ਹਜ਼ਾਰਾਂ ਮਜ਼ਦੂਰਾਂ ਵੱਲੋਂ ਪਟਿਆਲਾ ਚ ਤਿੰਨ ਰੋਜ਼ਾ ਮੋਰਚਾ ਸ਼ੁਰੂ
ਬਲਵਿੰਦਰਪਾਲ, ਪਟਿਆਲਾ,9 ਅਗਸਤ 2021
ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ‘ਤੇ ਅਧਾਰਤ ਸਾਂਝਾ ਮਜ਼ਦੂਰ ਮੋਰਚਾ ਦੇ ਸੂਬਾਈ ਸੱਦੇ ਤਹਿਤ ਪੰਜਾਬ ਭਰ ਤੋਂ ਆਏ ਹਜ਼ਾਰਾਂ ਪੇਂਡੂ ਅਤੇ ਖੇਤ ਮਜ਼ਦੂਰਾਂ ਵੱਲੋਂ ਪਰਿਵਾਰਾਂ ਸਮੇਤ ਵਲੋਂ ਸ਼ਾਹੀ ਸ਼ਹਿਰ ਪਟਿਆਲਾ ਦੀ ਪੁੱਡਾ ਗਰਾਉਂਡ ਵਿਖੇ ਮੋਰਚਾ ਆਰੰਭ ਕਰ ਦਿੱਤਾ ਗਿਆ ਹੈ।ਇਸ ਮੌਕੇ ਮੰਗਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਜਾਰੀ ਰੱਖਣ ਅਤੇ 11 ਅਗਸਤ ਨੂੰ ਮੋਤੀ ਮਹਿਲ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਇਕੱਠ ਨੂੰ ਸਾਂਝੇ ਮਜਦੂਰ ਮੋਰਚੇ ਦੇ ਆਗੂ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਦਰਸ਼ਨ ਨਾਹਰ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਬਲਵੰਤ ਮੱਖੂ , ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਬਲਜੀਤ ਸਿੰਘ ਤੇ ਬਿਮਲ ਕੌਰ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਮਾਉਂ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਕਾਂਗਰਸ ਸਰਕਾਰ ਵਲੋਂ ਚੋਣ ਵਾਅਦਿਆਂ ਨੂੰ ਅਮਲ ਵਿੱਚ ਲਾਗੂ ਕਰਨ ਦੀ ਥਾਂ ਇਹਨਾਂ ਤੋਂ ਮੁਕਰਨ ਖਿਲਾਫ਼ ਪੰਜਾਬ ਭਰ ਮਜ਼ਦੂਰਾਂ ਦੇ ਮਨਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਕਿਰਤ ਕਾਨੂੰਨਾਂ ‘ਚ ਕੀਤੀਆਂ ਸੋਧਾਂ ਤੇ ਖੇਤੀ ਕਾਨੂੰਨ ਵਾਪਸ ਲਏ ਜਾਣ, ਮਜ਼ਦੂਰਾਂ ਦੇ ਸਮੁੱਚੇ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਖ਼ਤਮ ਕੀਤੇ ਜਾਣ, ਬਿਜਲੀ ਦੇ ਬਿੱਲ ਤੇ ਬਕਾਏ ਖ਼ਤਮ ਕੀਤੇ ਜਾਣ ਅਤੇ ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦਿੱਤੇ ਜਾਣ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀ ਆਰਥਿਕ ਤੇ ਸਮਾਜਿਕ ਬਰਾਬਰੀ ਲੲੀ ਜ਼ਮੀਨਾਂ ਦੀ ਕਾਣੀ ਵੰਡ ਖ਼ਤਮ ਕਰਕੇ ਮਜ਼ਦੂਰਾਂ ‘ਚ ਜਮੀਨਾ ਦੀ ਵੰਡ ਕੀਤੀ ਜਾਵੇ, ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ਤੇ ਦੇਣ ਦੀ ਗਰੰਟੀ ਕੀਤੀ ਜਾਵੇ।
ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਤੇ ਮੋਦੀ ਸਰਕਾਰ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੇ ਰਾਹ ਪਈ ਹੋਈ ਹੈ। ਇਹਨਾਂ ਨੀਤੀਆਂ ਦੇ ਕਾਰਨ ਬੇਰੁਜ਼ਗਾਰੀ, ਅਰਧ ਬੇਰੁਜ਼ਗਾਰੀ ਦੇ ਚਲਦਿਆਂ ਮਜ਼ਦੂਰਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ।ਦੋ ਡੰਗ ਦਾ ਚੁੱਲਾ ਤੱਪਦਾ ਰੱਖਣ ਤੋਂ ਵੀ ਅਵਾਜ਼ਾਰ ਮਜ਼ਦੂਰ ਕਰਜ਼ਾ ਕੁੜਿੱਕੀ ਵਿੱਚ ਫਸੇ ਹੋਏ ਹਨ। ਕਾਂਗਰਸੀ ਸਰਕਾਰ ਵੀ ਵਾਅਦੇ ਅਨੁਸਾਰ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਰੁਜ਼ਗਾਰ, ਰਿਹਾਇਸ਼ੀ ਪਲਾਟ ਦੇਣ, ਘਰੇਲੂ ਬਿਜਲੀ ਬਿੱਲ ਮੁਆਫ਼ ਕਰਨ ਸਮਾਜਿਕ ਜ਼ਬਰ ਤੋਂ ਨਿਜਾਤ ਦਿਵਾਉਣ ਆਦਿ ਤੋਂ ਅਸਫ਼ਲ ਸਿੱਧ ਹੋਈ ਹੈ। ਫਾਸ਼ੀਵਾਦੀ ਮੋਦੀ ਸਰਕਾਰ ਦੁਆਰਾ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਰੱਦ ਕਰਨ ਸੰਬੰਧੀ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਮਤਾ ਪਾਸ ਨਾ ਕਰਕੇ ਵੀ ਮਜ਼ਦੂਰਾਂ ਨਾਲ ਵਿਤਕਰੇਬਾਜ਼ੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਅਤੇ ਖੇਤ ਮਜ਼ਦੂਰਾਂ ਕੋਲ ਆਪਣੀਆਂ ਮੰਗਾਂ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰਨ ਤੋਂ ਬਿਨ੍ਹਾਂ ਕੋਈ ਹੋਰ ਚਾਰਾ ਨਹੀਂ ਹੈ।
ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਮਹੀਪਾਲ ਬਠਿੰਡਾ,ਕਸ਼ਮੀਰ ਸਿੰਘ ਘੁੱਗਸ਼ੋਰ, ਗੁਰਨਾਮ ਦਾਊਦ, ਹਰਭਗਵਾਨ ਸਿੰਘ ਮੂਣਕ,ਗੁਲਜ਼ਾਰ ਗੌਰੀਆ, ਪ੍ਰਗਟ ਸਿੰਘ ਕਾਲਾਝਾੜ, ਹਰਵਿੰਦਰ ਸੇਮਾ, ਲਖਵੰਤ ਕਿਰਤੀ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ , ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਧੰਨਾ ਮੱਲ ਵੈਦ ਨੇ ਵੀ ਸੰਬੋਧਨ ਕੀਤਾ ਅਤੇ ਲੋਕ ਸੰਗੀਤ ਮੰਡਲੀ ਜੀਦਾ ਦੇ ਕਲਾਕਾਰਾਂ ਤੇ ਹੋਰਨਾਂ ਨੇ ਇਨਕਲਾਬੀ ਗੀਤ ਪੇਸ਼ ਕੀਤੇ।
ਮੋਰਚੇ ਵਲੋਂ ਬਨੂੜ ਦੇ ਐਸ ਐਚ ਓ ਵੱਲੋ ਕਿਸਾਨਾਂ ਨੂੰ ਮਾਰਨ ਦੀਆਂ ਧਮਕੀਆਂ ਦੇਣ ਤੇ ਜੀਭ ਕੱਢ ਦੇਓੂਂਗਾ ਵਰਗੇ ਸ਼ਬਦ ਬੋਲਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਤਰਾਂ ਦੇ ਭੂਤਰੇ ਪੁਲਿਸ ਅਫਸਰ ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।