ਡੀ.ਡੀ.ਪੀ.ਓ. ਤੇ ਬੀ.ਡੀ.ਪੀ.ਓਜ ਨੂੰ ਦਿੱਤੇ ਨਿਰਦੇਸ਼, ਪੰਚਾਂ/ਸਰਪੰਚਾਂ ਰਾਹੀਂ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ
ਦਵਿੰਦਰ ਡੀਕੇ, ਲੁਧਿਆਣਾ, 07 ਜੁਲਾਈ 2021
10 ਜੁਲਾਈ ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਵਿੱਚ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਲੁਧਿਆਣਾ ਅਤੇ ਜਿਲ੍ਹੇ ਅਧੀਨ ਪੈਂਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਹਾ਼ਜਰ ਡੀ.ਡੀ.ਪੀ.ਓ. ਅਤੇ ਬੀ.ਡੀ.ਪੀ.ਓਜ਼ ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਣਕਾਰੀ ਪਿੰਡਾਂ ਦੇ ਪੰਚਾਂ/ਸਰਪੰਚਾਂ ਅਤੇ ਹੋਰ ਵਿਅਕਤੀਆਂ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਆਖਿਆ ਗਿਆ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ਰਾਹੀਂ ਕਰਵਾ ਕੇ ਲਾਭ ਉਠਾ ਸਕਣ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਤ ਕੇਸਾਂ ਦੇ ਨਾਲ-ਨਾਲ ਪ੍ਰੀ-ਲਿਟੀਗੇਟਿਵ ਮਾਮਲੇ (ਜਿਹੜੇ ਅਜੇ ਤੱਕ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇਗਾ। ਇਸ ਮੌਕੇ ਸਕੱਤਰ ਵੱਲੋਂ ਦੱਸਿਆ ਗਿਅ ਕਿ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਵਾੳਣ ਲਈ ਟੋਲ ਫਰੀ ਨੰਬਰ 1968 ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫਤਰ ਦੇ ਟੈਲੀਫੋਨ ਨੰ: 0161-2400051 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ । ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ ।