ਡੀ.ਸੀ ਸੰਦੀਪ ਹੰਸ ਵੱਲੋਂ ਝੋਨੇ ਦੇ ਖਰੀਦ ਕਾਰਜਾਂ ਅਤੇ ਪਰਾਲੀ ਪ੍ਰਬੰਧਨ ਦੇ ਜਾਇਜ਼ੇ ਲਈ ਮੀਟਿੰਗ

Advertisement
Spread information

ਮੰਡੀਆਂ ‘ਚ ਖ਼ਰੀਦ ਤੇ ਲਿਫ਼ਟਿੰਗ ‘ਤੇ ਜ਼ੋਰ ਦੇਣ ਤੇ ਨਿਗਰਾਨ ਟੀਮਾਂ ਨੂੰ ਪਿੰਡਾਂ ‘ਚ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਫੈਲਾਉਣ ਦੀ ਹਦਾਇਤ

-ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਗਾਂਹਵਧੂ ਕਿਸਾਨਾਂ ਨੂੰ ਜਾਗਰੂਕ ਕੈਂਪਾਂ ‘ਚ ਕੀਤਾ ਜਾਵੇ ਸ਼ਾਮਲ : ਡਿਪਟੀ ਕਮਿਸ਼ਨਰ

– ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਕੀਤੀ ਗਈ ਕਾਰਵਾਈ ਰਿਪੋਰਟ ਰੋਜ਼ਾਨਾ ਡੀ.ਸੀ ਦਫ਼ਤਰ ਵਿਖੇ ਜਮਾਂ ਕਰਵਾਈ ਜਾਵੇ


ਬਲਵਿੰਦਰਪਾਲ  , ਪਟਿਆਲਾ, 11 ਅਕਤੂਬਰ 2021

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਕਿਹਾ ਗਿਆ ਤਾਂ ਜੋ ਪਰਾਲੀ ਪ੍ਰਬੰਧਨ ‘ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਰੁਕਾਵਟ ਪੇਸ਼ ਨਾ ਆਵੇ ਤੇ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾਵਾਂ ‘ਤੇ ਰੋਕ ਲੱਗ ਸਕੇ।
 

Advertisement

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਮੇਤ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਪਟਵਾਰੀ ਅਤੇ ਪੰਚਾਇਤ ਸਕੱਤਰ ਅੱਗ ਦੀ ਕੋਈ ਵੀ ਘਟਨਾ ਹੋਣ ‘ਤੇ ਇਸ ਸਬੰਧੀ ਕਾਰਵਾਈ ਅਤੇ ਨਾਲ ਹੀ ਉਚ ਅਧਿਕਾਰੀਆਂ ਨੂੰ ਸੂਚਿਤ ਕਰਨਾ ਤੁਰੰਤ ਯਕੀਨੀ ਬਣਾਉਣ। ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਸੈਟੇਲਾਈਟ ਰਾਹੀਂ ਮਿਲੀ ਸੂਚਨਾ ਦੇ ਆਧਾਰ ‘ਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਰੋਜਾਨਾ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਈ ਜਾਵੇ ਤਾਂ ਜੋ ਇਸ ਸਬੰਧੀ ਸਰਕਾਰ ਨੂੰ ਸਮੇਂ ਸਿਰ ਸੂਚਿਤ ਕੀਤਾ ਜਾ ਸਕੇ।

  ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ‘ਚ ਅਗਾਂਹਵਧੂ ਕਿਸਾਨਾਂ ਨੂੰ ਲਾਮਬੰਦ ਕਰਕੇ ਪਰਾਲੀ ਨਾ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ ਹੋਰ ਤੇਜ ਕਰਨ ਅਤੇ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਤਾਂ ਜੋ ਪਰਾਲੀ ਦਾ ਨਿਪਟਾਰਾ ਸਮੇਂ ਸਿਰ ਹੋ ਸਕੇ। ਉਨ੍ਹਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਪਰਾਲੀ ਨੂੰ ਚਾਰੇ ਦੇ ਤੌਰ ‘ਤੇ ਵਰਤਣ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ ਤੇ ਜ਼ਿਲ੍ਹੇ ‘ਚ ਅਜਿਹੇ ਪਲਾਟਾਂ ਦੀ ਪਹਿਚਾਣ ਕਰਨ ਦੀ ਹਦਾਇਤ ਕੀਤੀ ਜਿਥੇ ਪਰਾਲੀ ਦੀ ਵਰਤੋਂ ਕੀਤੀ ਜਾ ਸਕਦੀ ਹੈ।

  ਡਿਪਟੀ ਕਮਿਸ਼ਨਰ ਨੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੈਪੀ ਸੀਡਰ ਜੋ ਗਰੁੱਪਾਂ ਨੂੰ ਦਿੱਤੇ ਗਏ ਹਨ ਉਨ੍ਹਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਇਸ ਸਬੰਧੀ ਲਾਗ ਬੁੱਕ ਤਿਆਰ ਕੀਤੀ ਜਾਵੇ। ਉਨ੍ਹਾਂ ਏ.ਡੀ.ਓ. ਅਤੇ ਏ.ਆਰ. ਨੂੰ ਰੋਜ਼ਾਨਾ ਪਿੰਡਾ ਵਿਚ ਜਾਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨਾਲ ਹੁੰਦੇ ਨੁਕਸਾਨ ਬਾਰੇ ਜਾਣੂ ਕਰਵਾਉਣ ਦੀ ਹਦਾਇਤ ਕੀਤੀ।
ਮੀਟਿੰਗ ‘ਚ ਐਸ.ਡੀ.ਐਮ. ਪਾਤੜਾਂ ਅੰਕੁਰ ਜੀਤ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ) ਚੰਦਰ ਜੋਤੀ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਸਮਾਣਾ ਸਵਾਤੀ ਟਿਵਾਣਾ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ. ਸਰਬੇਸ਼ਵਰ ਸਿੰਘ ਮੋਹੀ, ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!