ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ
–ਕਿਸਾਨ ਮੰਡੀਆਂ ‘ਚ ਸੁੱਕਾ ਝੋਨਾ ਲੈਕੇ ਆਉਣ : ਡਿਪਟੀ ਕਮਿਸ਼ਨਰ
–ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 4 ਲੱਖ 61 ਹਜ਼ਾਰ ਮੀਟਰਿਕ ਟਨ ਝੋਨੇ ਦੀ ਹੋਈ ਆਮਦ
ਬਲਵਿੰਦਰਪਾਲ , ਪਟਿਆਲਾ, 23 ਅਕਤੂਬਰ 2021
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਪਟਿਆਲਾ ਦੀ ਸਰਹਿੰਦ ਰੋਡ ਅਨਾਜ ਮੰਡੀ ਤੇ ਸੰਗਰੂਰ ਬਾਈਪਾਸ ‘ਤੇ ਸ਼ੇਰਮਾਜਰਾ ਮੰਡੀ ਦਾ ਅਚਾਨਕ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਖਰੀਦ ਏਜੰਸੀਆਂ ਨੂੰ ਮੰਡੀਆਂ ‘ਚ ਝੋਨੇ ਦੀ ਆਮਦ ਦੇ 24 ਘੰਟਿਆਂ ‘ਚ ਖਰੀਦ ਕਰਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਝੋਨੇ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ ‘ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਯਕੀਨੀ ਬਣਾਉਣ। ਸ੍ਰੀ ਸੰਦੀਪ ਹੰਸ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।
ਇਸੇ ਦੌਰਾਨ ਸ੍ਰੀ ਸੰਦੀਪ ਹੰਸ ਨੇ ਹੋਰ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 109 ਮੰਡੀਆਂ ਵਿੱਚੋਂ 106 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਜਿਨ੍ਹਾਂ ਵਿੱਚ ਅੱਜ ਤੱਕ 461975 ਮੀਟਰਿਕ ਟਨ ਝੋਨਾ ਪੁੱਜਾ ਹੈ ਜਿਸ ਵਿੱਚੋਂ ਹੁਣ ਤੱਕ 458729 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆਂ ਖ਼ਰੀਦ ਕੀਤੀ ਇਸ ਝੋਨੇ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 185971 ਮੀਟਰਿਕ ਟਨ, ਮਾਰਕਫੈਡ ਵੱਲੋਂ 114182 ਮੀਟਰਿਕ ਟਨ, ਪਨਸਪ ਵੱਲੋਂ 102036 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 55801 ਮੀਟਰਿਕ ਟਨ ਅਤੇ ਐਫ.ਸੀ.ਆਈ ਵੱਲੋਂ 739 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਿਫ਼ਟਿੰਗ ਵੀ ਨਾਲੋਂ ਨਾਲ ਜਾਰੀ ਹੈ ਤੇ 72 ਘੰਟਿਆਂ ‘ਚ ਆਏ ਝੋਨੇ ਦੀ 100 ਫ਼ੀਸਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਤੇ ਹੁਣ ਤੱਕ ਕਿਸਾਨਾਂ ਨੂੰ 661.84 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਮੇਜਰ ਗੁਰਪ੍ਰੀਤ ਸਿੰਘ ਕੰਗ ਸਮੇਤ ਵੱਖ ਵੱਖ ਖਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।