ਮੋਤੀ ਮਹਿਲ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ
13 ਸਤੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਘਿਰਾਓ
*ਕਰਜ਼ਾ ਮੁਆਫ਼ੀ ਤੇ ਹੋਰ ਮਜ਼ਦੂਰ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ
ਪਰਦੀਪ ਕਸਬਾ , ਚੰਡੀਗੜ੍ਹ,11 ਸਤੰਬਰ 2021
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾ ਹੈੱਡਕੁਆਰਟਰ ‘ਤੇ ਪੁੱਜੀਆਂ ਰਿਪੋਰਟਾਂ ਅਨੁਸਾਰ ਮਜ਼ਦੂਰ ਜਥੇਬੰਦੀਆਂ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ 13 ਸਤੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਮੋਤੀ ਮਹਿਲ ਦੇ ਕੀਤੇ ਜਾ ਰਹੇ ਘਿਰਾਓ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਮਜ਼ਦੂਰ ਆਗੂਆਂ ਲਛਮਣ ਸਿੰਘ ਸੇਵੇਵਾਲਾ, ਕਸ਼ਮੀਰ ਸਿੰਘ ਘੁੱਗਸ਼ੋਰ ਤੇ ਬਲਦੇਵ ਸਿੰਘ ਨੂਰਪੁਰੀ ਨੇ ਪੁੱਜੀਆਂ ਰਿਪੋਰਟਾਂ ਦੇ ਅਧਾਰਿਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਹਜ਼ਾਰਾਂ ਮਜ਼ਦੂਰ ਮਰਦ ਔਰਤਾਂ ਵੱਲੋਂ ਮੋਤੀ ਮਹਿਲ ਦੇ ਘਿਰਾਓ ‘ਚ ਸ਼ਾਮਲ ਹੋਣ ਲਈ ਬੱਸਾਂ, ਕੈਟਰਾਂ ਆਦਿ ਦੇ ਇੰਤਜ਼ਾਮ ਮੁਕੰਮਲ ਕਰ ਲਏ ਹਨ ਅਤੇ ਬਰਸਾਤ ਨੂੰ ਮੁੱਖ ਰੱਖਦਿਆਂ ਖੁੱਲ੍ਹੇ ਵਹੀਕਲਾਂ ਨੂੰ ਕਵਰ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਉਨ੍ਹਾਂ ਦੱਸਿਆ ਕਿ ਕਰਜ਼ੇ ਤੇ ਬਿਜਲੀ ਬਿੱਲਾਂ ਦੀ ਮੁਆਫ਼ੀ, ਰੁਜ਼ਗਾਰ ਗਰੰਟੀ, ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਮਜ਼ਦੂਰ ਦੋਖੀ ਸੋਧਾਂ ਰੱਦ ਕਰਨ,ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ‘ਤੇ ਦੇਣ , ਜ਼ਮੀਨਾਂ ਦੀ ਕਾਣੀ ਵੰਡ ਖ਼ਤਮ ਕਰਨ ਅਤੇ ਦਲਿਤਾਂ ‘ਤੇ ਜ਼ਬਰ ਬੰਦ ਕਰਨ ਆਦਿ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਇਸ ਘਿਰਾਓ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 16 ਜ਼ਿਲਿਆਂ ਦੇ ਸੈਂਕੜੇ ਪਿੰਡਾਂ ਵਿੱਚ ਮੋਤੀ ਮਹਿਲ ਦੇ ਘਿਰਾਓ ਦੀਆਂ ਤਿਆਰੀਆਂ ਸਬੰਧੀ ਕੀਤੀਆਂ ਮੀਟਿੰਗਾਂ ਤੇ ਰੈਲੀਆਂ ‘ਚ ਹਜ਼ਾਰਾਂ ਮਜ਼ਦੂਰਾਂ ਵੱਲੋਂ ਸ਼ਿਰਕਤ ਕੀਤੀ ਗਈ।
ਇਹਨਾਂ ਇਕੱਠਾਂ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਬਲੀ ਅਟਵਾਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਮਿੰਟੂ ਸਮੇਤ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ।
ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨਾ ਸਿਰਫ ਚੋਣਾਂ ਦੌਰਾਨ ਮਜ਼ਦੂਰਾਂ ਨਾਲ਼ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ ਸਗੋਂ 25 ਅਗਸਤ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ਼ ਕੀਤੀ ਮੀਟਿੰਗ ਦੌਰਾਨ ਮਜ਼ਦੂਰਾਂ ਦੇ ਬਿਜਲੀ ਬਕਾਏ ਪਾਸੇ ਰੱਖਕੇ ਮਜ਼ਦੂਰਾਂ ਦੇ ਪੱਟੇ ਹੋਏ ਮੀਟਰ ਤੁਰੰਤ ਜੋੜਨ ਅਤੇ ਅੱਗੇ ਤੋਂ ਮੀਟਰ ਪੱਟਣੇ ਬੰਦ ਕਰਨ, ਆਟਾ ਦਾਲ ਸਕੀਮ ਦੇ ਕੱਟੇ ਹੋਏ ਕਾਰਡ ਬਹਾਲ ਕਰਨ, ਨਵੇਂ ਕਾਰਡ ਬਨਾਉਣ ਅਤੇ ਇਸ ਸਕੀਮ ਸਬੰਧੀ ਮਹਿਕਮੇ ਦੀ ਬੰਦ ਪਈ ਸਾਈਟ ਇੱਕ ਹਫ਼ਤੇ :ਚ ਚਾਲੂ ਕਰਨ ਤੋਂ ਇਲਾਵਾ ਬਾਕੀ ਮੰਗਾਂ ਦੇ ਹੱਲ ਲਈ ਕੈਬਨਿਟ ਮੀਟਿੰਗ ‘ਚ ਵਿਚਾਰ ਕਰਕੇ ਹਾਂ ਪੱਖੀ ਕਦਮ ਚੁੱਕਣ ਦੇ ਕੀਤੇ ਫ਼ੈਸਲਿਆਂ ਨੂੰ ਲਾਗੂ ਕਰਨ ਤੋਂ ਵੀ ਕੰਨੀ ਕਤਰਾ ਗਈ ਹੈ। ਉਹਨਾਂ ਐਲਾਨ ਕੀਤਾ ਕਿ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੀ ਪੂਰਤੀ ਤੱਕ ਸਾਂਝਾ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ।