ਸਰਕਾਰੀ ਸਕੂਲਾਂ ਵੱਲੋਂ ਅਥਲੈਟਿਕਸ ਮਿਲਣੀਆਂ ਜਰੀਏ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ
ਸੋਨੀ ਪਨੇਸਰ, ਬਰਨਾਲਾ, 29 ਨਵੰਬਰ (2021 )–
ਜਿਲ੍ਹੇ ਦੇ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਅਥਲੈਟਿਕਸ ਮਿਲਣੀਆਂ ਜਰੀਏ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦਾ ਸਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ।
ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ‘ਚ ਮੋਹਰੀ ਬਣਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਬਿਹਤਰੀਨ ਕਾਰਗੁਜਾਰੀ ਦੇ ਸਮਰੱਥ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਉਪਰਾਲਿਆਂ ਅਧੀਨ ਜਿਲ੍ਹੇ ਦੇ ਸਮੂਹ ਸੈਕੰਡਰੀ ਸਕੂਲਾਂ ਨੂੰ ਵਿਦਿਆਰਥੀਆਂ ਦੀਆਂ ਅਥਲੈਟਿਕਸ ਮਿਲਣੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਵੱਲੋਂ ਵੱਡੀ ਗਿਣਤੀ ‘ਚ ਅਥਲੈਟਿਕਸ ਮਿਲਣੀਆਂ ਕਰਵਾਉਣਾ ਆਪਣੇ ਆਪ ਵਿੱਚ ਬਹੁਤ ਸਲਾਘਾਯੋਗ ਕਾਰਜ ਹੈ।ਅਥਲੈਟਿਕਸ ਮਿਲਣੀ ਦੌਰਾਨ ਕਰਵਾਈਆਂ ਜਾਣ ਵਾਲੀਆਂ ਲੰਬੀ ਛਾਲ,ਉੱਚੀ ਛਾਲ,ਰੇਸ,ਰੱਸੀ ਟੱਪਣਾ,ਗੋਲਾ ਸੁੱਟਣਾ,ਆਦਿ ਗਤੀਵਿਧੀਆਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਆਧਾਰ ਹਨ।
ਸਿਮਰਦੀਪ ਸਿੰਘ ਜਿਲ੍ਹਾ ਮੈਂਟਰ ਖੇਡਾਂ ਨੇ ਕਿਹਾ ਕਿ ਜਿਲ੍ਹੇ ਦੇ ਸਕੂਲ ਖੇਡ ਇਤਿਹਾਸ ਵਿੱਚ ਪਹਿਲੀ ਵਾਰ ਇੰਨੀ ਵੱਡੀ ਪੱਧਰ ‘ਤੇ ਅਥਲੈਟਿਕਸ ਮਿਲਣੀਆਂ ਦਾ ਆਯੋਜਨ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲ ਪੱਧਰ ਤੋਂ ਖੇਡਾਂ ਲਈ ਤਿਆਰ ਕਰਨ ਦਾ ਉਪਰਾਲਾ ਲਾਜਮੀ ਤੌਰ ‘ਤੇ ਖੇਡ ਖੇਤਰ ‘ਚ ਮੁਲਕ ਦਾ ਨਾਮ ਰੌਸ਼ਨ ਕਰਨ ਦਾ ਸਬੱਬ ਬਣੇਗਾ।ਸਕੂਲਾਂ ਵੱਲੋਂ ਕਰਵਾਈਆਂ ਜਾ ਰਹੀਆਂ ਅਥਲੈਟਿਕਸ ਮਿਲਣੀਆਂ ਬਾਰੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਤੰਦਰੁਸਤ ਤਨ ਵਿੱਚ ਹੀ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ।ਵਿਦਿਆਰਥੀਆਂ ਨੂੰ ਵਿੱਦਿਅਕ ਅਤੇ ਸਹਿ-ਵਿੱਦਿਅਕ ਖੇਤਰ ਵਿੱਚ ਮੋਹਰੀ ਬਣਾਉਣ ਲਈ ਖੇਡਾਂ ਨਾਲ ਜੋੜਨਾ ਬੇਹੱਦ ਜਰੂਰੀ ਹੈ।
ਫੋਟੋ ਕੈਪਸ਼ਨ: ਅਥਲੈਟਿਕਸ ਮੁਕਾਬਲਿਆਂ ‘ਚ ਭਾਗ ਲੈਂਦੇ ਸਰਕਾਰੀ ਸਕੂਲ ਦੇ ਵਿਦਿਆਰਥੀ।