ਜੇਕਰ ਕੋਈ ਵਿਅਕਤੀ ਘਰ ਤੋਂ ਬਾਹਰ ਹੋਇਆ ਤਾਂ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ-ਐੱਸ.ਐੱਸ.ਪੀ.- ਹਰਜੀਤ ਸਿੰਘ
ਬੀਐਨਟੀ ਫ਼ਾਜ਼ਿਲਕਾ, 18 ਅਪ੍ਰੈਲ 2020
ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਤੇ ਹੁਣ ਪੁਲਿਸ ਨੇ ਕਾਨੂੰਨ ਦਾ ਸਿਕੰਜ਼ਾ ਹੋਰ ਵੀ ਕਸ ਦਿੱਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਸ. ਹਰਜੀਤ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਮਹਾਂਮਾਰੀ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਅੰਦਰ ਕਰਫਿਊ ਲਾਗੂ ਹੈ। ਪੁਲਿਸ ਵਿਭਾਗ ਵਲੋਂ ਇਸ ਕਰਫਿਊ ਨੂੰ ਹੋਰ ਸਖਤੀ ਨਾਲ ਲਾਗੂ ਕਰਨ ਦਾ ਢੰਗ ਅਪਣਾ ਲਿਆ ਹੈ ਅਤੇ ਜਿਨਾਂ ਵਿਅਕਤੀਆਂ ਨੂੰ ਕਰਫਿਊ ਤੋਂ ਛੋਟ ਹੈ , ਉਨਾਂ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਬਾਹਰ ਨਹੀਂ ਘੁੰਮਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਵਲੋਂ ਕਰਫਿਊ ਦੀ ਉਲੰਘਣਾ ਕਰਨ ਸਬੰਧੀ ਜ਼ਿਲ੍ਹੇ ਅੰਦਰ ਹੁਣ ਤੱਕ 228 ਪਰਚੇ ਦਰਜ ਕੀਤੇ ਗਏ ਹਨ ਅਤੇ 507 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਨੂੰ ਬਰਕਰਾਰ ਰੱਖਦਿਆਂ ਪੁਲਿਸ ਵਲੋਂ ਹੋਰ ਵੀ ਸਖਤੀ ਕੀਤੀ ਜਾਵੇਗੀ ਅਤੇ ਜੇ ਕੋਈ ਵਿਅਕਤੀ ਆਪਣੇ ਘਰ ਤੋਂ ਬਾਹਰ ਆਇਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐੱਸ.ਐੱਸ.ਪੀ. ਨੇ ਕਿਹਾ ਕਿ ਕਰਫਿਊ ਦੌਰਾਨ ਪਰਚੇ ਅਤੇ ਗਿ੍ਰਫਤਾਰੀਆਂ ਕਰਨ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ 42 ਵਹੀਕਲਾਂ ਨੂੰ ਵੀ ਬਾਉਂਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਥੇ ਆਪਣੇ ਘਰ ਰਹਿ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਭਲਾਈ ਹੈ ਉਥੇ ਇਹ ਸਮਾਜ ਪ੍ਰਤੀ ਵੀ ਸਾਡੀ ਜਿੰਮੇਵਾਰੀ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਵਿਅਕਤੀ ਨੂੰ ਆਪਣੇ ਘਰ ਵਿੱਚ ਰਹਿ ਕੇ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਸਰਕਾਰ ਦਾ ਸਾਥ ਦੇਣ।
ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਲੋਕਾਂ ਨੂੰ ਮੁਹੱਲਿਆਂ ਵਿੱਚ ਇਕੱਠੇ ਹੋਣ ਤੋਂ ਗੁਰੇਜ ਕਰਨਾ ਚਾਹੀਦਾ ਹੈ, ਕਿਉਂਕਿ ਇਸ ਨਾਲ ਵੀ ਕੋਰਨਾ ਵਾਇਰਸ ਇੱਕ ਦੂਸਰੇ ਤੋਂ ਫੈਲ ਸਕਦਾ ਹੈ। ਇਸ ਲਈ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਅਜਿਹੀਆਂ ਗਤੀਵਿਧੀਆਂ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਪਾਰਟੀਆਂ ਵਲੋਂ ਜ਼ਿਲ੍ਦੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਅੰਦਰੂਨੀ ਹਿੱਸਿਆਂ ਵਿੱਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਘਰ ਤੋਂ ਬਾਹਰ ਹੋਇਆ ਤਾਂ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ।