ਰਘਵੀਰ ਹੈਪੀ/ ਸੋਨੀ ਪਨੇਸਰ , ਬਰਨਾਲਾ, 26 ਨਵੰਬਰ 2021
ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਸ਼ਨੀਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਮਹਿਲ ਕਲਾਂ, ਬਰਨਾਲਾ ਅਤੇ ਤਪਾ (ਭਦੌੜ) ਵਿਖੇ ਲੋਕਾਂ ਦੇ ਰੂਬਰੂ ਹੋਣਗੇ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲੀ ਵਾਰ ਬਰਨਾਲਾ ਜ਼ਿਲ੍ਹੇ ਵਿੱਚ ਪਹੁੰਚ ਰਹੇ ਹਨ। ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ ਭਲਾਈ ਦੇ ਫੈਸਲਿਆਂ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਤੋਂ ਬਹੁਤ ਉਮੀਦਾਂ ਹਨ। ਜਿਸ ਕਰਕੇ ਬਰਨਾਲਾ ਆ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਵਾਗਤ ਲਈ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਹਨਾਂ ਦੱਸਿਆ ਕਿ ਇਸ ਫੇਰੀ ਦੌਰਾਨ ਮੁੱਖ ਮੰਤਰੀ ਚੰਨੀ ਮਜ਼ਦੂਰ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦੇ ਸਰਟੀਫਿਕੇਟ ਅਤੇ ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈਕ ਸੌਂਪਣਗੇ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਲਈ ਗ੍ਰਾਂਟਾਂ ਵੀ ਦਿੱਤੀਆਂ ਜਾਣਗੀਆਂ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਸਮਾਗਮ ਦੀਆਂ ਤਿਆਰੀਆਂ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ।