ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਵੈਨ ਰਵਾਨਾ
- ਚੋਣਾਂ ਸਬੰਧੀ ਜਾਣਕਾਰੀ ਲਈ ਟੌਲ ਫ਼ਰੀ ਨੰਬਰ 1950 ‘ਤੇ ਕੀਤਾ ਜਾ ਸਕਦਾ ਹੈ ਸੰਪਰਕ
ਸੋਨੀ ਪਨੇਸਰ, ਬਰਨਾਲਾ, 15 ਦਸੰਬਰ 2021
ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰਖਦੇ ਹੋਏ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇੱਕ ਆਡੀਓ ਵਿਜ਼ੂਅਲ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਸ਼੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਇਹ ਵੈਨ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵੈਨ ਅਗਲੇ 30 ਦਿਨਾਂ ਤੱਕ ਜ਼ਿਲ੍ਹੇ ਦੇ ਹਰੇਕ ਚੋਣ ਹਲਕੇ ਵਿੱਚ ਜਾ ਕੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰੇਗੀ। ਇਸ ਵੈਨ ਵਿੱਚ ਵੱਡੀ ਸਕਰੀਨ ਲਗਾਈ ਗਈ ਹੈ। ਇਸ ਵੈਨ ਦਾ ਮੁੱਖ ਉਦੇਸ਼ ਲੋਕਾਂ ਨੂੰ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਨਵੀਂ ਵੋਟ ਬਨਾਉਣ ਜਾਂ ਸ਼ਿਕਾਇਤ ਕਰਨ ਸਬੰਧੀ ਐਪਾਂ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਤਿੰਨ ਜਾਗਰੂਕਤਾ ਵੈਨਾਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਹਨ, ਜਿਸ ਰਾਹੀਂ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਯੋਗ ਵੋਟਰ ਵੋਟ ਬਨਾਉਣ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਮੁਫ਼ਤ ਟੋਲ ਫ਼ਰੀ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।