ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਬਰਨਾਲਾ ਪੁਲੀਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
-ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜਾ ਹੈ ਪੁਲਿਸ ਵਿਭਾਗ: ਐਸਐਸਪੀ
ਪਰਦੀਪ ਕਸਬਾ , ਬਰਨਾਲਾ, 21 ਅਕਤੂਬਰ 2021
ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਸਮਾਗਮ ਦੌਰਾਨ ਦੇਸ਼ ਲਈ ਸ਼ਹਾਦਤ ਦੇਣ ਵਾਲੇ ਪੁਲਿਸ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ, ਸੀਜੇਐਮ ਪ੍ਰਤਿਮਾ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਐਸਡੀਐਮ ਸ੍ਰੀ ਵਰਜੀਤ ਵਾਲੀਆ, ਏਅਰਫੋਰਸ ਸਟੇਸ਼ਨ ਤੋਂ ਗਰੁੱਪ ਕੈਪਟਨ ਪੀ ਪੀ ਵੋਹਰਾ ਤੇ ਹੋਰਨਾਂ ਨੇ ਸ਼ਹੀਦਾਂ ਦੀ ਯਾਦਗਾਰ ’ਤੇ ਫੁੱਲ ਭੇਟ ਕਰਕੇ ਉਨਾਂ ਦੀ ਸ਼ਹਾਦਤ ਨੂੰ ਨਮਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਐਸਐਸਪੀ ਸ੍ਰੀਮਤੀ ਅਲਕਾ ਮੀਨਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਦਿਨ ਦੇ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਇਸ ਦਿਨ ਪੁਲਿਸ ਦੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਕੌਮ ਨੂੰ ਮਾਣ ਹੁੰਦਾ ਹੈ ਤੇ ਨਾਲ ਦੀ ਨਾਲ ਉਨਾਂ ਦੇ ਪਰਿਵਾਰਾਂ ਪ੍ਰਤੀ ਵੀ ਸਾਡੇ ਫਰਜ਼ ਬਣਦੇ ਹਨ। ਉਨਾਂ ਕਿਹਾ ਕਿ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹਮੇਸ਼ਾ ਖੜਾ ਹੈ।
ਇਸ ਮੌਕੇ ਡੀਐਸਪੀ (ਹੈੱਡਕੁਆਰਟਰ) ਸ੍ਰੀ ਰਾਮ ਜੀ ਵੱਲੋਂ ਜ਼ਿਲਾ ਬਰਨਾਲਾ ਨਾਲ ਸਬੰਧਤ 27 ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਗਿਆ। ਇਸ ਤੋਂ ਪਹਿਲਾਂ ਜੁਡੀਸ਼ਲ, ਸਿਵਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਡੀਐਸਪੀ (ਪ੍ਰੋਬੇਸ਼ਨਰ) ਵਿਸ਼ਵਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਐਸਐਸਪੀ ਅਲਕਾ ਮੀਨਾ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਟੇਜ ਸੰਚਾਲਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ ਸ਼ਰਮਾ ਵੱਲੋਂ ਕੀਤਾ ਗਿਆ।
Advertisement