ਹੁਣ ਤੱਕ 32 ਬੱਚੇ ਵਿੱਤੀ ਸਹਾਇਤਾ ਦੇ ਯੋਗ ਪਾਏ ਗਏ
ਪਰਦੀਪ ਕਸਬਾ , ਬਰਨਾਲਾ, 3 ਅਗਸਤ 2021
ਪੰਜਾਬ ਸਰਕਾਰ ਵਲੋਂ ਕੋਵਿਡ-19 ਕਾਰਨ ਆਪਣੇ ਮਾਤਾ-ਪਿਤਾ ਜਾਂ ਦੋਵਾਂ ਦੀ ਮੌਤ ਨਾਲ ਪ੍ਰਭਾਵਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜਿਹੜੇ ਬੱਚਿਆਂ ਨੇ ਕੋਵਿਡ ਕਾਰਨ ਆਪਣੇ ਮਾਪਿਆਂ ਨੂੰ ਗਵਾ ਦਿੱਤਾ ਹੈ, ਉਨਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇ ਨਾਲ-ਨਾਲ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਉਨਾਂ ਇਸ ਸਬੰਧੀ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਕੀਮ ਤਹਿਤ ਪ੍ਰਾਪਤ ਅਰਜ਼ੀਆਂ ਨੂੰ ਘੋਖਿਆ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 32 ਬੱਚੇ ਯੋਗ ਪਾਏ ਗਏ ਹਨ, ਜਿਨਾਂ ਨੂੰ ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ, ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਲਾਭ, ਸਰਬੱਤ ਸਿਹਤ ਬੀਮਾ ਯੋਜਨਾ, ਉਨਾਂ ਦੇ ਪਰਿਵਾਰਿਕ ਮੈਂਬਰਾਂ ਲਈ ਰੋਜ਼ਗਾਰ ਦੇ ਮੌਕੇ ਅਤੇ 1500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ। ਕਿਸੇ ਪਰਿਵਾਰ ਦੀ ਰੋਜ਼ੀ-ਰੋਟੀ ਕਮਾਉਣ ਵਾਲੇ ਦੀ ਮੌਤ ਹੋਣ ਦੀ ਸਥਿਤੀ ਵਿਚ ਪਤੀ-ਪਤਨੀ ਨੂੰ ਰੋਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਲੋਕ ਆਪਣੇ ਇਲਾਕੇ ਦੀਆਂ ਆਂਗਣਵਾੜੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਇਸ ਤਰਾਂ ਦੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਫ਼ਾਰਮ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੋਲ ਜਮਾਂ ਕਰਵਾਏ ਜਾਣੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੇ ਕੇਸਾਂ ਵਿਚ ਮੌਤ ਸਬੰਧੀ ਸਰਟੀਫਿਕੇਟ ਜਲਦ ਜਾਰੀ ਕੀਤਾ ਜਾਵੇ ਤਾਂ ਜੋ ਸਕੀਮਾਂ ਦਾ ਲਾਭ ਸਮੇਂ ਸਿਰ ਦਿੱਤਾ ਜਾ ਸਕੇ। ਉਨਾਂ ਹੋਰ ਸਾਰੇ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਅਜਿਹੇ ਕੇਸਾਂ ਵਿਚ ਬਿਨੈਕਰਤਾ ਨੂੰ ਸਾਰੀਆਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਦਿੱਤਾ ਜਾਵੇ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲੈਣ ਲਈ ਜ਼ਿਲਾ ਬਾਲ ਸੁਰੱਖਿਆ ਦਫ਼ਤਰ ਵਿਖੇ 01679-238170 ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ, ਜ਼ਿਲਾ ਬਾਲ ਸੁਰੱਖਿਆ ਅਫਸਰ ਅਭਿਸ਼ੇਕ ਸਿੰਗਲਾ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਤੇ ਹੋਰ ਅਧਿਕਾਰੀ ਹਾਜ਼ਰ ਸਨ।