ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਆਪਣੀਆਂ ਮੰਗਾਂ ਸਬੰਧੀ ਗੁਰਦੀਪ ਸਿੰਘ ਢਿੱਲੋਂ ਰਾਹੀਂ ਕੈਬਨਿਟ ਮੰਤਰੀ ਨੂੰ ਸੌਂਪਿਆ ਮੰਗ ਪੱਤਰ
ਬੀ ਟੀ ਐਨ , ਫਿਰੋਜ਼ਪੁਰ 18 ਜੁਲਾਈ 2021
ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਰਾਜਨੀਤਿਕ ਸਲਾਹਕਾਰ ਗੁਰਦੀਪ ਸਿੰਘ ਢਿੱਲੋਂ ਦੇ ਰਾਹੀਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸੌਂਪਿਆ। ਇਸ ਦੌਰਾਨ ਸਾਂਝਾ ਫਰੰਟ ਦੇ ਮੈਂਬਰਾਂ ਨੇ ਮੰਗ ਪੱਤਰ ਸੌਂਪਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਇਹ ਮੰਗ ਪੱਤਰ ਗੁਰਦੀਪ ਸਿੰਘ ਢਿੱਲੋਂ ਰਾਜਨੀਤਿਕ ਸਲਾਹਕਾਰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸੌਂਪਿਆ ਹੈ ਤਾਂ ਕਿ ਸਰਕਾਰ ਉਨ੍ਹਾਂ ਦੀ ਮੰਗਾਂ ਤੇ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਸਾਂਝਾ ਫਰੰਟ ਦੀ ਮੰਗ ਹੈ ਕਿ ਛੇਵੇਂ ਤਨਖਾਹ ਕਮਿਸ਼ਨ ਸਬੰਧੀ ਪੰਜਾਬ ਦੇ ਮੁਲਾਜ਼ਮ/ਪੈਨਸ਼ਨਰਜ਼ ਦੀ ਤਨਖਾਹ/ਪੈਨਸ਼ਨ ਦੁਹਰਾਈ ਲਈ ਕਮਿਸ਼ਨ ਵੱਲੋਂ ਜੋ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਗਈ ਹੈ, ਉਸ ਨੂੰ ਸਮੁੱਚੇ ਰੂਪ ਵਿੱਚ ਜਨਤਕ ਕੀਤਾ ਜਾਵੇ ਅਤੇ ਇਸ ਦੀ ਕਾਪੀ ਸਾਂਝਾ ਫਰੰਟ ਨੂੰ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਸਬੰਧੀ ਸਮੇਤ ਹੋਰ ਵੀ ਮੰਗਾਂ ਇਸ ਮੰਗ ਪੱਤਰ ਵਿੱਚ ਦਰਸਾਈਆਂ ਗਈਆਂ ਹਨ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਚਾਹੀਦਾ ਹੈ ਅਤੇ ਇਸ ਮਹਿੰਗਾਈ ਦੇ ਦੌਰ ਵਿੱਚ ਉਨ੍ਹਾਂ ਦੀਆਂ ਜੋ ਤਨਖਾਹਾਂ ਹੁੰਦੀਆਂ ਹਨ ਉਨ੍ਹਾਂ ਨਾਲ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਔਖਾ ਹੁੰਦਾ ਹੈ ਇਸ ਲਈ ਇਨ੍ਹਾਂ ਨੂੰ ਪੱਕਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕੰਮ ਕਰਦੇ ਮਿੱਡ ਡੇ ਮੀਲ ਵਰਕਰ, ਆਸ਼ਾ ਵਰਕਰ, ਆਂਗਣਵਾੜੀ ਵਰਕਰਾਂ ਆਦਿ ਨੂੰ ਇਸ ਮਹਿੰਗਾਈ ਦੇ ਯੁੱਗ ਵਿੱਚ ਮਿਲਣ ਵਾਲੇ ਪੈਸਿਆਂ ਨਾਲ ਉਨ੍ਹਾਂ ਦੇ ਪਰਿਵਾਰ ਦੀ ਰੋਜ਼ੀ ਰੋਟੀ ਚਲਾਉਣੀ ਬਹੁਤ ਔਖੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਦੁਬਾਰਾ ਬਹਾਲ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਸਾਂਝਾ ਫਰੰਟ ਯੂਨੀਅਨ ਦੇ ਸਮੂਹ ਮੈਂਬਰ ਸਾਹਿਬਾਨ ਹਾਜ਼ਰ ਸਨ।