ਪੇਂਡੂ ਮਜ਼ਦੂਰਾਂ ਦੀ ਦਹਾੜ, ਤੁਰੰਤ ਜੁੜਨਗੇ ਮਜ਼ਦੂਰਾਂ ਦੇ ਪੱਟੇ ਬਿਜਲੀ ਮੀਟਰ

Advertisement
Spread information

ਤੁਰੰਤ_ਜੁੜਨਗੇ_ਮਜ਼ਦੂਰਾਂ_ਦੇ_ਪੱਟੇ_ਬਿਜਲੀ_ਮੀਟਰ

ਜਥੇਬੰਦੀਆਂ ਵੱਲੋਂ ਕਰਜ਼ਾ ਮੁਆਫ਼ੀ ਤੇ ਹੋਰ ਮੰਗਾਂ ਲਈ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ


ਪਰਦੀਪ ਕਸਬਾ  , ਚੰਡੀਗੜ੍ਹ,25 ਅਗਸਤ 2021

          ਪਿਛਲੇ ਸਮੇਂ ਦੌਰਾਨ ਬਿਜਲੀ ਬਿੱਲ ਨਾ ਭਰਨ ਕਰਕੇ ਮਜ਼ਦੂਰਾਂ ਦੇ ਪੁੱਟੇ ਹੋਏ ਮੀਟਰ ਬਿਨਾਂ ਸ਼ਰਤ ਜੋੜੇ ਜਾਣਗੇ ਤੇ ਬਿੱਲ ਭਰਨ ਤੋਂ ਅਸਮਰੱਥ ਮਜ਼ਦੂਰਾਂ ਦੇ ਕੁਨੈਕਸ਼ਨ ਕੱਟਣੇ ਬੰਦ ਹੋਣਗੇ ਅਤੇ ਮਜ਼ਦੂਰਾਂ ਦੇ ਕੱਟੇ ਹੋਏ ਆਟਾ ਦਾਲ ਦੇ ਕਾਰਡ ਬਹਾਲ ਕੀਤੇ ਜਾਣਗੇ ਅਤੇ ਨਵੇਂ ਕਾਰਡ ਬਣਾਉਣ ਲਈ ਬੰਦ ਪਿਆ ਪੋਰਟਲ ਇੱਕ ਹਫ਼ਤੇ ਚ ਖੋਲਿਆ ਜਾਵੇਗਾ। ਇਹ ਫੈਸਲਾ ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਸਰਕਾਰ ਨਾਲ ਹੋਈ ਪੈਨਲ ਮੀਟਿੰਗ ਵਿੱਚ ਲਿਆ ਗਿਆ।

Advertisement

ਅੱਜ ਦੀ ਮੀਟਿੰਗ ਵਿੱਚ ਦਿਹਾਤੀ ਮਜ਼ਦੂਰ ਸਭਾ ਦੇ ਗੁਰਨਾਮ ਸਿੰਘ ਦਾਊਦ, ਪੰਜਾਬ ਖੇਤ ਮਜ਼ਦੂਰ ਸਭਾ ਦੇ ਗੁਲਜ਼ਾਰ ਗੌਰੀਆ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਮੇਸ਼ ਮਾਲੜੀ , ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਬਲੀ ਅਟਵਾਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਭਗਵੰਤ ਸਿੰਘ ਸਮਾਓ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਤਰਸੇਮ ਪੀਟਰ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ

ਸੰਜੀਵ ਮਿੰਟੂ ਸਮੇਤ 14 ਨੁੰਮਾਇੰਦੇ ਹਾਜ਼ਰ ਸਨ,ਜਦੋਂ ਕਿ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੋਂ ਇਲਾਵਾ ਬਿਜਲੀ ਬੋਰਡ ਦੇ ਨੁਮਾਇੰਦੇ ਏ ਵੇਨੂੰ ਪ੍ਰਸ਼ਾਦ, ਕਿਰਤ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਵਿਜੈ ਕੁਮਾਰ ਜੰਜੂਆਂ,ਵਿੱਤ ਵਿਭਾਗ ਦੇ ਸਕੱਤਰ,ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ, ਸਹਿਕਾਰੀ ਸਭਾਵਾਂ ਦੇ ਸਕੱਤਰ ਵਿਕਾਸ ਗਰਗ ਅਤੇ ਫ਼ੂਡ ਸਪਲਾਈ ਵਿਭਾਗ ਦੇ ਸਕੱਤਰ ਵੀ ਮੌਜੂਦ ਸਨ।

ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਤੇ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਮੰਤਰੀ ਨਾਲ਼ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜ਼ਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਉਕਤ ਫੈਸਲਿਆਂ ਤੋਂ ਇਲਾਵਾ ਮਜ਼ਦੂਰਾਂ ਦੇ 9 ਨੁਕਾਤੀ ਮੰਗ ਪੱਤਰ ਉਤੇ ਸੁਖਾਵੇਂ ਮਾਹੌਲ ‘ਚ ਵਿਸਥਾਰੀ ਚਰਚਾ ਦੌਰਾਨ ਮਜਦੂਰਾਂ ਦੇ ਕੱਟੇ ਹੋਏ ਪਲਾਟਾਂ ਦਾ ਕਬਜ਼ਾ ਡੇਢ ਮਹੀਨੇ ‘ਚ ਦੇਣ ਦਾ ਵਾਅਦਾ ਵੀ ਕੀਤਾ ਗਿਆ ਤੇ ਇਸ ਮਸਲੇ ਅਤੇ ਪੰਚਾਇਤੀ ਜ਼ਮੀਨਾਂ ਚੋਂ ਰਾਖਵੇਂ ਹਿੱਸੇ ਦਾ ਹੱਕ ਅਮਲ ਵਿੱਚ ਦੇਣ ਸੰਬੰਧੀ ਮਸਲੇ ਦੇ ਠੋਸ ਹੱਲ ਲਈ

7 ਸਤੰਬਰ ਨੂੰ ਪੰਚਾਇਤ ਵਿਭਾਗ ਦੇ ਡਾਇਰੈਕਟਰ ਨਾਲ਼ ਜਥੇਬੰਦੀਆਂ ਦੀ ਮੀਟਿੰਗ ਮੁੜ ਉਹਨਾਂ ਦੇ ਮੋਹਾਲੀ ਦਫ਼ਤਰ ਚ ਰੱਖੀ ਗਈ। ਮਜ਼ਦੂਰ ਆਗੂਆਂ ਨੇ ਆਖਿਆ ਕਿ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ , ਖੁਦਕੁਸ਼ੀ ਪੀੜਤਾਂ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਨੌਕਰੀ ਦੇਣ , ਬਿਜਲੀ ਬਿੱਲਾਂ ਦੇ ਬਕਾਏ ਤੇ ਬਿੱਲ ਮੁਆਫ ਕਰਨ, ਕਿਰਤ ਕਾਨੂੰਨਾਂ ‘ਚ ਸੋਧਾਂ ਰੱਦ ਕਰਨ ਸਬੰਧੀ ਵਿਧਾਨ ਸਭਾ ਚ ਮਤਾ ਲਿਆਉਣ ,

ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ ਤੇ ਪੈਨਸ਼ਨ ਦੀ ਰਕਮ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਆਦਿ ਮੁੱਦਿਆਂ ਉਪਰ ਕੋਈ ਠੋਸ ਫੈਸਲਾ ਨਹੀਂ ਹੋ ਸਕਿਆ ਪ੍ਰੰਤੂ ਹਾਜ਼ਰ ਮੰਤਰੀ ਨੇ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਹੋਣ ਵਾਲੀ ਮੀਟਿੰਗ ਵਿੱਚ ਇਹਨਾਂ ਮੰਗਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ। ਉਨ੍ਹਾਂ ਆਖਿਆ ਕਿ ਕੈਬਨਿਟ ਮੰਤਰੀ ਨਾਲ਼ ਹੋਈ ਅੱਜ ਦੀ ਮੀਟਿੰਗ ਦੀ ਵਿਸਥਾਰੀ ਸਮੀਖਿਆ ਕਰਨ ਅਤੇ ਆਪਣੇ ਘੋਲ਼ ਨੂੰ ਅੱਗੇ ਵਧਾਉਣ ਲਈ 28 ਅਗਸਤ ਨੂੰ ਮਜ਼ਦੂਰ ਜਥੇਬੰਦੀਆਂ ਸਾਂਝੀ ਮੀਟਿੰਗ ਜਲੰਧਰ ਵਿਖੇ ਕੀਤੀ ਜਾਵੇਗੀ।

ਅੱਜ ਮੀਟਿੰਗ ਚ ਲਛਮਣ ਸਿੰਘ ਸੇਵੇਵਾਲਾ,, ਦਰਸ਼ਨ ਨਾਹਰ, ਦੇਵੀ ਕੁਮਾਰੀ, ਕਸ਼ਮੀਰ ਸਿੰਘ ਘੁੱਗਸ਼ੋਰ ,ਲਖਵੀਰ ਸਿੰਘ ਲੌਂਗੋਵਾਲ, ਬਲਜੀਤ ਸਿੰਘ, ਹਰਵਿੰਦਰ ਸਿੰਘ ਸੇਮਾ ਵੀ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!