ਸਿਹਤ ਵਿਭਾਗ ਵੱਲੋਂ ਕੋਰੋਨਾ ਵੈਕਸੀਨ ਦੀਆਂ 12365 ਖੁਰਾਕਾਂ ਲਗਾਈਆਂ – ਡਾ. ਔਲ਼ਖ
ਕੋਰੋਨਾ ਵੈਕਸੀਨੇਸ਼ਨ ਸੰਬੰਧੀ ਵਿਸ਼ੇਸ਼ ਜਾਗਰੂਕਤਾ ਪੋਸਟਰ ਜਾਰੀ
ਪਰਦੀਪ ਕਸਬਾ , ਬਰਨਾਲਾ, 17 ਅਗਸਤ 2021
ਸਿਹਤ ਵਿਭਾਗ ਬਰਨਾਲਾ ਵੱਲੋਂ ਕੋਰੋਨਾ ਦੇ ਖ਼ਾਤਮੇ ਲਈ ਵਿਸ਼ੇਸ਼ ਕੈਂਪਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਦਾ ਕੋਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ, ਬਰਨਾਲਾ ਨੇ ਦੱਸਿਆ ਕਿ ਬੀਤੇ ਦਿਨੀਂ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅਤੇ ਸ਼ਹਿਰ ਬਰਨਾਲਾ ਵਿੱਚ ਵਿਸ਼ੇਸ਼ ਕੈਂਪਾਂ ਰਾਹੀਂ ਕੁੱਲ 12,365 ਖੁਰਾਕਾਂ ਲਗਾਈਆਂ ਗਈਆਂ।
ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਰਕਾਰ ਵੱਲੋਂ ਜਿੰਨੀਆਂ ਵੀ ਖੁਰਾਕਾਂ ਭੇਜੀਆਂ ਜਾਂਦੀਆਂ ਹਨ ਉਹ ਅਗਲੇ ਹੀ ਦਿਨ ਆਮ ਲੋਕਾਂ ਦੀ ਪਹੁੰਚ ਵਿੱਚ ਕਰਦਿਆਂ ਬਿਨ੍ਹਾਂ ਕਿਸੇ ਸਿਫ਼ਾਰਸ਼ ਤੋਂ ਇਹ ਖ਼ੁਰਾਕ ਆਮ ਲੋਕਾਂ ਦੇ ਲਗਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਆਮ ਲੋਕਾਂ ਵੱਲੋਂ ਟੀਕਾਕਰਨ ਕਰਾਉਣ ਪ੍ਰਤੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਜੋ ਕਿ ਕੋਰੋਨਾ ਟੀਕਾਕਰਨ ਦੀ ਮੁਹਿੰਮ ਨੂੰ ਬਹੁਤ ਵੱਡਾ ਹੁੰਗਾਰਾ ਹੈ।
ਡਾ. ਰਜਿੰਦਰ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਪਣਾ ਕੋਵਿਡ ਸੈਂਪਲਿੰਗ ਦਾ ਕੰਮ ਵੀ ਜ਼ੁੰਮੇਵਾਰੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸਿਹਤ ਵਿਭਾਗ ਵੱਲੋਂ ਇਕ ਦਿਨ ਵਿੱਚ ਕੁੱਲ 2097 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਜੋ ਵੀ ਕੇਸ ਪਾਜੇਟਿਵ ਪਾਏ ਜਾਂਦੇ ਹਨ, ਉਨ੍ਹਾਂ ਦੀ ਕੰਟਰੈਕਟ ਟ੍ਰੇਸਿੰਗ ਦਾ ਕੰਮ ਵੀ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਕੀਤਾ ਜਾਂਦਾ ਹੈ । ਡਾ. ਸਿੰਗਲਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ ਤੋਂ ਆਪਣੀ ਕੋਰੋਨਾ ਵੈਕਸੀਨੇਸ਼ਨ ਕਰਵਾਉਣ ਅਤੇ ਜੇਕਰ ਕਿਸੇ ਨੂੰ ਕੋਰੋਨਾ ਦਾ ਕੋਈ ਵੀ ਲੱਛਣ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਆਪਣਾ ਕੋਰੋਨਾ ਦਾ ਸੈਂਪਲ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜ਼ਰੂਰ ਦੇਣ ਤਾਂ ਜੋ ਸਮਾਂ ਰਹਿੰਦੇ ਕੋਰੋਨਾ ਦੀ ਪਛਾਣ ਕਰਕੇ ਇਸਦਾ ਇਲਾਜ ਕੀਤਾ ਜਾ ਸਕੇ ।
ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਜ਼ਿਲ੍ਹਾ ਮਾਸ ਮੀਡੀਆ ਵਿੰਗ ਅਤੇ ਸਿਹਤ ਕਰਮਚਾਰੀਆਂ ਵੱਲੋਂ ਜ਼ਿਲ੍ਹੇ ਭਰ ਵਿੱਚ ਪਿੰਡ ਪੱਧਰ ਤੱਕ ਆਮ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਤੇ ਕੋਵਿਡ ਸੈਂਪਲਿੰਗ ਸੰਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਬਰਨਾਲਾ ਵੱਲੋਂ ਕੋਰੋਨਾ ਵੈਕਸੀਨੇਸ਼ਨ ਸੰਬੰਧੀ ਤਿੰਨ ਤਰ੍ਹਾਂ ਦੇ ਜਾਗਰੂਕਤਾ ਪੋਸਟਰ ਰਿਲੀਜ ਕੀਤੇ ਗਏ। ਇਸ ਮੌਕੇ ਡਾ. ਨਵਜੋਤ ਪਾਲ ਭੁੱਲਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਸਤਨਾਮ ਕੌਰ ਐਲ.ਐਚ.ਵੀ. ਗਰਦੀਪ ਸਿੰਘ ਆਦਿ ਹਾਜ਼ਰ ਸਨ।