ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਟੀਕਾਕਰਣ ਲਈ ਕੀਤਾ ਗਿਆ ਪ੍ਰੇਰਿਤ
ਮੋਬਾਇਲ ਵੈਨ ਰਾਹੀਂ ਵੱਖੋ-ਵੱਖ ਇਲਾਕਿਆਂ ਵਿੱਚ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਵੈਕਸੀਨੇਸ਼ਨ ਕੈਂਪ ਤੇ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ
ਬੀਟੀਐਨ, ਫਿਰੋਜ਼ਪੁਰ, 12 ਅਗਸਤ 2021
ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਮਾਨਯੋਗ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਮੁਫ਼ਤ ਟੀਕਾਕਰਣ ਅਭਿਆਨ ਦੇ ਐਲਾਨ ਤੋਂ ਬਾਅਦ ਦੇਸ਼ਭਰ ਵਿੱਚ ਵੱਖੋ-ਵੱਖ ਥਾਵਾਂ ‘ਤੇ ਵੈਕਸੀਨੇਸ਼ਨ ਕੈਂਪ ਲਾ ਕੇ ਜੰਗੀ ਪੱਧਰ ਉੱਤੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਫਿਰੋਜ਼ਪੁਰ ਵਿੱਚ ਕੁੜੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਾਏ ਗਏ ਵੈਕਸੀਨੇਸ਼ਨ ਕੈਂਪ ਵਿੱਚ ਲੋਕਾਂ ਦਾ ਮੁਫ਼ਤ ਟੀਕਾਕਰਣ ਕੀਤਾ ਗਿਆ। ਲੋਕਾਂ ਨੇ ਇਸ ਕੈਂਪ ਦੇ ਮੱਦੇਨਜ਼ਰ ਵੱਡੇ ਪੱਧਰ ਉੱਤੇ ਮੁਫ਼ਤ ਟੀਕਾਕਰਣ ਕਰਵਾਇਆ ਅਤੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ ਮੁਫ਼ਤ ਟੀਕਾਕਰਣ ਅਭਿਆਨ ਦੀ ਜੰਮ ਕੇ ਸ਼ਲਾਘਾ ਕੀਤੀ।
ਇਸ ਵੈਕਸੀਨੇਸ਼ਨ ਕੈਂਪ ਦੇ ਦੂਜੇ ਦਿਨ ਖਿੱਚ ਦਾ ਕੇਂਦਰ ਬਣੇ ਕਲਾਕਾਰਾਂ ਨੇ ਲੋਕਾਂ ਨੂੰ ਨੁੱਕੜ ਨਾਟਕ ਰਾਹੀਂ ਟੀਕਾਕਰਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਲੋਕਾਂ ਨੂੰ ਨਾ ਸਿਰਫ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਗਈ, ਬਲਕਿ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਸਾਰੀਆਂ ਗਾਈਡਲਾਈਨਸ ਮੰਨਣ ਦੀ ਗੱਲ ਵੀ ਆਖੀ ਗਈ। ਇਸ ਮੌਕੇ ਕਲਾਕਾਰਾਂ ਵਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਰਾਹੀਂ ਦਿੱਤੇ ਗਏ ਸੁਨੇਹੇ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ 21 ਜੂਨ ਨੂੰ ਪੂਰੇ ਦੇਸ਼ ਵਿੱਚ ਮੁਫ਼ਤ ਟੀਕਾਕਰਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੂਰੇ ਦੇਸ਼ ਭਰ ਵਿੱਚ ਇਹ ਅਭਿਆਨ ਜੰਗੀ ਪੱਧਰ ਉੱਤੇ ਚਲਾਇਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਵੱਧ ਤੋਂ ਵੱਧ ਹੱਥ ਸਾਫ ਰੱਖ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਕੁਝ ਹੋਰ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਈ.ਬੀ. ਮਿਨੀਸਟਰੀ ਦੇ ਅਧਿਕਾਰੀ ਨੇ ਕਿਹਾ ਕਿ ਭਾਰਤ ਸਰਕਾਰ ਦੀ ਸੱਭ ਤੋਂ ਪਹਿਲੀ ਪ੍ਰਾਥਮਿਕਤਾ ਦੇਸ਼ ਦੇ ਲੋਕਾਂ ਦੀ ਸਿਹਤ ਹੈ ਅਤੇ ਇਸੇ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਵੱਡੇ ਪੱਧਰ ‘ਤੇ ਮੁਫ਼ਤ ਟੀਕਾਕਰਣ ਕੀਤਾ ਜਾ ਰਿਹਾ ਹੈ।
ਇਸ ਟੀਕਾਕਰਣ ਕੈਂਪ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਕੁੜੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਮਹਿਤਾ ਨੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਅੰਮ੍ਰਿਤਸਰ ਦੀ ਵੈਕਸੀਨੇਸ਼ਨ ਕੈਂਪ ਲਗਵਾਉਣ ਲਈ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਭਵਿੱਖ ਵਿਚ ਵੀ ਕੇਂਦਰ ਸਰਕਾਰ ਵਲੋਂ ਇਹ ਮੁਹਿੰਮ ਜਾਰੀ ਰਹੇਗੀ। ਇਸਦੇ ਨਾਲ ਹੀ ਉਨ੍ਹਾਂ ਇਲਾਕਾਵਾਸੀਆਂ ਨੂੰ ਵੱਧ ਚੜ੍ਹ ਕੇ ਕੋਵਿਡ-19 ਦੇ ਮੁਫ਼ਤ ਟੀਕਾਕਰਣ ਅਭਿਆਨ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਉਥੇ ਹੀ ਮੋਬਾਇਲ ਵੈਨ ਜ਼ਰੀਏ ਵੀਰਵਾਰ ਨੂੰ ਫਿਰੋਜ਼ਪੁਰ ਦੇ ਪਿੰਡ ਅਲੀ ਕੇ, ਦੁਲਚੀ ਕੇ, ਰੱਖੜੀ, ਖੁਸ਼ਹਾਲ ਸਿੰਘ ਵਾਲਾ ਸਣੇ ਸੰਨੀ ਐਨਕਲੇਵ, ਸਬਜ਼ੀ ਮੰਡੀ ਅਤੇ ਹੋਰਨਾਂ ਇਲਾਕਿਆਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸਦੇ ਨਾਲ ਹੀ ਲੋਕਾਂ ਨੂੰ ਪੈਂਫਲੇਟ ਵੰਡ ਕੇ ਕੋਰੋਨਾ ਤੋਂ ਬਚਣ ਦੀ ਸਲਾਹ ਦਿੱਤੀ ਗਈ। ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੇ ਵਿਭਾਗ ਦੇ ਅਧਿਕਾਰੀਆਂ ਤੋਂ ਕੋਰੋਨਾ ਮਹਾਂਮਾਰੀ ਅਤੇ ਮੁਫ਼ਤ ਟੀਕਾਕਰਣ ਬਾਰੇ ਕਈ ਤਰ੍ਹਾਂ ਦੇ ਸਵਾਲ ਕੀਤੇ ਅਤੇ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਮਾਸਕ ਤੋਂ ਬਿਨਾ ਬਾਜ਼ਾਰਾਂ ਅਤੇ ਸੜਕਾਂ ਉੱਤੇ ਘੁੰਮ ਰਹੇ ਲੋਕਾਂ ਨੂੰ ਮਾਸਕ ਵੀ ਵੰਡੇ ਗਏ।
ਬਹਿਰਹਾਲ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਦੇਸ਼ ਦੇ ਹਰ ਨਾਗਰਿਕ ਵਿਚ ਕੋਰੋਨਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਹਾਲਾਂਕਿ ਫਿਰੋਜ਼ਪੁਰ ਵਿਚ ਇਹ ਅਭਿਆਨ ਪੰਜ ਦਿਨਾਂ ਲਈ ਚਲੇਗਾ, ਪਰ ਦੇਸ਼ ਭਰ ਵਿਚ ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਸ ਬਿਮਾਰੀ ‘ਤੇ ਪੂਰੀ ਤਰ੍ਹਾਂ ਠੱਲ ਨਹੀਂ ਪਾਈ ਜਾਂਦੀ।