ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਦਿੱਤੀ ਜਾ ਰਹੀ ਹੈ 41.48 ਕਰੋੜ ਦੀ ਰਾਹਤ: ਇੰਜ: ਮੋਹਨ ਲਾਲ ਸੂਦ
ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ 14,260 ਐਸ.ਸੀ. ਕਰਜ਼ਦਾਰਾਂ ਨੂੰ ਦਿੱਤੀ ਜਾ ਚੁੱਕੀ ਹੈ 45.41 ਕਰੋੜ ਰੁਪਏ ਦੀ ਰਾਹਤ: ਚੇਅਰਮੈਨ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 17 ਅਗਸਤ 2021
ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ. ਮੋਹਨ ਲਾਲ ਸੂਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਦਿਵਸ ਮੌਕੇ ਕਾਰਪੋਰੇਸ਼ਨ ਪਾਸੋਂ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰਕੇ ਲਗਭਗ 10 ਹਜ਼ਾਰ 151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜ਼ਦਾਰਾਂ ਨੂੰ 41.48 ਕਰੋੜ ਦੀ ਵੱਡੀ ਰਾਹਤ ਦਿੱਤੀ ਹੈ। ਉਨਾਂ ਇਸ ਐਲਾਨ ਨੂੰ ਲੋਕਪੱਖੀ ਦੱਸਦਿਆਂ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।
ਇੰਜ. ਮੋਹਨ ਲਾਲ ਸੂਦ ਨੇ ਦੱਸਿਆ ਕਿ ਉਨਾਂ ਵੱਲੋਂ ਮੁੱਖ ਮੰਤਰੀ ਨੂੰ ਇਕ ਡੀ.ਓ. ਪੱਤਰ ਲਿਖ ਕੇ ਇਹ ਅਤਿ ਮਹੱਤਵਪੂਰਨ ਮੁੱਦਾ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਜਿਵੇ ਪੰਜਾਬ ਸਰਕਾਰ ਵਲੋਂ ਰਾਜ ਵਿਚ ਕਿਸਾਨਾਂ ਦਾ ਕਰਜਾ ਮਾਫ ਕਰਕੇ ਰਾਹਤ ਦਿੱਤੀ ਗਈ ਹੈ ਉਸੇ ਹੀ ਤਰਜ ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜ਼ਾ ਵੀ ਮਾਫ਼ ਕੀਤਾ ਜਾਵੇ । ਉਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀ ਕਰਜ਼ਾ ਚੁੱਕ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜਾਰਾ ਚਲਾ ਰਹੇ ਸੀ, ਬੁਰੀ ਤਰਾਂ ਪ੍ਰਭਾਵਤ ਹੋਏ ਹਨ ਜਿਸ ’ਤੇ ਮਾਨਯੋਗ ਮੁੱਖ ਮੰਤਰੀ ਜੀ ਵੱਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਸਨ।
ਇੰਜ: ਸੂਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਰਾਜ ਦੇ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹੇ ਹਨ ਅਤੇ ਇਸੀ ਲੜੀ ਦੇ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਪਾਸੋਂ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਪ੍ਰਾਪਤ ਕਰਨ ਵਾਲੇ ਕਰਜ਼ਦਾਰਾਂ ਦਾ ਕਰਜਾ ਮਾਫ ਕਰਕੇ 14 ਹਜ਼ਾਰ 260 ਕਰਜ਼ਦਾਰਾਂ ਨੂੰ 45.41 ਕਰੋੜ ਰੁਪਏ ਦੀ ਭਾਰੀ ਰਾਹਤ ਦਿੱਤੀ ਗਈ ਸੀ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜ਼ੇ ਮਾਫ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜ਼ੇ ਮਾਫ਼ੀ ਨਾਲ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਦੇ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ ਵੱਖ ਸਕੀਮਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ਼ ਕਰਜ਼ਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜ਼ਾ (ਸਮੇਤ 1.35 ਕਰੋੜ ਰੁਪਏ ਦੀ ਸਬਸਿਡੀ) ਦੇ ਕੇ ਵੱਡੀ ਉਪਲੱਬਧੀ ਹਾਸਲ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਰੋਨਾ ਮਹਾਂਮਾਰੀ ਕਾਰਨ ਲਾਕਡਾਊਨ ਹੋਣ ਦੇ ਬਾਵਜੂਦ ਵੀ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜ਼ਾ (ਸਮੇਤ 1.65 ਕਰੋੜ : ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ।
ਉਨਾਂ ਨੇ ਦੱਸਿਆ ਕਿ ਮੌਜ਼ੂਦਾ ਵਿੱਤੀ ਸਾਲ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਗੋਲਡਨ ਜੁਬਲੀ ਵਰੇ ਦੇ ਤੌਰ ਤੇ ਮਨਾ ਰਹੀ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਿੱਧਾ ਕਰਜ਼ਾ ਸਕੀਮ ਅਧੀਨ ਕਰਜੇ ਵੰਡਣ ਦਾ ਟੀਚਾ 5 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿਚ ਪੰਜਾਬ ਦੇ ਵੱਖ ਵੱਖ ਸਹਿਰਾਂ ਵਿਚ ਵਿਸੇਸ਼ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜ਼ਦਾਰਾਂ ਨੂੰ ਕਰਜਿਆਂ ਦੇ ਮਨਜੂਰੀ ਪੱਤਰ ਵੰਡੇ ਜਾ ਰਹੇ ਹਨ ਅਤੇ ਇਨਾਂ ਪ੍ਰੋਗਰਾਮਾਂ ਦੀ ਲੜੀ ਵਿਚ ਮੁੱਲਾਂਪੁਰ ਦਾਖਾ, ਬੰਗਾ, ਅੰਮਿ੍ਰਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਸੇ ਤਰਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।