ਹੁਣ ਪੇਂਡੂ ਮਜ਼ਦੂਰ ਕੈਪਟਨ ਦੇ ਸ਼ਹਿਰ ਵਿੱਚ ਲਾਉਣਗੇ ਡੇਰੇ

Advertisement
Spread information

ਦਸ ਹਜ਼ਾਰ ਮਜ਼ਦੂਰ ਲਾਉਣਗੇ ਪਟਿਆਲਾ ਚ ਤਿੰਨ ਰੋਜ਼ਾ ਮੋਰਚਾ ਤੇ ਮੋਤੀ ਮਹਿਲ ਵੱਲ ਕਰਨਗੇ ਮਾਰਚ

ਅਸ਼ੋਕ ਵਰਮਾ , ਬਠਿੰਡਾ , 30 ਜੁਲਾਈ 2021

       ਪੇਂਡੂ ਤੇ ਖੇਤ ਮਜ਼ਦੂਰਾਂ ਦੀਆਂ 7 ਜਥੇਬੰਦੀਆਂ ਤੇ ਅਧਾਰਿਤ ਸਾਂਝੇ ਮਜ਼ਦੂਰ ਮੋਰਚੇ ਦੇ ਸੂਬਾਈ ਆਗੂਆਂ ਨੇ ਐਲਾਨ ਕੀਤਾ ਕਿ ਮਜ਼ਦੂਰਾਂ ਦੀਆਂ ਭਖ਼ਦੀਆਂ ਤੇ ਅਹਿਮ ਮੰਗਾਂ ਨੂੰ ਲੈਕੇ 9ਤੋ 11 ਅਗਸਤ ਤੱਕ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਲਾਏ ਜਾ ਰਹੇ ਮੋਰਚੇ ਤੇ ਮੋਤੀ ਮਹਿਲ ਵੱਲ ਕੀਤੇ ਜਾਣ ਵਾਲੇ ਮਾਰਚ ਵਿੱਚ 10 ਹਜ਼ਾਰ ਦੇ ਕਰੀਬ ਮਜ਼ਦੂਰ ਮਰਦ ਔਰਤਾਂ ਸ਼ਾਮਲ ਹੋਣਗੇ।

Advertisement

ਇਹ ਦਾਅਵਾ ਅੱਜ ਟੀਚਰ ਹੋਮ ਬਠਿੰਡਾ ਵਿਖੇ ਮਜ਼ਦੂਰ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤਾ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ,ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਕਸ਼ਮੀਰ ਸਿੰਘ ਘੁੱਗਸੋ਼ਰ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਮਜ਼ਦੂਰਾਂ ਦੇ ਕਰਜ਼ੇ ਤੇ ਬਿਜਲੀ ਬਿੱਲ ਮੁਆਫ ਕਰਨ ਸਮੇਤ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰਾਂ ਅੰਦਰ ਕੈਪਟਨ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਦਸ ਹਜ਼ਾਰ ਦੀ ਗਿਣਤੀ ਚ ਪਟਿਆਲਾ ਮੋਰਚੇ ਚ ਪੁੱਜਣਗੇ। ਉਹਨਾਂ ਖੇਤੀ ਕਾਨੂੰਨਾਂ ਤੇ ਕਿਰਤ ਕਾਨੂੰਨਾਂ ਚ ਕੀਤੀਆਂ ਸੋਧਾਂ ਬਾਰੇ ਚਰਚਾ ਕਰਦਿਆਂ ਕਿਹਾ ਇਹ ਕਾਨੂੰਨ ਮਜ਼ਦੂਰਾਂ ਦੀ ਕਿਰਤ ਸ਼ਕਤੀ ਹੋਰ ਵਧੇਰੇ ਨਿਚੋੜਨ , ਮਜ਼ਦੂਰਾਂ ਦੇ ਰੁਜ਼ਗਾਰ ਦਾ ਹੋਰ ਵਧੇਰੇ ਘਾਣ ਕਰਨ ਤੇ ਭੁੱਖਮਰੀ ਦੇ ਮੂੰਹ ਧੱਕਣ ਦਾ ਸਾਧਨ ਬਣਨਗੇ।ਇਸ ਲਈ ਇਹਨਾਂ ਕਾਨੂੰਨਾਂ ਤੇ ਸੋਧਾਂ ਦੀ ਵਾਪਸੀ ਦੀ ਮੰਗ ਵੀ ਮਜ਼ਦੂਰ ਵਰਗ ਲਈ ਕਰਜ਼ਾ ਮੁਆਫ਼ੀ , ਰੁਜ਼ਗਾਰ ਪ੍ਰਾਪਤੀ ਤੇ ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਵਰਗੀਆਂ ਮੰਗਾਂ ਵਾਂਗ ਹੀ ਵੱਡੀ ਅਹਿਮੀਅਤ ਰੱਖਦੀ ਹੈ।

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਬਲੀ ਅਟਵਾਲ , ਪੰਜਾਬ ਖੇਤ ਮਜ਼ਦੂਰ ਸਭਾ ਦੀ ਆਗੂ ਦੇਵੀ ਕੁਮਾਰੀ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸੁਖਪਾਲ ਸਿੰਘ ਵਾਲਾ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਮਾਈਕਰੋਫਾਈਨਾਸ ਕੰਪਨੀਆਂ ਸਮੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ ਦੇ ਸਰਕਾਰੀ ਤੇ ਗੈਰ ਸਰਕਾਰੀ ਸਮੁੱਚੇ ਕਰਜ਼ੇ ਅਤੇ ਬਿਜਲੀ ਬਿੱਲ ਮੁਆਫ ਕਰਨ, ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਦਲਿਤ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ‘ਤੇ ਦੇਣ, ਤਿੱਖੇ ਜਮੀਨੀ ਸੁਧਾਰ ਲਾਗੂ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਬੇਜ਼ਮੀਨਿਆਂ ਤੇ ਥੁੜ ਜਮੀਨਿਆਂ ‘ਚ ਕਰਾਉਣ ਆਦਿ ਮੰਗਾਂ ਨੂੰ ਲੈਕੇ ਮਜ਼ਦੂਰ ਵਰਗ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ, ਜ਼ੋਰਾ ਸਿੰਘ ਨਸਰਾਲੀ , ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਲਜ਼ਾਰ ਗੌਰੀਆ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਮੱਖਣ ਸਿੰਘ ਰਾਮਗੜ੍ਹ ਨੇ ਦਲਿਤਾਂ ‘ਤੇ ਹੋ ਰਹੇ ਜ਼ਬਰ ਦਾ ਮੁੱਦਾ ਉਭਾਰਦਿਆਂ ਕਿਹਾ ਕਿ ਪਟਿਆਲਾ ਮੋਰਚੇ ਵਿੱਚ ਮਜ਼ਦੂਰਾਂ ਉਤੇ ਜ਼ਬਰ ਬੰਦ ਕਰਨ ਅਤੇ ਸਾਲ ਭਰਦੇ ਰੁਜ਼ਗਾਰ ਦੀ ਗਰੰਟੀ ਦੀਆਂ ਮੰਗਾਂ ਵੀ ਪ੍ਰਮੁੱਖਤਾ ਨਾਲ ਉਠਾਈਆਂ ਜਾਣਗੀਆਂ।

ਇਸ ਮੌਕੇ ਮੌਜੂਦ ਮਜਦੂਰ ਆਗੂ ਹਰਮੇਸ਼ ਮਾਲੜੀ , ਬਲਵੰਤ ਸਿੰਘ ਮਖੂ ਤੇ ਮੱਖਣ ਸਿੰਘ ਰਾਮਗੜ੍ਹ ਨੇ 27 ਤੋਂ 29 ਜੁਲਾਈ ਤੱਕ ਕਾਂਗਰਸੀ ਵਿਧਾਇਕਾਂ ਦੇ ਘਰਾਂ ਵੱਲ ਮਾਰਚ ਕਰਨ ਸਮੇਂ ਵਿਸ਼ਾਲ ਗਿਣਤੀ ‘ਚ ਮਜ਼ਦੂਰਾਂ ਦੀ ਸ਼ਮੂਲੀਅਤ ਉਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਬੀਤੇ ਕੱਲ੍ਹ ਵਿਧਾਇਕ ਰਾਜਾ ਵੜਿੰਗ ਤੇ ਗੁਰਪ੍ਰੀਤ ਸਿੰਘ ਕਾਂਗੜ ਦੁਆਰਾ ਮਜ਼ਦੂਰਾਂ ਨੂੰ ਰੋਕਣ ਲਈ ਭਾਰੀ ਪੁਲਿਸ ਨਫ਼ਰੀ ਝੋਕਕੇ ਰੋਕਣ ਵਾਲੇ ਕਦਮ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਕਾਰਵਾਈ ਨੇ ਕਾਂਗਰਸੀ ਆਗੂਆਂ ਦੇ ਦਲਿਤ ਵਿਰੋਧੀ ਕਿਰਦਾਰ ਨੂੰ ਹੋਰ ਨੰਗਾ ਕਰ ਦਿੱਤਾ ਹੈ। ਇਸ ਮੌਕੇ ਮਜ਼ਦੂਰ ਜਥੇਬੰਦੀਆਂ ਵੱਲੋਂ ਇੱਕ ਮਤਾ ਪਾਸ ਕਰਕੇ ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੇ ਜਮਹੂਰੀ ਹੱਕਾਂ ਦੇ ਕੀਤੇ ਜਾ ਰਹੇ ਘਾਣ ਦੀ ਸਖ਼ਤ ਨਿੰਦਾ ਕਰਦਿਆਂ ਜਮਹੂਰੀ ਹੱਕ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ।

Advertisement
Advertisement
Advertisement
Advertisement
Advertisement
error: Content is protected !!