ਸਫ਼ਾਈ ਸੇਵਕਾਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ: ਅੰਜਨਾ ਪਵਾਰ
ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ
ਬਲਵਿੰਦਰਪਾਲ , ਪਟਿਆਲਾ, 15 ਨਵੰਬਰ 2021
ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਅੰਜਨਾ ਪਵਾਰ ਨੇ ਨਗਰ ਨਿਗਮ ਦਫ਼ਤਰ ਵਿਖੇ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਤੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਨਗਰ ਨਿਗਮ ਕਮਿਸ਼ਨਰ ਵਿਨੀਤ ਕੁਮਾਰ ਵੀ ਮੌਜੂਦ ਸਨ।
ਅੰਜਨਾ ਪਵਾਰ ਨੇ ਕਿਹਾ ਕਿ ਮੀਟਿੰਗ ਦਾ ਉਦੇਸ਼ ਸਾਰੇ ਸਬੰਧਤ ਅਧਿਕਾਰੀਆਂ ਨਾਲ ਸਫ਼ਾਈ ਸੇਵਕਾਂ ਦੇ ਮਸਲਿਆਂ ਬਾਰੇ ਗੱਲਬਾਤ ਕਰਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਕਮਜ਼ੋਰ ਵਰਗਾਂ ਖਾਸ ਕਰਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਤਕ ਪੁੱਜਦਾ ਕੀਤਾ ਜਾਵੇ ਅਤੇ ਸਫ਼ਾਈ ਸੇਵਕਾਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਫ਼ਾਈ ਸੇਵਕਾਂ ਲਈ ਢੁਕਵਾਂ ਤੇ ਬਿਹਤਰ ਮਾਹੌਲ ਬਣਾਉਣ ਅਤੇ ਉਚਿਤ ਟੀਕਾਕਰਨ ਉਤੇ ਜ਼ੋਰ ਦਿੱਤਾ ਕਿਉਂਕਿ ਸਫ਼ਾਈ ਸੇਵਕ ਨੂੰ ਬਿਮਾਰੀਆਂ ਦਾ ਸਭ ਤੋਂ ਜ਼ਿਆਦਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰ ਤਿੰਨ ਮਹੀਨਿਆਂ ਬਾਅਦ ਸਫਾਈ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਨਿਯਮਤ ਮੈਡੀਕਲ ਜਾਂਚ ਹੋਣੀ ਯਕੀਨੀ ਬਣਾਈ ਜਾਵੇ ਅਤੇ ਹਰੇਕ ਕਰਮਚਾਰੀ ਦੇ ਸ਼ਨਾਖਤੀ ਕਾਰਡ ‘ਚ ਬਲੱਡ ਗਰੁੱਪ ਜ਼ਰੂਰੀ ਲਿਖਿਆ ਜਾਵੇ।
ਮੀਟਿੰਗ ਦੌਰਾਨ ਕਮਿਸ਼ਨ ਮੈਂਬਰ ਨੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਦੀਆਂ ਸਮੱਸਿਆਵਾਂ ਸੁਣੀਆਂ ਤੇ ਜਲਦੀ ਇਨ੍ਹਾਂ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਵੱਲੋਂ ਐਕਸ਼ ਗ੍ਰੇਸ਼ੀਆਂ ਗਰਾਂਟ ਦੇ ਲੰਬਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।
ਉਨ੍ਹਾਂ ਸਮੂਹ ਕਾਰਜ ਸਾਧਕਾਂ ਅਫ਼ਸਰਾਂ ਨੂੰ ਸਫ਼ਾਈ ਕਾਮਿਆਂ ਨੂੰ ਨਿਸਚਿਤ ਤਨਖਾਹ ਸਮੇਂ ਨਾਲ ਜਾਰੀ ਕਰਨ ਦੀ ਹਦਾਇਤ ਜਾਰੀ ਕੀਤੀ। ਇਸ ਮੌਕੇ ਨਗਰ ਕੌਂਸਲਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕਰਮਚਾਰੀਆਂ ਨੂੰ ਤਨਖਾਹ ਬੈਂਕ ਖਾਤਿਆਂ ‘ਚ ਦਿੱਤੀ ਜਾ ਰਹੀ ਹੈ। ਉਨ੍ਹਾਂ ਐਸਸੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸਫ਼ਾਈ ਕਾਮਿਆਂ ਨੂੰ ਰਾਜ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੱਸਿਆ ਕਿ ਜ਼ਿਲ੍ਹੇ ‘ਚ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਕਮਿਸ਼ਨ ਦੀਆਂ ਹਦਾਇਤਾਂ ਦੀ ਜ਼ਿਲ੍ਹੇ ਅੰਦਰ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਸਫ਼ਾਈ ਕਰਮਚਾਰੀਆਂ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਜਾਵੇਗਾ, ਉਨ੍ਹਾਂ ਨੂੰ 26 ਜਨਵਰੀ ‘ਤੇ ਸਨਮਾਨਤ ਕੀਤਾ ਜਾਵੇਗਾ ਤੇ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ।
ਇਸ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਹੈ ਕਿ ਸਫ਼ਾਈ ਸੇਵਕਾਂ ਲਈ ਕਿਰਤ ਵਿਭਾਗ ਵੱਲੋਂ ਸਿਫ਼ਾਰਸ਼ ਕੀਤੇ ਅਨੁਸਾਰ ਕੁਲੈਕਟਰ ਰੇਟ ਦਿੱਤਾ ਜਾਵੇ। ਇਸ ਮੁੱਦੇ ‘ਤੇ ਮੈਂਬਰ ਨੇ ਉਨ੍ਹਾਂ ਨੂੰ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਅਤੇ ਐਮ.ਸੀ. ਅਧਿਕਾਰੀਆਂ ਨੂੰ ਰਾਹਤ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਏ.ਡੀ.ਸੀ. ਗੌਤਮ ਜੈਨ, ਐਸ.ਪੀ. (ਸਿਟੀ) ਹਰਪਾਲ ਸਿੰਘ ਸਮੇਤ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਸਮੇਤ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦੇ ਮੌਜੂਦ ਸਨ।