–ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ : ਪਰਨੀਤ ਕੌਰ
–ਪਰਨੀਤ ਕੌਰ ਵੱਲੋਂ ਕੋਵਿਡ-19 ਦੀ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ
ਬਲਵਿੰਦਰਪਾਲ , ਪਟਿਆਲਾ, 12 ਜੁਲਾਈ:2021
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਦੀ ਹਦਾਇਤ ਕਰਦਿਆ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਿਥੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਉਥੇ ਹੀ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ। ਲੋਕ ਸਭਾ ਮੈਂਬਰ ਅੱਜ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਕਰਵਾਈ ਗਈ ਆਨ ਲਾਈਨ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਨ ਲਾਈਨ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਐਮ.ਐਲ.ਏ. ਰਾਜਪੁਰਾ ਹਰਦਿਆਲ ਸਿੰਘ ਕੰਬੋਜ ਤੇ ਐਮ.ਐਲ.ਏ. ਘਨੌਰ ਸ. ਮਦਨ ਲਾਲ ਜਲਾਲਪੁਰ ਵੀ ਮੌਜੂਦ ਸਨ।
ਸ੍ਰੀਮਤੀ ਪਰਨੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਤਹਿਤ ਸਾਲ 2020-21 ਲਈ ਜਾਰੀ ਹੋਈ ਰਾਸ਼ੀ ਨਾਲ ਪਿੰਡਾਂ ਦੇ ਨਰੇਗਾ ਕਾਮਿਆਂ ਨੂੰ 100 ਦਿਨਾਂ ਦਾ ਸ਼ਰਤੀਆਂ ਰੋਜ਼ਗਾਰ ਪ੍ਰਦਾਨ ਕਰਨ ਦੇ ਟੀਚੇ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਦੌਰਾਨ ਏ.ਡੀ.ਸੀ. ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਹੁਣ ਤੱਕ 38306 ਨਰੇਗਾ ਵਰਕਰਾਂ ਨੂੰ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ ਅਤੇ 8.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਵੀ ਕੀਤੀ ਜਾ ਚੁੱਕੀ ਹੈ।
ਲੋਕ ਸਭਾ ਮੈਂਬਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਤਹਿਤ 1145 ਲਾਭਪਾਤਰੀਆਂ ਨੂੰ 1159.33 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਜਦੋਂਕਿ ਸਵੱਛ ਭਾਰਤ ਮਿਸ਼ਨ ਸ਼ਹਿਰੀ ਤਹਿਤ 1624 ਲਾਭਪਾਤਰੀਆਂ ਨੂੰ ਪਖਾਨੇ ਬਣਵਾ ਕੇ ਦਿਤੇ ਗਏ ਹਨ। ਮੀਟਿੰਗ ਦੌਰਾਨ ਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸੁਗੰਮਿਆ ਭਾਰਤ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਬੇਟੀ ਪੜ੍ਹਾਓ-ਬੇਟੀ ਬਚਾਓ, ਆਈ.ਸੀ.ਡੀ.ਐਸ, ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਸਮੇਤ ਹੋਰ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਸ੍ਰੀਮਤੀ ਪਰਨੀਤ ਕੌਰ ਨੇ ਕੋਵਿਡ-19 ਦੀ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ ਲਗਾਏ ਗਏ ਅੱਠ ਆਕਸੀਜਨ ਪਲਾਟਾਂ ਸਮੇਤ ਬੱਚਿਆਂ ਨੂੰ ਇਸ ਵਾਇਰਸ ਤੋਂ ਬਚਾਉਣ ਲਈ ਬਣਾਈ ਗਈ ਟਾਸਕ ਫੋਰਸ ਤੇ ਬੱਚਿਆਂ ਲਈ 120 ਬੈਂਡਾਂ ਲਈ ਕੀਤੇ ਗਏ ਕੰਮ ਦੀ ਸਤੁੰਸ਼ਟੀ ਪ੍ਰਗਟਾਉਂਦਿਆ ਕਿਹਾ ਕਿ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਉਕਤ ਤੋਂ ਇਲਾਵਾ ਜੋ ਲੋਂੜੀਦੇ ਪ੍ਰਬੰਧ ਹਨ ਉਹ ਮੁਕੰਮਲ ਕੀਤੇ ਜਾਣ ਤਾਂ ਜੋ ਇਸ ਮਹਾਂਮਾਰੀ ਨੂੰ ਕਾਬੂ ਕੀਤਾ ਜਾ ਸਕੇ।
ਮੀਟਿੰਗ ‘ਚ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਪਿੰਡਾਂ ਦੇ ਲੋਕਾਂ ਲਈ ਚਲਾਈਆਂ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪੁੱਜਦਾ ਕਰਨ ‘ਤੇ ਜ਼ੋਰ ਦਿੰਦਿਆ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਤੌਰ ‘ਤੇ ਵਿਭਾਗ ਜਾਗਰੂਕਤਾ ਮੁਹਿੰਮ ਚਲਾਉਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਹੋ ਸਕੇ ਤੇ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।
ਮੀਟਿੰਗ ‘ਚ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਲੋਕ ਸਭਾ ਮੈਂਬਰ ਨੂੰ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਭਾਰਤ ਸਰਕਾਰ ਤੇ ਸੂਬਾ ਸਰਕਾਰ ਦੇ ਪ੍ਰੋਗਰਾਮਾਂ ਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਜਦੋਂਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਧੰਨਵਾਦ ਕੀਤਾ। ਇਸ ਆਨਲਾਈਨ ਮੀਟਿੰਗ ‘ਚ ਰਾਜਪੁਰਾ ਹਲਕੇ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਸਮੇਤ ਪੰਚਾਇਤ ਸੰਮਤੀਆਂ ਦੇ ਚੇਅਰਮੈਨਾਂ ਤੋਂ ਇਲਾਵਾ ਹੋਰ ਅਧਿਕਾਰੀਆ ਨੇ ਵੀ ਹਿੱਸਾ ਲਿਆ।