ਮੁੱਖ ਮੰਤਰੀ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲੇ ਸ਼ਲਾਘਾਯੋਗ- ਦਲਵੀਰ ਸਿੰਘ ਗੋਲਡੀ
ਹਰਪ੍ਰੀਤ ਕੌਰ ਬਬਲੀ, ਸੰਗਰੂਰ, 9 ਨਵੰਬਰ 2021
ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਵੱਲੋ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲਗਾਤਾਰ ਕੀਤੇ ਜਾ ਰਹੇ ਫੈਸਲਿਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਹੈ। ਵਿਧਾਇਕ ਸ਼੍ਰੀ ਗੋਲਡੀ ਨੇ ਕਿਹਾ ਕਿ ਮਹਿੰਗਾਈ ਦੇ ਅਜੋਕੇ ਹਾਲਾਤਾਂ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਤਵਪੂਰਣ ਮਾਮਲਿਆਂ ਵਿੱਚ ਪਹਿਲਕਦਮੀ ਕਰਦੇ ਹੋਏ ਵਿੱਤੀ ਤੌਰ ਉੱਤੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਦੋ ਕਿਲੋਵਾਟ ਤੱਕ ਬਿਜਲੀ ਦੇ ਬਕਾਇਆ ਬਿੱਲ ਮੁਆਫ ਕਰਨ, ਸਸਤੀ ਬਿਜਲੀ, ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਉਣ, ਬਸੇਰਾ ਸਕੀਮ ਤਹਿਤ ਝੁੱਗੀ-ਝੌਂਪੜੀ ਵਾਲੇ ਪਰਿਵਾਰਾਂ ਨੂੰ ਮਾਲਕੀ ਦੇ ਅਧਿਕਾਰ ਦੇਣ ਲਈ ਯੋਜਨਾਵਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੋਂ ਬਾਅਦ ਅੱਜ ਵੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਵੱਡੇ ਫੈਸਲੇ ਕੀਤੇ ਗਏ ਹਨ ।
ਜਿਨ੍ਹਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਰੇਤ ਅਤੇ ਗਰੈਵਲ ਘੱਟ ਤੋਂ ਘੱਟ ਵਾਜਬ ਰੇਟਾਂ ‘ਤੇ ਮੁਹੱਈਆ ਕਰਵਾਉਣ ਲਈ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਆਰਥਿਕ ਪੱਖੋਂ ਵੱਡੀ ਰਾਹਤ ਮਿਲੇਗੀ।