ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਆਉਂਦੇ ਖਰੀਦ ਸੀਜ਼ਨ ਲਈ ਤਿਆਰੀਆਂ ਦਾ ਜਾਇਜ਼ਾ
–ਜ਼ਿਲ੍ਹੇ ਦੀਆਂ ਮੰਡੀਆਂ ‘ਚ 16.31 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ
ਬਲਵਿੰਦਰਪਾਲ , ਪਟਿਆਲਾ, 7 ਸਤੰਬਰ 2021
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਆਉੁਂਦੇ ਖਰੀਫ਼ ਸੀਜ਼ਨ ਦੌਰਾਨ 16.31 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧਾਂ ਤੇਜ਼ੀ ਨਾਲ ਮੁਕੰਮਲ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ, ਕੁਮਾਰ ਅਮਿਤ ਨੇ ਅੱਜ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਲਈ 70 ਫ਼ੀਸਦੀ ਬਾਰਦਾਨਾ ਸ਼ੈਲਰ ਮਾਲਕਾ ਵੱਲੋਂ ਮੁਹੱਈਆ ਕਰਵਾਇਆ ਜਾਣਾ ਹੈ ਜਦਕਿ ਬਾਕੀ ਦੇ 30 ਫ਼ੀਸਦੀ ਦਾ ਏਜੰਸੀਆਂ ਵੱਲੋਂ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 107 ਮੰਡੀਆਂ ਖਰੀਦ ਕੇਂਦਰਾਂ ਵਜੋਂ ਅਧਿਸੂਚਿਤ ਕਰ ਦਿੱਤੀਆਂ ਗਈਆਂ ਹਨ ਅਤੇ ਆਰਜ਼ੀ ਖਰੀਦ ਕੇਂਦਰਾਂ ਦੀ ਸਥਾਪਤੀ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਮੀਟਿੰਗ ‘ਚ ਹਾਜ਼ਰ ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਨੂੰ ਖਰੀਦ ਸੀਜ਼ਨ ਤੋਂ ਪਹਿਲਾਂ ਮੰਡੀਆਂ ‘ਚ ਸਫ਼ਾਈ, ਪਾਣੀ, ਤਰਪਾਲਾਂ, ਲਾਈਟਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਆਖਿਆ। ਉਨ੍ਹਾਂ ਨੇ ਨਮੀ ਮਾਪਕ ਯੰਤਰਾਂ ਦੀ ਵਿਸ਼ੇਸ਼ ਤੌਰ ‘ਤੇ ‘ਕੈਲੀਬ੍ਰੇਸ਼ਨ’ ਕਰਨ ਲਈ ਆਖਿਆ ਤਾਂ ਜੋ ਮੰਡੀਆਂ ‘ਚ ਆਉਣ ਵਾਲੀ ਜਿਣਸ ‘ਚ ਨਮੀ ਤੈਅ ਮਿਆਰਾਂ ਤੋਂ ਵੱਧ ਨਾ ਹੋਵੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਐਚ ਐਸ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ‘ਚ ਭਾਰਤੀ ਖੁਰਾਕ ਨਿਗਮ, ਪਨਗ੍ਰੇਨ, ਮਾਰਕਫ਼ੈਡ, ਪਨਸਪ ਤੇ ਪੰਜਾਬ ਰਾਜ ਗੋਦਾਮ ਨਿਗਮ ਵੱਲੋਂ ਖਰੀਦ ਕਾਰਜ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਢੋਆ-ਢੁਆਈ ਨਾਲ ਸਬੰਧਤ ਲੇਬਰ/ਕਾਰਟੇਜ ਦੇ ਮੌਜੂਦਾ ਟੈਂਡਰਾਂ ਦੀ ਮਿਆਦ ‘ਚ ਸਰਕਾਰ ਵੱਲੋਂ 31 ਦਸੰਬਰ ਤੱਕ ਵਾਧਾ ਕਰ ਦਿੱਤਾ ਗਿਆ ਹੈ।
ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ‘ਚ ਭਾਰਤੀ ਖੁਰਾਕ ਨਿਗਮ ਦੇ ਖਰੀਦ ਪ੍ਰਬੰਧਕ ਸ਼ਾਲੀਨ, ਗੋਦਾਮ ਨਿਗਮ ਦੇ ਮਨਜੀਤ ਸਿੰਘ, ਮਾਰਕਫ਼ੈਡ ਦੇ ਵਿਨੀਤ ਸਿੰਗਲਾ, ਪਨਸਪ ਦੇ ਬਨਦੀਪ ਸਿੰਘ ਕਾਲੇਕਾ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਵੀ ਸ਼ਾਮਲ ਸਨ।