ਡਿਪਟੀ ਕਮਿਸ਼ਨਰ ਨੇ ਸਹਿਰੀ ਅਤੇ ਪੇਂਡੂ ਖੇਤਰ ਵਿੱਚ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬੀਟੀਐਨ, ਫਤਹਿਗੜ੍ਹ ਸਾਹਿਬ, 27 ਜੁਲਾਈ 2021
ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ 15ਵੇਂ ਵਿੱਤ ਕਮਿਸ਼ਨ ਤਹਿਤ ਫੰਡ ਮੁਹੱਈਆ ਕਰਵਾਉਣ ਲਈ ਜਿਲ੍ਹੇ ਵਿੱਚ ਲੋੜੀਦੀਆਂ ਸਹੂਲਤਾਂ ਬਾਰੇ ਤਜਵੀਜਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਜਿਲ੍ਹੇ ਵਿੱਚ ਚੱਲ ਰਹੇ ਪ੍ਰਾਇਮਰੀ ਹੈਲਥ ਸੈਂਟਰ ਅਤੇ ਸਬ-ਸੈਂਟਰਾਂ ਵਿੱਚ ਬਿਲਡਿੰਗਾਂ ਦੇ ਸੁਧਾਰ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਗੀਆਂ ਗਈਆਂ ਤਜਵੀਜਾਂ ਨਿਰਧਾਰਤ ਪ੍ਰੋਫਾਰਮੇ ਵਿੱਚ ਭਰਕੇ ਤੁਰੰਤ ਭੇਜੀਆਂ ਜਾਣ।
ਡਿਪਟੀ ਕਮਿਸਨਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਪਿੰਡਾਂ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਵਿੱਚ ਡਿਸਪੈਂਸਰੀਆਂ ਤੇ ਹੋਰ ਸਿਹਤ ਸੰਸਥਾਵਾਂ ਦੀ ਉਸਾਰੀ ਲਈ ਜਮੀਨ ਦੇਣ ਲਈ ਸਿਹਮਤ ਹਨ ਉਨ੍ਹਾਂ ਨਾਲ ਤਾਲਮੇਲ ਕਰਕੇ ਪੰਚਾਇਤਾਂ ਦੇ ਮਤੇ ਪਵਾਏ ਜਾਣ ਤਾਂ ਜੋ ਅਗਲੀ ਕਾਰਵਾਈ ਕਰਕੇ ਸਰਕਾਰ ਵੱਲੋਂ ਫੰਡਾਂ ਦੀ ਮੰਗ ਕੀਤੀ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ ਮਹਿੰਦਰ ਸਿੰਘ, ਸਹਾਇਕ ਸਿਵਲ ਸਰਜਨ ਸਵਪਨਦੀਪ ਕੋਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਜਗਦੀਸ ਸਿੰਘ, ਸਮੂਹ ਕਾਰਜਸਾਧਕ ਅਫਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।