ਖੇਡ ਸਟੇਡੀਅਮ, ਸਰਹਿੰਦ ਵਿਖੇ ਕਰਵਾਇਆ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ
ਆਜ਼ਾਦੀ ਘੁਲਾਟੀਆਂ ਦਾ ਉਚੇਚੇ ਤੌਰ ‘ਤੇ ਕੀਤਾ ਸਨਮਾਨ
ਬੀ ਟੀ ਐੱਨ , ਫ਼ਤਹਿਗੜ੍ਹ ਸਾਹਿਬ, 15 ਅਗਸਤ 2021
ਫਤਹਿਗੜ੍ਹ ਸਾਹਿਬ ਦੀ ਧਰਤੀ ਉਹ ਪਵਿੱਤਰ ਧਰਤੀ ਹੈ, ਜਿੱਥੇ ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਹੋਈ, ਜੋ ਸਾਡੇ ਲਈ ਅਤੇ ਰਹਿੰਦੀ ਦੁਨੀਆਂ ਤੱਕ ਪ੍ਰੇਰਨਾ ਦਾ ਸ੍ਰੋਤ ਬਣੀ ਰਹੇਗੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰਤਾ ਅਤੇ ਜੇਲ੍ਹਾਂ,ਮੰਤਰੀ,ਪੰਜਾਬ,ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਜ਼ਾਦੀ ਦਿਵਸ ਸਬੰਧੀ ਖੇਡ, ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਕੀਤਾ।
ਸ. ਰੰਧਾਵਾ ਨੇ ਕਿਹਾ ਕਿ ਜਬਰ ਜ਼ੁਲਮ ਦਾ ਟਾਕਰਾ ਕਰਨ ਅਤੇ ਇਸ ਅੱਗੇ ਨਾ ਝੁਕਣ ਦੀ ਪ੍ਰੇਰਨਾ ਸਾਨੂੰ ਗੁਰੂ ਸਾਹਿਬਾਨ ਤੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਉਹ ਧਰਤੀ ਹੈ, ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦਿਆਂ ਸੂਬਾ ਸਰਹੰਦ ਦੇ ਜ਼ਾਲਮ ਰਾਜ ਦਾ ਖਾਤਮਾ ਕੀਤਾ ਸੀ। ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਤ ਕਰਦਿਆਂ ਮੁਜਾਹਰਿਆਂ ਨੂੰ ਜ਼ਮੀਨਾਂ ਦਿਵਾਈਆਂ। ਅਸਲ ਵਿੱਚ ਖੇਤੀ ਸੁਧਾਰਾਂ ਦੀ ਸ਼ੁਰੂਆਤ ਹੀ ਉਸ ਸਮੇਂ ਹੋਈ ਸੀ। ਪ੍ਰੰਤੂ ਅੱਜ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਉਤੇ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲ ਹਮਲਾ ਕੀਤਾ ਗਿਆ ਹੈ। ਸਾਡੇ ਕਿਸਾਨ ਪਿਛਲੇ ਕਰੀਬ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਉਤੇ ਬੈਠੇ ਹਨ ਪਰ ਕੇਂਦਰ ਸਰਕਾਰ ਦੇ ਕੰਨੀ ਜੂੰ ਨਹੀਂ ਸਰਕ ਰਹੀ। 400 ਤੋਂ ਵੱਧ ਕਿਸਾਨਾਂ ਨੇ ਆਪਣੀ ਸ਼ਹਾਦਤ ਵੀ ਦਿੱਤੀ ਹੈ। ਸੰਵਿਧਾਨ ਅਨੁਸਾਰ ਖੇਤੀਬਾੜੀ ਸੂਬਿਆਂ ਦੇ ਅਧਿਕਾਰ ਦਾ ਵਿਸ਼ਾ ਹੈ ਪਰ ਕੇਂਦਰ ਸਰਕਾਰ ਨੇ ਇਸ ਵਿੱਚ ਸਿੱਧਾ ਦਖਲ ਦਿੰਦਿਆਂ ਤਿੰਨ ਕਾਲੇ ਖੇਤੀ ਕਾਨੂੰਨ ਬਣਾ ਕੇ ਪੂਰੇ ਦੇਸ਼ ਵਿੱਚ ਬੇਚੈਨੀ ਤੇ ਰੋਸ ਦਾ ਮਾਹੌਲ ਬਣਾ ਦਿੱਤਾ ਹੈ। ਕੇਂਦਰ ਸਰਕਾਰ ਕਾਨੂੰਨਾਂ ਵਿੱਚ ਸੋਧ ਕਰਨ ਨੂੰ ਤਾਂ ਤਿਆਰ ਹੈ ਪਰ ਜ਼ਿੱਦ ਕਾਰਨ ਕਾਨੂੰਨ ਰੱਦ ਕਰਨ ਤੋਂ ਇਨਕਾਰੀ ਹੈ। ਜੇਕਰ ਸਰਕਾਰ ਖੁਦ ਸੋਧਾਂ ਲਈ ਤਿਆਰ ਹੈ ਤਾਂ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਨੂੰ ਜਾਪਦਾ ਹੈ ਕਿ ਕਾਨੂੰਨਾਂ ਵਿੱਚ ਖਾਮੀ ਹੈ।
ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਕਿਸਾਨ 05 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹਮੇਸ਼ਾਂ ਕਿਸਾਨਾਂ ਦੀ ਬਾਂਹ ਫੜੀ ਗਈ ਤੇ ‘ਕਰਜ਼ਾ ਮੁਆਫੀ ਸਕੀਮ’ ਲਿਆਂਦੀ ਗਈ। ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ 5 ਲੱਖ 64 ਹਜ਼ਾਰ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ। ਇਸੇ ਤਰ੍ਹਾਂ ਹੁਣ 2 ਲੱਖ 85 ਹਜ਼ਾਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 8 ਲੱਖ 50 ਹਜ਼ਾਰ ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਲਿਆਂਦਾ ਗਿਆ, ਜਿਸ ਤਹਿਤ ਇਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਸਿਹਤ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ 9 ਫਸਲਾਂ ਦੀ ਖਰੀਦ 48 ਘੰਟਿਆਂ ਅੰਦਰ ਕਰਕੇ ਕਿਸਾਨਾਂ ਨੂੰ ਬਣਦੀ ਰਕਮ ਅਦਾ ਕੀਤੀ ਹੈ। ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਸਮੁੱਚੇ ਦੇਸ਼ ਦਾ ਢਿੱਡ ਭਰਿਆ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਬੱਸੀ ਪਠਾਣਾ ਵਿਖੇ ਮਿਲਕਫੈਡ ਵੱਲੋਂ ਵੇਰਕਾ ਮੈਗਾ ਡੇਅਰੀ ਪ੍ਰਾਜੈਕਟ ਸਥਾਪਤ ਕੀਤਾ ਗਿਆ ਹੈ, ਜਿਸ ਦੇ ਪਹਿਲੇ ਪੜਾਅ ਉਤੇ ਕੁੱਲ 138 ਕਰੋੜ ਰੁਪਏ ਖਰਚੇ ਗਏ ਹਨ। ਇਸ ਦਾ ਉਦਘਾਟਨ ਆਉਂਦੇ ਦਿਨਾਂ ਵਿੱਚ ਕੀਤਾ ਜਾਵੇਗਾ । ਦੂਜੇ ਪੜਾਅ ਵਿੱਚ 122 ਕਰੋੜ ਰੁਪਏ ਅਤੇ ਤੀਜੇ ਪੜਾਅ ਵਿੱਚ 96 ਕਰੋੜ ਰੁਪਏ ਹੋਰ ਖਰਚੇ ਜਾਣਗੇ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 356 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਨ ਹੀ ਖੇਤੀ ਦਾ ਅਹਿਮ ਸਹਾਇਕ ਧੰਦਾ ਹੈ, ਜਿਸ ਲਈ ਇਹ ਪ੍ਰਾਜੈਕਟ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸੂਰਮਿਆਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਊਧਮ ਸਿੰਘ, ਲਾਲਾ ਹਰਦਿਆਲ ਵਰਗੇ ਸੂਰਬੀਰਾਂ ਨੂੰ ਵੀ ਅੱਜ ਅਸੀਂ ਸਿਜਦਾ ਕਰਦੇ ਹਾਂ। ਆਜ਼ਾਦੀ ਪ੍ਰਾਪਤੀ ਲਈ ਚੱਲੇ ਸੰਘਰਸ਼ ਵਿੱਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੇ ਹਿੱਸੇ ਆਈਆਂ। ਅੰਡੇਮਾਨ ਨਿਕੋਬਾਰ ਦੀ ਸੈਲੂਲਰ ਜੇਲ੍ਹ ਸਾਡੇ ਮਹਾਨ ਆਜ਼ਾਦੀ ਘੁਲਾਟੀਆ ਦੀ ਕੁਰਬਾਨੀ ਦੀ ਗਾਥਾ ਬਿਆਨ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਜੇਲ੍ਹ ਦਾ ਖੁਦ ਦੌਰਾ ਕਰਦਿਆਂ ਉਨ੍ਹਾਂ ਨੂੰ ਆਜਾਦੀ ਘੁਲਾਟੀਆਂ ਨੂੰ ਸਿਜਦਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਬੇਕਸੂਰ ਸਾਂਝੇ ਪੰਜਾਬ ਦੇ ਵਾਸੀਆਂ ਨੂੰ ਵੀ ਸਿਜਦਾ ਕਰਦੇ ਹਨ, ਜਿਨ੍ਹਾਂ ਨੂੰ ਵੰਡ ਵੇਲੇ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ। ਉਨ੍ਹਾਂ ਕਿਹਾ ਕਿ ਸਾਨੂੰ ਤਾਂ ਸਾਡੇ ਗੁਰੂਆਂ ਤੋਂ ਸਰਬੱਤ ਦੇ ਭਲੇ ਦਾ ਸੰਦੇਸ਼ ਮਿਲਿਆ ਹੈ। ਅਸੀਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੇ ਚਾਅ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਧਰਮ ਦੇ ਰਾਖੇ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ।
. ਰੰਧਾਵਾ ਨੇ ਦੱਸਿਆ ਕਿ ਸਹਿਕਾਰਤਾ ਦੇ ਸ਼ੂਗਰਫੈਡ ਅਦਾਰੇ ਵੱਲੋਂ ਗੁਰਦਾਸਪੁਰ ਤੇ ਬਟਾਲਾ ਵਿਖੇ ਨਵੇਂ ਖੰਡ ਮਿੱਲ ਕੰਪਲੈਕਸ ਬਣਾਏ ਜਾ ਰਹੇ ਹਨ, ਜਿਸ ਨਾਲ ਇਸ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਫਾਇਦਾ ਹੋਵੇਗਾ। ਕਲਾਨੌਰ ਵਿਖੇ ਸ਼੍ਰੀ ਗੁਰੂ ਨਾਨਕ ਗੰਨਾ ਖੋਜ ਤੇ ਵਿਕਾਸ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ |
ਇਸ ਮੌਕੇ ਉਨ੍ਹਾਂ ਨੇ ਕੋਵਿਡ-19 ਮਹਾਂਮਾਰੀ ਕਾਰਨ ਸਵਰਗਵਾਸ ਹੋਏ ਵਿਅਕਤੀਆਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਹੈਲਥ ਵਰਕਰਾਂ ਤੇ ਮੈਡੀਕਲ ਸਟਾਫ ਦੇ ਨਾਲ ਫਰੰਟਲਾਈਨ ਵਰਕਰਾਂ ਨੂੰ ਸਲਾਮ ਕੀਤੀ ਜਿਨ੍ਹਾਂ ਨੇ ਇਸ ਮਹਾਂਮਾਰੀ ਖਿਲਾਫ ਅਗਲੀ ਕਤਾਰ ਵਿੱਚ ਹੋ ਕੇ ਲੜਾਈ ਲੜੀ। ਉਨ੍ਹਾਂ ਨੇ ਮਾਰਕਫੈਡ, ਮਿਲਕਫੈਡ ਅਤੇ ਸ਼ੂਗਰਫੈਡ ਅਦਾਰਿਆਂ ਦੇ ਸਟਾਫ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਲੌਕਡਾਊਨ ਦੌਰਾਨ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈਆਂ।
ਉਨ੍ਹਾਂ ਆਸ ਪ੍ਰਗਟਾਈ ਕਿ ਸਾਡੇ ਕਿਸਾਨ ਆਪਣਾ ਸੰਘਰਸ਼ ਜਿੱਤਣ ਅਤੇ ਸੁੱਖੀ ਸਾਂਦੀ ਆਪਣੇ ਘਰਾਂ ਵਿੱਚ ਪਰਤਣਗੇ। ਪੰਜਾਬੀਆਂ ਨੇ ਜਿਸ ਕੰਮ ਨੂੰ ਵੀ ਹੱਥ ਪਾਇਆ, ਉਸ ਵਿੱਚ ਫਤਿਹ ਹੀ ਹਾਸਲ ਕੀਤੀ ਹੈ। ਪੰਜਾਬ ਨੇ ਹਰ ਔਖੇ ਵੇਲੇ ਦੇਸ਼ ਦੀ ਬਾਂਹ ਫੜੀ ਹੈ ਜਿਸ ਨੂੰ ਦੇਸ਼ ਦੀ ਖੜਗ ਭੁਜਾ ਵੀ ਕਹਿੰਦੇ ਹਨ। ਪੰਜਾਬ ਦੇ ਬਹਾਦਰ ਸੂਰਮਿਆਂ ਨੇ ਜਿੱਥੇ ਵਿਦੇਸ਼ੀ ਹੁਕਮਰਾਨਾਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ, ਉਥੇ ਪੂਰੇ ਦੇਸ਼ ਦਾ ਢਿੱਡ ਵੀ ਭਰਿਆ।
ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਇਕਲ ਅਤੇ ਦਿਵਿਆਂਗ ਵਿਅਕਤੀਆਂ ਨੂੰ ਵੀਲ੍ਹ ਚੇਅਰ ਵੰਡੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਜੰਗ-ਏ-ਆਜ਼ਾਦੀ ਵਿੱਚ ਹਿੱਸਾ ਪਾਉਣ ਵਾਲੇ ਜ਼ਿਲ੍ਹੇ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਉਚੇਚਾ ਸਨਮਾਨ ਵੀ ਕੀਤਾ ਗਿਆ।
ਪਰੇਡ ਤੇ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼,ਪੰਜਾਬ ਜੇਲ੍ਹ ਵਿਭਾਗ ਤੇ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਐਨ.ਸੀ.ਸੀ.ਕੈਡਿਟਾਂ ਨੇ ਭਾਗ ਲਿਆ।
ਇਸ ਮੌਕੇ ਲੋਕ ਸਭਾ ਮੈਂਬਰ ਡਾ ਅਮਰ ਸਿੰਘ, ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ, ਬਸੀ ਪਠਾਣਾ ਦੇ ਵਿਧਾਇਕ ਸ਼੍ਰੀ ਗੁਰਪ੍ਰੀਤ ਸਿੰਘ ਜੀ.ਪੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਹਰਿੰਦਰ ਸਿੰਘ ਭਾਂਬਰੀ, ਜ਼ਿਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਊ ਸਿੰਘ, ਏ ਡੀ ਜੀ ਪੀ ਰੇਲਵੇ ਸ਼੍ਰੀ ਸੰਜੀਵ ਕਾਲੜਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ( ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਦਿਆਲ ਸਿੰਘ ਚੱਠਾ, ਐਸ.ਪੀ. (ਡੀ) ਸ਼੍ਰੀ ਹਰਪਾਲ ਸਿੰਘ, ਐਸ ਪੀ ਨਵਰੀਤ ਸਿੰਘ ਵਿਰਕ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਸ਼ੋਕ ਕੁਮਾਰ, ਡੀ.ਐਸ.ਪੀ. ਸ਼੍ਰੀ ਹਰਦੀਪ ਸਿੰਘ ਬਡੂੰਗਰ, ਪ੍ਰੈਸ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮੂਹ ਕੌਂਸਲਰ, ਪੰਚ ਸਰਪੰਚਾਂ ਨੇ ਸ਼ਮੂਲੀਅਤ ਕੀਤੀ ।