ਸਾਲ 2017 ਤੋਂ ਵੱਧ ਸੀਟਾਂ ਲੈ ਕੇ ਜਿੱਤਾਂਗੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ: ਨਾਗਰਾ
ਬੀ ਟੀ ਐਨ, ਫ਼ਤਹਿਗੜ੍ਹ ਸਾਹਿਬ, 19 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਇੱਥੇ ਪੁੱਜੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਇਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਅ ਸਕਣ ਦੀ ਅਰਦਾਸ ਕੀਤੀ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਨਾਗਰਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਸ਼੍ਰੀਮਤੀ ਸੋਨੀਆ ਗਾਂਧੀ, ਸ਼੍ਰੀ ਰਾਹੁਲ ਗਾਂਧੀ ਤੇ ਸ਼੍ਰੀਮਤੀ ਪ੍ਰਿਅੰਕਾ ਗਾਂਧੀ ਨੇ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਜੜ੍ਹਾਂ ਭਾਵ ਹੇਠਲੇ ਪੱਧਰ ਉਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਤਰਜੀਹ ਰਹੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸ. ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪਿਆ ਹੈ, ਜਿਸ ਸਦਕਾ ਪੂਰੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਕਾਂਗਰਸ ਪਾਰਟੀ ਸਾਲ 2022 ਦੀਆਂ ਚੋਣਾਂ ਸਾਲ 2017 ਨਾਲੋਂ ਕਿਤੇ ਵੱਧ ਸੀਟਾਂ ਹਾਸਲ ਕਰ ਕੇ ਜਿੱਤੇਗੀ ਹੀ ਨਹੀਂ, ਸਗੋਂ ਇਤਿਹਾਸ ਬਣਾਏਗੀ।
ਸ. ਨਾਗਰਾ ਨੇ ਕਿਹਾ ਕਿ ਉਹ ਇੱਕ ਗੈਰਸਿਆਸੀ ਆਮ ਪਰਿਵਾਰ ਦੇ ਪੁੱਤਰ ਹਨ ਤੇ ਅੱਜ ਉਨ੍ਹਾਂ ਨੂੰ ਜਿਹੜੀਆਂ ਵੀ ਜ਼ਿੰਮੇਵਾਰੀਆਂ ਮਿਲੀਆਂ ਹਨ, ਉਹ ਲੋਕਾਂ ਵੱਲੋਂ ਬਖ਼ਸ਼ੇ ਪਿਆਰ ਸਦਕਾ ਮਿਲਿਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਸਥਾਵਾਂ ਜਾਂ ਪਾਰਟੀ ਸਬੰਧੀ ਕੰਮ ਕਰਨਾ ਦਾ ਤਜਰਬਾ ਕਾਫੀ ਲੰਮਾ ਹੈ, ਜਿਨ੍ਹਾਂ ਵਿੱਚ ਕਾਲਜ, ਯੂਨੀਵਰਸਿਟੀ ਪ੍ਰਧਾਨ ਤੋਂ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਤਿੰਨ ਸੂਬਿਆਂ ਦੇ ਇੰਚਾਰਜ ਵਜੋਂ ਕੰਮ ਕਰਨਾ, ਆਦਿ ਸ਼ਾਮਲ ਹੈ।
ਸ. ਨਾਗਰਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਤੇ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਤੇ ਸੂਬੇ ਦੀ ਤਰੱਕੀ ਵਿੱਚ ਉਹ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਸਮੂਹ ਅਹੁਦੇਦਾਰ, ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ, ਮਾਰਕਿਟ ਕਮੇਟੀਆਂ ਦੇ ਮੈਂਬਰ ਤੇ ਅਹੁਦੇਦਾਰ, ਨਗਰ ਕੌਂਸਲ ਦੇ ਅਹੁਦੇਦਾਰ ਤੇ ਕੌਂਸਲਰ, ਪਿੰਡਾਂ ਦੇ ਪੰਚਾਂ ਸਰਪੰਚਾਂ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।