਖ ਕਾਰਨ ਉਹਨਾਂ ਨੂੰ ਸਮੇਂ ਸਿਰ ਇਲਾਜ ਨਾ ਮਿਲਣਾ ਹੈ ।ਉਹਨਾਂ ਕਿਹਾ ਕਿ ਸਟੇਨ ਸਵਾਮੀ ਦੀ ਮੌਤ ਦੇ ਲਈ ਮੋਦੀ ਸਰਕਾਰ ,ਵਿਸ਼ੇਸ਼ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਿੱਧੇ ਤੌਰ ਉੱਤੇ ਜਿੰਮੇਵਾਰ ਹਨ। ਅਮਿਤ ਸ਼ਾਹ ਤੇ ਸਟੇਨ ਸਵਾਮੀ ਦੇ ਕਤਲ ਦਾ ਮੁਕੱਦਮਾ ਦਰਜ ਕਰਕੇ ਗਿਰਫ਼ਤਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੁੱਝ ਅਮੀਰ ਕਾਰਪੋਰੇਟ ਘਰਾਣਿਆਂ ਨੂੰ ਮੁਨਾਫਾ ਪਹੁੰਚਾਉਣ ਲਈ ਦੇਸ਼ ਦਾ ਜਲ ਜੰਗਲ ਜ਼ਮੀਨ ਸਭ ਕੁਝ ਵੇਚਣ ਦੇ ਰਾਹ ਤੁਰੀ ਹੋਈ ਹੈ। ਜੋ ਵੀ ਲੋਕ ਇਸਦਾ ਵਿਰੋਧ ਕਰਦੇ ਹਨ, ਉਹਨਾਂ ਨੂੰ ਝੂਠੇ ਕੇਸਾਂ ਚ ਫਸਾ ਕੇ ਜੇਲ੍ਹੀਂ ਬੰਦ ਕੀਤਾ ਜਾ ਰਿਹਾ ਹੈ। ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਬੁੱਧੀਜੀਵੀ, ਲੇਖਕਾਂ, ਜਮਹੂਰੀ ਕਾਰਕੁਨਾਂ ਨੂੰ ਝੂਠੇ ਦੇਸ਼ ਧ੍ਰੋਹ ਅਤੇ ਯੂਏਪੀਏ ਵਰਗੇ ਪਰਚੇ ਦਰਜ ਕਰਕੇ ਜੇਲੀਂ ਡੱਕਿਆਂ ਜਾ ਰਿਹਾ ਹੈ। ਸਾਰੇ ਲੋਕ ਕਾਰਕੁੰਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਭੋਗਲ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੀਨੀਅਰ ਮੈਂਬਰ ਭੈਣ ਜੀ ਸੁਰਿੰਦਰ ਕੁਮਾਰੀ ਕੋਛੜ ਅਤੇ ਤਰਕਸ਼ੀਲ ਸੁਸਾਇਟੀ ਦੇ ਆਗੂ ਵਿਜੈ ਰਾਹੀਂ ਆਦਿ ਨੇ ਵੀ ਸੰਬੋਧਨ ਕੀਤਾ।