ਵਿਧਾਇਕ ਨਾਗਰਾ ਨੇ ਕਿਸਾਨੀ ਸੰਘਰਸ਼ ਵਿਚ ਜਾਨ ਗਵਾਉਣ ਵਾਲੇ ਪਿੰਡ ਦਾਦੂਮਾਜਰਾ ਦੇ ਕਿਸਾਨ ਦਿਲਬਾਗ ਸਿੰਘ ਦੇ ਪਰਿਵਾਰ ਨੂੰ ਸੌਂਪਿਆ 05 ਲੱਖ ਦਾ ਚੈੱਕ
ਪੰਜਾਬ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ
ਬੀ ਟੀ ਐੱਨ , ਫਤਹਿਗੜ੍ਹ ਸਾਹਿਬ, 24 ਅਗਸਤ 2021
ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਸਾਨੀ ਸੰਘਰਸ਼ ਵਿਚ ਸਿੰਘੂ ਬਾਰਡਰ ਵਿਖੇ ਆਪਣੀ ਜਾਨ ਗਵਾਉਣ ਵਾਲੇ ਬਲਾਕ ਖੇੜਾ ਦੇ ਪਿੰਡ ਦਾਦੂਮਾਜਰਾ ਦੇ ਕਿਸਾਨ ਦਿਲਬਾਗ ਸਿੰਘ ਪੁੱਤਰ ਜਗੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 05 ਲੱਖ ਰੁਪਏ ਦਾ ਚੈੱਕ ਸੌਂਪਿਆ।
ਇਸ ਮੌਕੇ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਔਖ ਤੇ ਸੌਖ ਵਿੱਚ ਕਿਸਾਨਾਂ ਦੇ ਨਾਲ ਹੈ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਪੂਰੇ ਦੇਸ਼ ਦੀ ਅਨਾਜ ਦੀ ਲੋੜ ਪੂਰੀ ਕੀਤੀ ਪਰ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਤਿੰਨ ਕਾਨੂੰਨਾਂ ਕਾਰਨ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਘਰਸ਼ੀਲ ਕਿਸਾਨਾਂ ਦੀ ਜਿੱਤ ਯਕੀਨੀ ਹੈ ਕਿਉਂਕਿ ਕਿਸਾਨ ਹੱਕ ਤੇ ਸੱਚ ਲਈ ਸੰਘਰਸ਼ ਕਰ ਰਹੇ ਹਨ ਤੇ ਸੱਚ ਦੀ ਸਦਾ ਜਿੱਤ ਹੁੰਦੀ ਹੈ।
ਸ. ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਨ੍ਹਾਂ ਤਿੰਨ ਕਾਨੂੰਨਾਂ ਨਾਲ ਪੰਜਾਬ ਵਿਚਲਾ ਮੰਡੀਕਰਨ ਪ੍ਰਬੰਧ ਵੀ ਪ੍ਰਭਾਵਿਤ ਹੋਵੇਗਾ ਜਦਕਿ ਪੰਜਾਬ ਸਰਕਾਰ ਕਰੋੜਾਂ ਰੁਪਏ ਖਰਚ ਕਰ ਕੇ ਮੰਡੀਆਂ ਦੀ ਕਾਇਆ ਕਲਪ ਕਰ ਰਹੀ ਹੈ, ਜਿਸ ਤਹਿਤ ਮੰਡੀਆਂ ਵਿੱਚ ਨਵੇਂ ਫੜ ਬਣਾਏ ਹਨ ਤੇ ਪੁਰਾਣਿਆਂ ਦਾ ਨਵ ਨਿਰਮਾਣ ਕੀਤਾ ਹੈ। ਮੰਡੀਆਂ ਵਿਚਲੀਆਂ ਸੜਕਾਂ, ਸੀਵਰੇਜ, ਪਖਾਨੇ ਆਦਿ ਦਾ ਉੱਚ ਪੱਧਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲ ਇਹ ਪ੍ਰਬੰਧ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।
ਸ. ਨਾਗਰਾ ਨੇ ਕਿਹਾ ਕਿ ਕਿਸਾਨ ਪਿਛਲੇ ਕਰੀਬ 09 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਉਤੇ ਬੈਠੇ ਹਨ ਤੇ 400 ਤੋਂ ਵੱਧ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ ਹੈ।ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਕਿਸਾਨ 05 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਮੇਸ਼ਾਂ ਕਿਸਾਨਾਂ ਦੀ ਬਾਂਹ ਫੜੀ ਗਈ ਤੇ ‘ਕਰਜ਼ਾ ਮੁਆਫੀ ਸਕੀਮ’ ਲਿਆਂਦੀ ਗਈ। ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ 05 ਲੱਖ 64 ਹਜ਼ਾਰ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ।
ਇਸੇ ਤਰ੍ਹਾਂ ਹੁਣ 02 ਲੱਖ 85 ਹਜ਼ਾਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 08 ਲੱਖ 50 ਹਜ਼ਾਰ ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਲਿਆਂਦਾ ਗਿਆ, ਜਿਸ ਤਹਿਤ ਕਿਸਾਨਾਂ ਦੇ ਪਰਿਵਾਰਾਂ ਨੂੰ 05 ਲੱਖ ਰੁਪਏ ਤੱਕ ਸਿਹਤ ਸਹੂਲਤਾਂ ਮਿਲਣਗੀਆਂ।
ਇਸ ਮੌਕੇ ਐੱਸ.ਡੀ.ਐੱਮ ਸੰਜੀਵ ਕੁਮਾਰ, ਤਹਿਸੀਲਦਾਰ ਗੁਰਜਿੰਦਰ ਸਿੰਘ, ਬਲਾਕ ਪ੍ਰਧਾਨ ਡਾ.ਬਲਰਾਮ ਸ਼ਰਮਾ, ਸਾਬਕਾ ਸਰਪੰਚ ਜਸਪਾਲ ਸਿੰਘ, ਹਰਜਿੰਦਰ ਸਿੰਘ ਬੈਦਵਾਣ, ਅਮਰਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਜਸਵੰਤ ਸਿੰਘ, ਅਮਰ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।