ਡਿਪਟੀ ਕਮਿਸ਼ਨਰ ਵੱਲੋਂ ਸੰਘੇੜਾ ਵਿਖੇ 7 ਵੇਂ ਮੈਗਾ ਰੋਜ਼ਗਾਰ ਮੇਲੇ ‘ਚ ਕੀਤੀ ਗਈ ਸ਼ਿਰਕਤ
*ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ ਦਿੱਤਾ ਗਿਆ ਰੋਜ਼ਗਾਰ
*15 ਤੇ 17 ਸਤੰਬਰ ਨੂੰ ਵੀ ਲੱਗਣਗੇ ਰੋਜ਼ਗਾਰ ਮੇਲੇ
ਪਰਦੀਪ ਕਸਬਾ , ਬਰਨਾਲਾ, 14 ਸਤੰਬਰ 2021
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ ਵਿਖੇ ਲਗਾਏ ਗਏ ਅੱਜ 7ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸ਼ਿਰਕਤ ਕੀਤੀ।
ਰੋਜ਼ਗਾਰ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਦੁਆਰਾ ਲਗਾਈਆਂ ਗਈਆਂ ਸਟਾਲਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਦੌਰਾ ਕੀਤਾ ਗਿਆ ਅਤੇ ਰੋਜ਼ਗਾਰ ਮੇਲੇ ਵਿੱਚ ਪਹੁੰਚੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਘਰ-ਘਰ ਰੋਜ਼ਗਾਰ” ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੇ ਰੋਜ਼ਗਾਰ ਮੇਲੇ ਲਗਾਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਇਸ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਜਿਨ੍ਹਾਂ ਵਿੱਚ ਨਰਾਇਣੀ ਹਰਬਲਜ਼, ਪੁਖਰਾਜ, ਆਈ.ਓ.ਐਲ, ਟ੍ਰਾਈਡੈਂਟ ਗਰੁੱਪ, ਆਈ.ਸੀ.ਆਈ.ਸੀ.ਆਈ.ਬੈਂਕ, ਮਹਿੰਦਰਾ ਆਟੋ ਮੋਬਾਇਲ, ਵਰਧਮਾਨ ਆਦਿ ਸ਼ਾਮਲ ਸਨ, ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।
ਇਸ ਮੌਕੇ ਰੋਜ਼ਗਾਰ ਮੇਲੇ ਵਿੱਚ ਬਰਨਾਲਾ ਤੋਂ ਨੌਕਰੀ ਦੀ ਭਾਲ ਲਈ ਆਈ ਵਿਦਿਆਰਥਣ ਅਮਨਦੀਪ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਕਾਲਜ ਸੰਘੇੜਾ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ ਮੈਨੂੰ ਅੱਜ ਨਰਾਇਣੀ ਹਰਬਲ ਕੰਪਨੀ ਵੱਲੋਂ ਨੌਕਰੀ ਦਿੰਦਿਆਂ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
*15 ਅਤੇ 17 ਸਤੰਬਰ ਨੂੰ ਵੀ ਲਗਾਏ ਜਾਣਗੇ ਰੋਜ਼ਗਾਰ ਮੇਲੇ : ਡਿਪਟੀ ਕਮਿਸ਼ਨਰ
ਇਸ ਮੌਕੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ 15 ਸਤੰਬਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ ਵਿਖੇ ਹੀ ਅਤੇ 17 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਰਨਾਲਾ ਵਿਖੇ ਰੋਜ਼ਗਾਰ ਮੇਲੇ ਲਗਾਕੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਹੀ ਇੰਟਰਵਿਊ ਲੈ ਕੇ ਉਮੀਦਵਾਰਾਂ ਦੀ ਚੋਣ ਕਰਦਿਆਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਾਪਤ ਕੀਤੇ ਜਾਣ।
ਇਨ੍ਹਾ ਰੋਜ਼ਗਾਰ ਮੇਲਿਆਂ ਸਬੰਧੀ ਵਧੇਰੇ ਜਾਣਕਾਰੀ ਲਈ 94658-31007 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ, ਰੋਜ਼ਗਾਰ ਅਫ਼ਸਰ ਗੁਰਤੇਜ ਸਿੰਘ ਆਦਿ ਹਾਜ਼ਰ ਸਨ।