ਨੈਸ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਕਰ ਰਹੇ ਹਨ ਸਿਰਤੋੜ ਯਤਨ -ਬੀਪੀਈਓ ਸੁਖਵਿੰਦਰ ਕੌਰ
ਬੀ ਟੀ ਐਨ, ਫ਼ਾਜ਼ਿਲਕਾ, 7 ਅਗਸਤ 2021
ਸਿੱਖਿਆ ਦੇ ਖੇਤਰ ‘ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵੱਲੋਂ ਆਪਣੇ ਖਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ ‘ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਜਿਸ ਤਹਿਤ ਜਿਲ੍ਹਾ ਸਿੱਖਿਆ ਅਫਸਰ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ , ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਰਹਿਨੁਮਾਈ ਅਤੇ ਬੀਪੀਈਓ ਮੈਡਮ ਸੁਖਵਿੰਦਰ ਕੌਰ ਦੀ ਅਗਵਾਈ ਵਿੱਚ ਬਲਾਕ ਫਾਜਿਲਕਾ 2 ਦੇ ਸਕੂਲਾਂ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆ ਨੂੰ ਵੱਖ ਵੱਖ ਪੜਾਵਾਂ ‘ਚ ਸਰਕਾਰੀ ਪ੍ਰਾਇਮਰੀ ਸਕੂਲ ਨੰ 3 ਫਾਜਿਲਕਾ ਵਿਖੇ ਨੈਸ ਦੀ ਤਿਆਰੀ ਸਬੰਧੀ 2 ਰੋਜਾ ਸਿਖਲਾਈ ਦਿੱਤੀ ਜਾ ਰਹੀ ਹੈ।
ਬੀਐਮਟੀ ਵਰਿੰਦਰ ਕੁੱਕੜ ਅਤੇ ਬੀਐਮਟੀ ਸੰਜੀਵ ਯਾਦਵ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਨਵੰਬਰ ਮਹੀਨੇ ‘ਚ ਹੋਣ ਵਾਲੇ ਨੈਸ ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅਗਸਤ, ਸਤੰਬਰ ਤੇ ਅਕਤੂਬਰ ਮਹੀਨੇ ਦੇ ਪਹਿਲੇ ਹਫਤਿਆਂ ਦੌਰਾਨ ਮਸ਼ਕਾਂ ਕੀਤੀਆਂ ਜਾਣਗੀਆਂ। ਜਿਸ ਤਹਿਤ ਨੈਸ ਦੀ ਤਰਜ਼ ‘ਤੇ ਰਾਜ ਦੇ ਸਾਰੇ ਸਰਕਾਰੀ ਸਕੂਲਾਂ ‘ਚ ਤਿੰਨ੍ਹ ਪੜਾਵਾਂ ‘ਚ ਅਭਿਆਸ ਕੀਤਾ ਜਾਵੇਗਾ। ਇਸ ਉਪਰੰਤ ਜਦੋਂ ਵੀ ਨੈਸ ਹੁੰਦਾ ਤਾਂ ਉਸੇ ਦਿਨ ਹੀ ਰਾਜ ਭਰ ਦੇ ਹਰੇਕ ਸਕੂਲ ਤੇ ਵਿਦਿਆਰਥੀਆਂ ‘ਤੇ ਅਧਾਰਤ ਪੰਜਾਬ ਅਚੀਵਮੈਂਟ ਸਰਵੇ (ਪੈਸ) ਵੀ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਨੈਸ ਤਹਿਤ ਰਾਜ ਦੇ ਚੋਣਵੇਂ ਸਕੂਲਾਂ ‘ਚ ਸਰਵੇਖਣ ਹੋਵੇਗਾ ਜਦਕਿ ਪੈਸ ਰਾਜ ਦੇ ਹਰੇਕ ਸਕੂਲ ਤੇ ਵਿਦਿਆਰਥੀ ਨੂੰ ਆਪਣੇ ਕਲਾਵੇ ‘ਚ ਲਵੇਗਾ। ਪੜੋ ਪੰਜਾਬ ਪੜਾਓ ਪੰਜਾਬ ਜਿਲ੍ਹਾ ਕੋਆਰਡੀਨੇਟਰ ਰਾਜਿੰਦਰ ਕੁਮਾਰ ਨੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਇਹ ਸਰਵੇਖਣ ਸਕੂਲਾਂ ਦੀ ਵਿਦਿਅਕ ਗੁਣਵੱਤਾ, ਵਿੱਦਿਅਕ ਗਤੀਵਿਧੀਆਂ ਨਾਲ ਸਬੰਧਤ ਸਮੱਗਰੀ ਤੇ ਸਹੂਲਤਾਂ, ਸਕੂਲ ਪ੍ਰਬੰਧਨ ਤੇ ਸਕੂਲਾਂ ਦੇ ਸਮਾਜ ‘ਚ ਪ੍ਰਭਾਵ ਬਾਰੇ ਸਰਵੇਖਣ ਹੈ, ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਤਿਆਰ ਕੀਤੇ ਗਏ ਨਮੂਨੇ ਦੀ ਪ੍ਰਸ਼ਨਾਵਲੀ ਜਿਲ੍ਹੇ ਦੇ ਹਰੇਕ ਸਕੂਲ ਤੱਕ ਪੁੱਜਦੀ ਕੀਤੀ ਜਾ ਚੁੱਕੀ ਹੈ। ਜਿਸ ਤਹਿਤ ਹੀ ਨੈਸ ਦੀ ਯੋਜਨਾਬੱਧ ਤਰੀਕੇ ਨਾਲ ਤਿਆਰੀ ਕੀਤੀ ਜਾਵੇਗੀ।
ਬਲਾਕ ਨੋਡਲ ਇੰਚਾਰਜ ਪ੍ਰਦੀਪ ਕੁੱਕੜ ਨੇ ਅਧਿਆਪਕਾਂ ਨੂੰ ਨੈਸ ਸਬੰਧੀ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਸਬੰਧੀ ਚਾਨਣਾ ਪਾਇਆ। ਉਨ੍ਹਾਂ ਅਧਿਆਪਕਾਂ ਨੂੰ ਨੈਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਧੀਆਂ ਵੀ ਦੱਸੀਆ। ਉਕਤ ਟ੍ਰੇਨਿੰਗ ਪ੍ਰੋਗਰਾਮ ਸੀਐਚਟੀ ਮੈਡਮ ਸੀਮਾ ਰਾਣੀ ਦੀ ਅਗਵਾਈ ਵਿੱਚ ਪੂਰੀ ਸਫਲਤਾ ਨਾਲ ਚਲਾਇਆ ਗਿਆ । ਪ੍ਰੋਗਰਾਮ ਦੀ ਸਫਲਤਾ ਲਈ ਬਲਾਕ ,ਕਲੱਸਟਰ ਨੋਡਲ ਇੰਚਾਰਜ ,ਸੀਐਚਟੀਜ, ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ, ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਸਕੂਲ ਮੁੱਖੀ ਹਾਜਰ ਸਨ।