ਐਨਐਚਐਮ ਮੁਲਾਜ਼ਮਾਂ ਵੱਲੋਂ ਭਲਕੇ ਬਰਨਾਲਾ ਵਿਖੇ ਚੱਕਾ ਜਾਮ ਕਰਨ ਦਾ ਐਲਾਨ

Advertisement
Spread information

ਐਨਐਚਐਮ ਮੁਲਾਜ਼ਮਾਂ ਵੱਲੋਂ ਭਲਕੇ ਬਰਨਾਲਾ ਵਿਖੇ ਚੱਕਾ ਜਾਮ ਕਰਨ ਦਾ ਐਲਾਨ
ਐਨਐਚਐਮ ਮੁਲਾਜ਼ਮਾਂ ਦੇ ਧਰਨੇ ‘ਚ ਪਹੁੰਚੇ ਹਲਕਾ ਵਿਧਾਇਕ ਮੀਤ ਹੇਅਰ ਨੇ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਕੀਤੀ


ਰਵੀ ਸੈਣ,ਬਰਨਾਲਾ, 6 ਦਸੰਬਰ 2021
ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ‘ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਮੁਲਾਜ਼ਮਾਂ ਵੱਲੋਂ ਸੰਘਰਸ਼ ਨੂੰ ਤਿੱਖਾ ਕਰਦਿਆਂ ਸੂਬਾ ਪੱਧਰੀ ਸੱਦੇ ਤਹਿਤ ਭਲਕੇ ਕਚਹਿਰੀ ਚੌਂਕ ਬਰਨਾਲਾ ਵਿਖੇ ਦੋ ਘੰਟੇ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।
ਐਨਐਚਐਮ ਮੁਲਾਜ਼ਮਾਂ ਦੇ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ‘ਚ ਚੱਲ ਰਹੇ ਜਿਲ੍ਹਾ ਪੱਧਰੀ ਧਰਨੇ ਨੂੰ ਹਮਾਇਤ ਦੇਣ ਲਈ ਅੱਜ ਹਲਕਾ ਬਰਨਾਲਾ ਦੇ ਵਿਧਾਇਕ ਅਤੇ ‘ਆਪ’ ਆਗੂ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਜਿਨ੍ਹਾਂ ਸੰਘਰਸ਼ੀ ਮੁਲਾਜ਼ਮਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਪੰਜਾਬ ਸਰਕਾਰ ਤੋਂ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਕੀਤੀ।ਇਸ ਮੌਕੇ ਵਿਧਾਇਕ ਮੀਤ ਹੇਅਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਲੈਟਰ ਪੈਡ ‘ਤੇ ਇੱਕ ਪੱਤਰ ਭੇਜਿਆ ਜਿਸ ਵਿੱਚ ਉਨ੍ਹਾਂ ਦਲੀਲ ਦਿੱਤੀ ਹੈ ਕਿ ਸੂਬਾ ਸਰਕਾਰ ਨੇ ਪਹਿਲਾਂ ਵੀ ਕੇਂਦਰੀ ਸਕੀਮ ਸਰਵ ਸਿੱਖਿਆ ਅਭਿਆਨ ਵਿੱਚ ਕੰਮ ਕਰਦੇ ਕੱਚੇ ਅਧਿਆਪਕ ਪੱਕੇ ਕੀਤੇ ਹਨ ਤਾਂ ਹੁਣ ਉਸੇ ਤਰ੍ਹਾਂ ਕੇਂਦਰੀ ਸਕੀਮ ਐਨਐਚਐਮ ਤਹਿਤ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਇਸ ਮੌਕੇ ਐਨਐਚਐਮ ਯੂਨੀਅਨ ਦੇ ਜਿਲ੍ਹਾ ਆਗੂ ਕਮਲਜੀਤ ਕੌਰ ਪੱਤੀ,ਸੰਦੀਪ ਕੌਰ ਸੀਐਚਓ,ਨਵਦੀਪ ਸਿੰਘ,ਹਰਜੀਤ ਸਿੰਘ ਬੀਸੀਸੀ,ਮਨਦੀਪ ਕੌਰ,ਜਸਵਿੰਦਰ ਸਿੰਘ,ਰਾਕੇਸ਼ ਕੁਮਾਰ,ਵਿਪਨ,ਵੀਰਪਾਲ ਕੌਰ,ਨਰਿੰਦਰ ਸਿੰਘ,ਸੁਖਪਾਲ ਸਿੰਘ,ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ 2017 ਦੀ ਵਿਧਾਨ ਸਭਾ ਚੋਣ ਸਮੇਂ ਚੋਣ ਮਨੋਰਥ ਪੱਤਰ ਰਾਹੀਂ ਵਾਅਦਾ ਕੀਤਾ ਗਿਆ ਕਿ ਕਾਂਗਰਸ ਸਰਕਾਰ ਬਨਣ ਉਪਰੰਤ ‘ਘਰ-ਘਰ ਰੁਜ਼ਗਾਰ ਦਿੱਤਾ ਜਾਵੇਗਾ’ ਅਤੇ ‘ਸਾਰੇ ਕੱਚੇ ਕਾਮੇ ਪੱਕੇ ਕੀਤੇ ਜਾਣਗੇ’ ਪਰ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਨਾਂਹੀ ਤਾਂ ਘਰ-ਘਰ ਰੁਜ਼ਗਾਰ ਦਿੱਤਾ ਗਿਆ ਹੈ ਅਤੇ ਨਾਂਹੀ ਕੱਚੇ ਕਾਮੇ ਪੱਕੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਐਲਾਣਜੀਤ’ ਮੁੱਖ ਮੰਤਰੀ ਹੈ ਕਿਉਂਕਿ ਇਸਦੇ ਐਲਾਨ ਹਕੀਕਤ ਵਿੱਚ ਪੂਰੇ ਨਹੀਂ ਉੱਤਰ ਰਹੇ ਹਨ।
ਇਸ ਮੌਕੇ ਐਨਐਚਐਮ ਮੁਲਾਜ਼ਮਾਂ ਨੇ ਤੱਥਾਂ ਸਹਿਤ ਪੰਜਾਬ ਸਰਕਾਰ ਦੀਆਂ ਕੱਚੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਅਲੋਚਣਾ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਨੂੰ 2018 ਤੋਂ ਪੂਰੇ ਪੇਅ ਸਕੇਲ ਦੇ ਰਹੀ ਹੈ ਪਰ ਪੰਜਾਬ ਸਰਕਾਰ ਨਿਗੂਣੀਆਂ ਤਣਖਾਹਾਂ ਤਹਿਤ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ।ਇਸ ਮੌਕੇ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਆਪਣੀ ਤੇ ਪਰਿਵਾਰਾਂ ਦੀ ਜਾਨ ਜ਼ੋਖਿਮ ਵਿੱਚ ਪਾ ਕੇ ਡਿਊਟੀਆਂ ਕੀਤੀਆਂ ਪਰ ਹੁਣ ਸਰਕਾਰ ਉਨ੍ਹਾਂ ਨੂੰ ਪੱਕੇ ਨਾ ਕਰਕੇ ਧੱਕੇਸ਼ਾਹੀ ਕਰ ਰਹੀ ਹੈ ਅਤੇ ਯੋਗਤਾ ਅਨੁਸਾਰ ਰੁਜ਼ਗਾਰ ਅਤੇ ਰੁਜ਼ਗਾਰ ਅਨੁਸਾਰ ਮਿਹਨਤਾਨਾ ਸਾਡਾ ਸੰਵਿਧਾਨਿਕ ਹੱਕ ਹੈ ਤੇ ਅਸਾਮੀਆਂ ਅਨੁਸਾਰ ਯੋਗਤਾ ਪੂਰੀ ਹੋਣ ਦੇ ਬਾਵਜੂਦ ਵੀ ਪੰਜਾਬ ਦੀ ਚੰਨੀ ਸਰਕਾਰ ਨਿਗੂਣੀਆਂ ਤਣਖਾਹਾਂ ਤਹਿਤ ਸਾਡਾ ਆਰਥਿਕ,ਮਾਨਸਿਕ ਸ਼ੋਸ਼ਣ ਕਰ ਰਹੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਪੁਨੂੰ,ਨਰੇਸ਼ ਕੁਮਾਰੀ,ਨੀਲੂ,ਵਿੱਕੀ,ਸੁਖਵਿੰਦਰ ਸਿੰਘ,ਨਰਿੰਦਰ ਪਾਲ,ਨੀਰਜ ਕੁਮਾਰੀ,ਸੁਰਜੀਤ ਸਿੰਘ,ਸੰਜੀਵ ਕੁਮਾਰ,ਜਸਵਿੰਦਰ ਸਿੰਘ,ਸੀਮਾ,ਸਿਮਰਜੀਤ ਕੌਰ,ਸਰਬਜੀਤ ਕੌਰ,ਸੁਖਪਾਲ ਕੌਰ ਆਦਿ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖਿਲਾਫ ਤਿੱਖੇ ਸੰਘਰਸ਼ ਦਾ ਬਿਗੁਲ ਵਜਾਉਣਗੇ।
ਇਸ ਮੌਕੇ ਐਨਐਚਐਮ ਮੁਲਾਜ਼ਮਾਂ ਨੇ ਭਲਕੇ ਦੋ ਘੰਟੇ ਲਈ ਕਚਹਿਰੀ ਚੌਂਕ ਬਰਨਾਲਾ ਵਿਖੇ ਚੱਕਾ ਜਾਮ ਕਰਨ ਦੀ ਬਿਉਂਤਬੰਦੀ ਕੀਤੀ ਅਤੇ ਉਨ੍ਹਾਂ ਕਿਸਾਨ,ਮਜਦੂਰ,ਮੁਲਾਜ਼ਮ ਜਥੇਬੰਦੀਆਂ ਨੂੰ ਭਲਕੇ ਦੇ ਚੱਕਾ ਜਾਮ ਵਿੱਚ ਸ਼ਮੂਲੀਅਤ ਦਾ ਸੱਦਾ ਦਿੱਤਾ।

Advertisement
Advertisement
Advertisement
Advertisement
Advertisement
error: Content is protected !!