ਹੁਣ ਤੱਕ 1408 ਟਨ ਫ਼ਸਲ ਦੀ ਹੋਈ ਆਮਦ , ਡਿਪਟੀ ਕਮਿਸ਼ਨਰ ਵੱਲੋਂ ਖਰੀਦ ਪ੍ਰਬੰਧਾਂ ਦੇ ਜਾਇਜ਼ੇ ਲਈ ਮੀਟਿੰਗ
ਹਰਿੰਦਰ ਨਿੱਕਾ , ਬਰਨਾਲਾ, 12 ਅਕਤੂਬਰ 2021
ਜ਼ਿਲ੍ਹਾ ਬਰਨਾਲਾ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਕੁੱਲ 1408 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1014 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿੱਚ ਕੁੱਲ 98 ਮੰਡੀਆਂ ਹਨ, ਜਿਨਾਂ ਵਿੱਚੋਂ 15 ਮੰਡੀਆਂ ਵਿਚ ਝੋਨੇ ਦੀ ਫ਼ਸਲ ਆਮਦ ਸ਼ੁਰੂ ਹੋ ਗਈ ਹੈ ਅਤੇ ਸੁਖਾਵੀਂ ਖਰੀਦ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨਾਂ ਦੱਸਿਆ ਕਿ 11 ਅਕਤੂਬਰ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 1408 ਮੀਟਿ੍ਰਕ ਟਨ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿਚੋਂ 1014 ਮੀਟਿ੍ਰਕ ਟਨ ਝੋਨੇ ਦੀ ਖਰੀਦ ਵੱਖ ਵੱਖ ਏਜੰੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵੱਲੋਂ 357 ਮੀਟਿ੍ਰਕ ਟਨ, ਮਾਰਕਫੈਡ ਵੱਲੋਂਂ 355 ਮੀਟਿ੍ਰਕ ਟਨ, ਪਨਸਪ ਵੱਲੋਂ 257 ਮੀਟਿ੍ਰਕ ਟਨ, ਪੰਜਾਬ ਰਾਜ ਵੇਅਰ ਹਾਊਸ ਵੱਲੋਂ 45 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲੇ ਵਿਚ ਕੁੱਲ 9. 60 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਸੀ, ਜਦੋਂ ਕਿ ਇਸ ਵਾਰ ਰਕਬੇ ਦੇ ਮੱਦੇਨਜ਼ਰ 8.75 ਲੱਖ ਮੀਟਿ੍ਰਕ ਟਨ ਫਸਲ ਦੀ ਆਮਦ ਦੀ ਉਮੀਦ ਹੈ।ਇਸ ਤੋਂ ਇਲਾਵਾ ਖਰੀਫ ਸੀਜ਼ਨ 2020-21 ਵਿੱਚ ਜ਼ਿਲੇ ਵਿੱਚ ਕਰੀਬ 2 ਲੱਖ 27 ਹਜ਼ਾਰ ਐਮ.ਟੀ ਝੋਨੇ ਦੀ ਆਮਦ ਰਲੀਜ਼ ਆਰਡਰ (ਆਰ.ਓ) ਰਾਹੀਂ ਹੋਈ ਸੀ, ਜੋ ਕਿ ਜ਼ਿਲਾ ਗੁਰਦਾਸਪੁਰ, ਅਮਿ੍ਤਸਰ, ਤਰਨ ਤਾਰਨ, ਕਪੂਰਥਲਾ, ਪਠਾਨਕੋਟ, ਫਿਰੋਜ਼ਪੁਰ, ਜੰਲਧਰ, ਫਾਜ਼ਿਲਕਾ ਤੋਂ ਆਈ ਸੀ। ਇਸ ਸੀਜ਼ਨ ਵੀ ਲਗਭਗ ਇੰਨੀ ਹੀ ਮਾਤਰਾ ਵਿੱਚ ਰਿਲੀਜ਼ ਆਰਡਰ (ਆਰ.ਓ) ਰਾਹੀਂ ਝੋਨਾ ਆਉਣ ਦੀ ਸੰਭਾਵਨਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਖਰੀਦ ਏਜੰਸੀਆਂ ਨੂੰ ਕਿਸਾਨਾਂ ਦੀ ਫਸਲ ਦੀ ਅਦਾਇਗੀ ਨਾਲੋ-ਨਾਲ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸਵੀਟੀ ਦੇਵਗਨ ਨੇ ਦੱਸਿਆ ਕਿ ਝੋਨੇ ਦੀ ਚੁਕਾਈ ਲਈ ਬਾਰਦਾਨੇ, ਟਰਾਂਸਪੋਰਟ ਤੇ ਲੇਬਰ ਦੀ ਫਿਲਹਾਲ ਕੋਈ ਕਮੀ ਨਹੀਂ ਹੈ। ਉਨਾਂ ਦੱਸਿਆ ਕਿ ਫ਼ਸਲ ਦੀ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ ਬੈਂਕ ਖਾਤਿਆਂ ਵਿੱਚ ਪੈਣੀ ਸ਼ੁਰੂ ਹੋ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਂਦਾ ਜਾਵੇ ਤਾਂ ਜੋ ਉਨਾਂ ਨੂੰ ਫ਼ਸਲ ਦੀ ਵਿਕਰੀ ਲਈ ਖੱਜਲ-ਖੁਆਰ ਨਾ ਹੋਣਾ ਪਵੇ।ਉਡਣ ਦਸਤਿਆਂ ਵੱਲੋਂ ਬਾਹਰੋਂ ਆਉਣ ਵਾਲੇ ਝੋਨੇ ਦੀ ਨਿਗਰਾਨੀ ਜਾਰੀ
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੀ ਅਣ-ਅਧਿਕਾਰਤ ਝੋਨੇ ਦੀ ਫ਼ਸਲ ’ਤੇ ਨਿਗਰਾਨੀ ਰੱਖਣ ਲਈ ਸਾਰੀਆਂ ਮਾਰਕੀਟ ਕਮੇਟੀਆਂ ਬਰਨਾਲਾ, ਤਪਾ, ਧਨੌਲਾ, ਮਹਿਲ ਕਲਾਂ ਤੇ ਭਦੌੜ ਅਧੀਨ ਉੱਡਣ ਦਸਤੇ ਤਾਇਨਾਤ ਕੀਤੇ ਗਏ ਹਨ, ਜਿਨਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਨਾਕੇ ਲਗਾ ਕੇ ਬਾਹਰੋਂ ਝੋਨੇ ਦੀ ਆਮਦ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।