ਕਿਸਾਨਾਂ ਨੂੰ ਨਮੀ ਬਾਰੇ ਤੈਅ ਮਾਪਦੰਡਾਂ ਅਨੁਸਾਰ ਹੀ ਝੋਨਾ ਲਿਆਉਣ ਦੀ ਅਪੀਲ
ਹਰਿੰਦਰ ਨਿੱਕਾ , ਬਰਨਾਲਾ, 5 ਅਕਤੂਬਰ 2021
ਜ਼ਿਲਾ ਬਰਨਾਲਾ ਵਿਚ ਅੱਜ ਅਨਾਜ ਮੰਡੀ ਬਰਨਾਲਾ ਤੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਮੁੱਖ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਪਨਸਪ ਏਜੰਸੀ ਵੱਲੋਂ 20 ਮੀਟਿ੍ਰਕ ਟਨ ਝੋਨੇ ਨਾਲ ਸਰਕਾਰੀ ਖਰੀਦ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ 98 ਅਨਾਜ ਮੰਡੀਆਂ ਹਨ ਤੇ 47 ਆਰਜ਼ੀ ਮੰਡੀਆਂ ਬਣਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 212 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਮੀ ਸਬੰਧੀ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਕਿਸਾਨ ਝੋਨਾ ਮੰਡੀਆਂ ਵਿਚ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਤਰਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਇਸ ਦੌਰਾਨ ਉਨਾਂ ਹੰਡਿਆਇਆ ਅਨਾਜ ਮੰਡੀ ਅਤੇ ਘੁੰਨਸ ਅਨਾਜ ਮੰਡੀ ਵਿਖੇ ਵੀ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਸਵੀਟੀ ਦੇਵਗਨ, ਜ਼ਿਲਾ ਮੰਡੀ ਅਫਸਰ ਜਸਪਾਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵੱਲੋਂ ਬੱਸ ਸਟੈਂਡ ਦਾ ਦੌਰਾ
ਡਿਪਟੀ ਕਮਿਸ਼ਨਰ ਵੱਲੋਂ ਬਰਨਾਲਾ ਦੇ ਬੱਸ ਸਟੈਂਡ ਦਾ ਦੌਰਾ ਕੀਤਾ ਗਿਆ ਅਤੇ ਮੁਸਾਫਰਾਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਟਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸ ਸਟੈਂਡ ਵਿਖੇ ਸਫਾਈ ਪ੍ਰਬੰਧਾਂ ਤੋਂ ਇਲਾਵਾ ਪੱਖਾ, ਬਿਜਲੀ ਤੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਏ ਜਾਣ।