Skip to content
- Home
- ਪਰਾਲੀ ਦੀ ਉਚਿਤ ਪ੍ਰਬੰਧ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਵੱਖ ਵੱਖ ਜਥੇਬੰਦੀਆਂ ਨਾਲ ਮੀਟਿੰਗ
Advertisement
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਉਪਰਾਲੇ ਜਾਰੀ
-ਵਾਤਾਵਰਣ ਦੀ ਸ਼ੁੱਧਤਾ ਲਈ ਸਮਾਜ ਦੇ ਹਰੇਕ ਵਰਗ ਦਾ ਯੋਗਦਾਨ ਜ਼ਰੂਰੀ : ਡਿਪਟੀ ਕਮਿਸ਼ਨਰ
–ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਅਗਾਂਹਵਧੂ ਕਿਸਾਨਾਂ, ਕੰਬਾਇਨ ਓਪਰੇਟਰਾਂ ਤੇ ਖੇਤੀ ਸੰਦ ਬਣਾਉਣ ਵਾਲਿਆਂ ਨਾਲ ਕੀਤੀ ਮੀਟਿੰਗ
-ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸਮੱਸਿਆਵਾਂ ਸੁਣੀਆਂ
ਬਲਵਿੰਦਰਪਾਲ ਪਟਿਆਲਾ, 9 ਅਕਤੂਬਰ 2021
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ‘ਚ ਝੋਨੇ ਦੀ ਪਰਾਲੀ ਦੇ ਸਹੀ ਨਿਪਟਾਰੇ ਲਈ ਸਬੰਧਤ ਧਿਰਾਂ ਨਾਲ ਵਿਚਾਰ ਚਰਚਾ ਕਰਨ ਲਈ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਅਗਾਂਹਵਧੂ ਕਿਸਾਨਾਂ, ਕੰਬਾਇਨ ਓਪਰੇਟਰਾਂ ਤੇ ਖੇਤੀ ਸੰਦ ਬਣਾਉਣ ਵਾਲੇ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸਤ੍ਰਿਤ ਮੀਟਿੰਗ ਕੀਤੀ ਤੇ ਉਨ੍ਹਾਂ ਪਾਸੋਂ ਪਰਾਲੀ ਪ੍ਰਬੰਧਨ ਸਬੰਧੀ ਸੁਝਾਅ ਲਏ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਇਕ ਭਖਦਾ ਮਸਲਾ ਹੈ ਤੇ ਇਸ ਦਾ ਹੱਲ ਸਮਾਜ ਦੇ ਹਰੇਕ ਵਰਗ ਨੂੰ ਨਾਲ ਲੈਕੇ ਹੀ ਕੀਤਾ ਜਾ ਸਕਦਾ ਹੈ।
ਸ੍ਰੀ ਸੰਦੀਪ ਹੰਸ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਕਰਨ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿਤੀ ਜਾਵੇ, ਤਾਂ ਜੋ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਲਾਭ ਨਹੀਂ ਹੈ, ਸਗੋਂ ਨੁਕਸਾਨ ਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ‘ਤੇ ਇਸ ਦਾ ਪਹਿਲਾ ਸ਼ਿਕਾਰ ਕਿਸਾਨ ਖੁਦ ਅਤੇ ਉਸਦਾ ਪਰਿਵਾਰ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ।
ਮੀਟਿੰਗ ਦੌਰਾਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ‘ਚ ਬਾਇਓਮਾਸ ਪਲਾਟ ਲਗਾਏ ਜਾਣੇ ਚਾਹੀਦੇ ਹਨ ਤੇ ਬੇਲਰ ਵਰਗੀ ਮਸ਼ੀਨਰੀ ਦੀ ਉਪਲਬਧਤਾ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਮੰਡੀਆਂ ‘ਚ ਪਖਾਨੇ ਦੇ ਪ੍ਰਬੰਧ, ਖੇਤੀ ਲਈ ਨਹਿਰੀ ਪਾਣੀ ਦੀ ਉਪਲਬਧਤਾ, ਆਵਾਰਾ ਪਸ਼ੂਆਂ ਨਾਲ ਹੁੰਦੇ ਫਸਲ ਦੇ ਨੁਕਸਾਨ ਸਮੇਤ ਡਾਇਆ ਖਾਦ ਦੀ ਕਮੀ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਉਂਦਿਆਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਢੁਕਵੇਂ ਕਦਮ ਉਠਾਉਣ ਦੀ ਮੰਗ ਕੀਤੀ।
ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਉਕਤ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਤੇ ਮੁੱਖ ਖੇਤੀਬਾੜੀ ਅਫ਼ਸਰ ਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਕਿਸਾਨਾਂ ਲਈ ਮਸ਼ੀਨਰੀ ਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਸਾਨ ਆਗੂਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਵਿਸੇਸ਼ ਧਿਆਨ ਦੇ ਕੇ ਹੱਲ ਕਰਵਾਉਣ ਦਾ ਯਕੀਨ ਵੀ ਦਿਵਾਇਆ। ਉਨ੍ਹਾਂ ਪਰਾਲੀ ਪ੍ਰਬੰਧਨ ਨਾਲ ਸਬੰਧਤ ਧਿਰਾਂ ਨੂੰ ਇਸ ਗੰਭੀਰ ਮਾਮਲੇ ਤੇ ਅਗਲੇ ਦਿਨਾਂ ਚ ਹੋਰ ਵਿਚਾਰ ਚਰਚਾ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਨਾਲ ਨਾਲ ਇਸ ਮਾੜੇ ਰੁਝਾਨ ਨੂੰ ਰੋਕਣ ਲਈ ਹਰ ਸੰਭਵ ਯਤਨ ਕਰਦਾ ਰਹੇਗਾ, ਜਿਸ ਵਿੱਚ ਰਿਆਯਤੀ ਦਰਾਂ ਤੇ ਖੇਤੀ ਸੰਦ ਮੁੱਹਈਆ ਕਰਵਾਉਣੇ, ਜਨ ਜਾਗਰੂਕਤਾ ਆਦਿ ਸ਼ਾਮਿਲ ਹਨ।
ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਸਮੇਤ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਆਗੂ, ਅਗਾਂਹਵਧੂ ਕਿਸਾਨ, ਕੰਬਾਇਨ ਓਪਰੇਟਰ ਤੇ ਖੇਤੀ ਸੰਦ ਬਣਾਉਣ ਵਾਲੇ ਅਦਾਰਿਆਂ ਦੇ ਨੁਮਾਇੰਦੇ ਮੌਜੂਦ ਸਨ।
Advertisement
Advertisement
Advertisement
Advertisement
Advertisement
error: Content is protected !!