ਜ਼ਿਲਾ ਪੱਧਰੀ ਫਲੱਡ ਕੰਟਰੋਲ ਰੂਮ (01679-233031) ਸਥਾਪਿਤ , ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਭਾਗਾਂ ਨੂੰ ਪੁਖਤਾ ਪ੍ਰਬੰਧਾਂ ਲਈ ਹਦਾਇਤਾਂ ਜਾਰੀ
ਪਰਦੀਪ ਕਸਬਾ, ਬਰਨਾਲਾ, 17 ਜੁਲਾਈ 2021
ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਮੌਨਸੂਨ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਗਾਮੀ ਦਿਨਾਂ ਵਿੱਚ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲਾ ਪੱਧਰ ’ਤੇ ਜ਼ਿਲਾ ਰੈਡ ਕ੍ਰਾਸ ਸੁਸਾਇਟੀ ਬਰਨਾਲਾ ਦੀ ਇਮਾਰਤ ਵਿਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01679-233031 ਹੈ। ਉਨਾਂ ਆਖਿਆ ਕਿ ਮੀਂਹਾਂ ਦੌਰਾਨ ਕੋਈ ਵੀ ਮੁਸ਼ਕਲ ਪੇਸ਼ ਆਉਣ ’ਤੇ ਇਸ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਤਹਿਸੀਲ ਪੱਧਰ ਅਤੇ ਸਿਹਤ ਵਿਭਾਗ, ਵੈਟਰਨਰੀ ਵਿਭਾਗ, ਪੁਲੀਸ, ਡੇਰੇਨੇਜ ਤੇ ਨਹਿਰੀ ਵਿਭਾਗ ਨੂੰ ਵੀ ਕੰਟਰੋਲ ਰੂਮ ਸਥਾਪਿਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਚਾਇਤੀ ਵਿਭਾਗ ਨੂੰ ਲੋੜੀਂਦੇ ਪ੍ਰਬੰਧਾਂ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪਾਣੀ ਦੀ ਢੁਕਵੀਂ ਨਿਕਾਸੀ, ਪੀਣ ਵਾਲੇ ਪਾਣੀ ਦੇ ਟੈਂਕਰਾਂ ਦੇ ਪ੍ਰਬੰਧ, ਮੈਨਹੋਲ ਬੰਦ ਕਰਨ ਸਮੇਤ ਹੋਰ ਪ੍ਰਬੰਧ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਬਰਸਾਤੀ ਪਾਣੀ ਕਰਕੇ ਹੁੰਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਨੂੰ ਮੈਡੀਕਲ ਸਹੂਲਤਾਂ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੀ ਖੁਰਾਕ ਤੇ ਡਾਕਟਰੀ ਸਹੂਲਤਾਂ, ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨੂੰੰ ਖਾਣ ਪੀਣ ਦੀਆਂ ਵਸਤਾਂ ਦੇ ਭੰਡਾਰ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨੂੰ ਟੈਲੀਫੋਨ ਸੇਵਾਵਾਂ ਚਾਲੂ ਰੱਖਣ, ਫਾਇਰ ਬਿ੍ਰਗੇਡ ਦੇ ਪ੍ਰਬੰਧ ਸਮੇਤ ਹੋਰ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਲਈ ਪਾਬੰਦ ਕੀਤਾ ਗਿਆ ਹੈ ਤਾਂ ਜੋ ਬਰਸਾਤੀ ਮੌਸਮ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।