ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਸਬੰਧੀ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ: ਬੌਬੀ
ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਨੇ ਸਰਹਿੰਦ ਮੰਡੀ ਵਿੱਚ ਝੋਨੇ ਦੀ ਲਿਫਟਿੰਗ ਕਰਵਾਈ ਸ਼ੁਰੂ
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
ਬੀ ਟੀ ਐਨ , ਫ਼ਤਹਿਗੜ੍ਹ ਸਾਹਿਬ, 07 ਅਕਤੂਬਰ 2021
ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ ਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਕਿ ਲਿਫਟਿੰਗ ਸਬੰਧੀ ਵੀ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਲਸ਼ਨ ਰਾਏ ਬੌਬੀ ਨੇ ਸਰਹਿੰਦ ਮੰਡੀ ਵਿਖੇ ਲਿਫਟਿੰਗ ਪ੍ਰਕਿਰਿਆ ਸ਼ੁਰੂ ਕਰਵਾਉਣ ਉਪਰੰਤ ਟਰੱਕ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ।
ਸ੍ਰੀ ਬੌਬੀ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਹਨ ਤੇ ਖ਼ਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਹਾ ਕਿ ਜੇ ਕਿਤੇ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਵੀ ਹੈ ਤਾਂ ਉਸ ਨੂੰ ਫੌਰੀ ਹੱਲ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੀ ਬੌਬੀ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਝੋਨਾ ਵੇਚਣ ਸਬੰਧੀ ਕੋਈ ਦਿੱਕਤ ਨਾ ਆਵੇ।
ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਾਉਣ। ਇਸ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਕਰੋਨਾ ਦੇ ਦੌਰ ਵਿੱਚ ਤਾਂ ਪਰਾਲੀ ਨੂੰ ਅੱਗ ਲਾਉਣੀ ਹੋਰ ਵੀ ਖ਼ਤਰਨਾਕ ਹੈ ਕਿਉਂਕਿ ਇਸ ਨਾਲ ਸਾਹ ਦੀਆਂ ਵੱਡੀ ਗਿਣਤੀ ਬਿਮਾਰੀਆਂ ਲੱਗਦੀਆਂ ਹਨ ਤੇ ਕਰੋਨਾ ਕਾਰਨ ਇਹ ਮੁਸ਼ਕਲ ਬਹੁਤ ਜ਼ਿਆਦਾ ਗੰਭੀਰ ਹੋ ਜਾਂਦੀ ਹੈ।
ਇਸ ਮੌਕੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਨਿੱਪੀ, ਵਿਨੋਦ ਗੁਪਤਾ, ਸਤੀਸ਼ ਕੁਮਾਰ ਤੇ ਸੁਧੀਰ ਅਰੋੜਾ ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।