ਆਰਮਡ ਫੋਰਸਜ਼ ਫਲੈਗ ਡੇਅ ‘ਤੇ ਭਾਰਤੀ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਕੀਤਾ ਯਾਦ
ਰਘਬੀਰ ਹੈਪੀ,ਬਰਨਾਲਾ, 7 ਦਸੰਬਰ 2021
ਆਰਮਡ ਫੋਰਸਜ਼ ਫਲੈਗ ਡੇਅ ਭਾਰਤੀ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਸਭਨਾਂ ਦੇ ਭਲਕ ਵਾਸਤੇ ਕੁਰਬਾਨ ਕੀਤਾ । ਇਸ ਦਿਨ ਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ, ਜਿਸ ਨਾਲ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲਦਾ ਹੈ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਹੌਂਸਲੇ ਬੁਲੰਦ ਰੱਖਣ ਲਈ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਰਣ ਯੋਧੇ ਕਿਤਾਬਚਾ ਰਿਲੀਜ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਬਰਨਾਲਾ ਦੇ ਸੁਪਰਡੰਟ ਪਰਮਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਸਾਹਿਬਾਨਾਂ ਨੂੰ ਫਲੈਗ ਲਗਾਇਆ।
ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਇਸ ਦਿਨ ਦੇਸ਼ ਦਾ ਹਰ ਨਾਗਰਿਕ, ਵਿਦਿਆਰਥੀਆਂ ਤੋਂ ਲੈ ਕੇ ਉਦਯੋਗਪਤੀ ਤੱਕ ਸਭ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਉਣ ਲਈ ਦਿਲ ਖੋਲ੍ਹ ਕੇ ਦਾਨ ਕਰਦੇ ਹਨ। ਦਾਨ ਵਜੋਂ ਇਕੱਠਾ ਕੀਤਾ ਹੋਇਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ, ਨਕਾਰਾ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ। ਝੰਡਾ ਦਿਵਸ ਲਈ ਦਿੱਤਾ ਹੋਇਆ ਦਾਨ ਆਮਦਨ ਕਰ ਤੋਂ ਮੁਕਤ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਸਪਤਾਲ ਵੈੱਲਫੇਅਰ ਸੈਕਸ਼ਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਦੀ ਚੇਅਰਪਰਸਨ ਸ੍ਰੀਮਤੀ ਜਯੋਤੀ ਸਿੰਘ ਰਾਜ ਵੀ ਹਾਜ਼ਰ ਸਨ।