ਜ਼ਿਲ੍ਹੇ ’ਚ 4 ਕਲੱਸਟਰ ਕੋਆਰਡੀਨੇਟਰ, 12 ਕਲੱਸਟਰ ਅਫ਼ਸਰ ਤੇ ਪਿੰਡ ਪੱਧਰ ’ਤੇ ਨੋਡਲ ਅਫਸਰ ਤਾਇਨਾਤ
ਰਘਵੀਰ ਹੈਪੀ , ਬਰਨਾਲਾ, 21 ਸਤੰਬਰ 2021
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਾਊਂ ਪ੍ਰਬੰਧ ਵਿੱਢ ਲਏ ਗਏ ਹਨ। ਪਰਾਲੀ ਸਾੜਨ ਦੇ ਰੁੁਝਾਨ ਨੂੰ ਠੱਲਣ ਲਈ ਜ਼ਿਲਾ ਪ੍ਰਸ਼ਾਸਨ ਵੱੱਲੋਂ ਪਿੰਡਾਂ ਵਿਚ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ 4 ਕਲੱਸਟਰ ਕੋਆਰਡੀਨੇਟਰ ਅਤੇ 12 ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 27 ਕਲੱਸਟਰ ਕਰਮਚਾਰੀ ਅਤੇ ਜ਼ਿਲੇ ਦੇ ਪਿੰਡਾਂ ਵਿਚ ਕਰੀਬ 128 ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨਾਂ ਕਿਹਾ ਕਿ ਇਹ ਅਮਲਾ ਕਲੱਸਟਰ ਕੋਆਰਡੀਨੇਟਰਾਂ ਅਤੇ ਕਲੱਸਟਰ ਅਫ਼ਸਰਾਂ ਨਾਲ ਤਾਲਮੇਲ ਕਰਕੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ ਪਾਏਗਾ।
ਉਨਾਂ ਦੱਸਿਆ ਕਿ ਸਹਾਇਕ ਕਮਿਸ਼ਨਰ (ਜਨਰਲ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਉਪ ਮੰਡਲ ਮੈਜਿਸਟ੍ਰੇਟ ਤੇ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਕਲੱਸਟਰ ਕੋਆਰਡੀਨੇਟਰ ਤਾਇਨਾਤ ਕੀਤਾ ਗਿਆ ਹੈ, ਜੋ ਕਿ ਨੋਡਲ ਅਫਸਰਾਂ ਦੀਆਂ ਸੇਵਾਵਾਂ ਦੀ ਨਜ਼ਰਸਾਨੀ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕਰੀਬ 8500 ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਨਾਂ ਨੋਡਲ ਅਫਸਰਾਂ ਤੋਂ ਇਲਾਵਾ ਜੀਓਜੀ (ਖੁਸ਼ਹਾਲੀ ਦੇ ਰਾਖੇ) ਅਤੇ ਸਬੰਧਤ ਵਿਭਾਗ ਵੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ ਲਈ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਿੱਤੀ ਜਾਂਦੀ ਹੈ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਤੇ ਕਿਸਾਨ ਗਰੁੱਪ ਇਸ ਮਸ਼ੀਨਰੀ ਅਤੇ ਆਧੁਨਿਕ ਤਕਨੀਕਾਂ ਦਾ ਲਾਹਾ ਲੈਂਦੇ ਹੋਏ ਪਰਾਲੀ ਦਾ ਵਾਤਾਵਰਣ ਪੱਖੀ ਨਿਬੇੜਾ ਕਰਨ ਤਾਂ ਜੋ ਅਸੀਂ ਆਪਣਾ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕੀਏ।