ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਣਾ ਸਰਕਾਰ ਦਾ ਉਦੇਸ਼
ਵਿਕਾਸ ਕਾਰਜਾਂ ਲਈ ਗ੍ਰਾਂਟਾ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀਂ
ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 19 ਦਸੰਬਰ 2021
ਮੌਜੂਦਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਕੀਤੇ ਗਏ ਹਨ ਜਿਨ੍ਹਾਂ ਦੀ ਹਰੇਕ ਵਰਗ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਨੇ ਗ੍ਰਾਮ ਪੰਚਾਇਤ ਕੁੰਭੜਾ ਨੂੰ ਪਿੰਡ ਦੇ ਖੇਡ ਮੈਦਾਨ ਦੀ ਚਾਰ ਦੀਵਾਰੀ ਬਣਾਉਣ ਲਈ 02 ਲੱਖ ਰੁਪਏ ਦਾ ਚੈਕ ਸੌਂਪਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਫੈਸਲਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਨੇ ਹਮੇਸ਼ਾਂ ਵਿਕਾਸ ਅਤੇ ਲੋਕ ਭਲਾਈ ਨੂੰ ਪਹਿਲ ਦਿੱਤੀ ਹੈ।
ਸ. ਭਾਂਬਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਬਿਜਲੀ ਬਿਲ ਮੁਆਫ ਕਰਕੇ ਗਰੀਬ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਬਿਜਲੀ ਸਸਤੀ ਕੀਤੀ, ਪੈਟਰੋਲ ਡੀਜ਼ਲ ਸਸਤਾ ਕੀਤਾ, ਰੇਤ ਸਸਤੀ ਕੀਤੀ, ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਜਿਸ ਨੇ ਗਰੀਬ ਲੋਕਾਂ ਦਾ ਆਪਣਾ ਘਰ ਹੋਣ ਹੋਣ ਦਾ ਸੁਪਨਾ ਸਾਕਾਰ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤੇਜੀ ਨਾਲ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਉਹ ਇਸ ਗੱਲ ਦਾ ਪ੍ਰਤੀਕ ਹੈ ਕਿ 2022 ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ।
ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੇ ਵਿਰੋਧੀਆਂ ਦੇ ਮੂੰਹ ਬੰਦ ਕਰਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ ਅਤੇ 2022 ਵਿੱਚ ਸਰਕਾਰ ਬਣਨ ’ਤੇ ਆਮ ਲੋਕਾਂ ਦੀ ਸਹੂਲਤ ਲਈ ਹੋਰ ਭਲਾਈ ਸਕੀਮਾਂ ਅਤੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਕੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਆਪਣਾ ਪੱਖ ਮਜਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸਿ਼ਆਂ ਵਿੱਚ ਫਸਾਉਣ ਵਾਲੇ ਵੱਡੇ ਮਗਰਮੱਛਾਂ ਨੂੰ ਜਲਦੀ ਹੀ ਜੇਲਾਂ ਵਿੱਚ ਭੇਜਿਆ ਜਾਵੇਗਾ ਬੇਅਦਬੀ ਦੇ ਦੋਸ਼ੀ ਵੀ ਕਿਸੇ ਹਾਲ ਵਿੱਚ ਬਖਸ਼ੇ ਨਹੀਂ ਜਾਣਗੇ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਨਵਰਾਜ ਸਿੰਘ ਕੁੰਭੜਾ, ਅਮਰੀਕ ਸਿੰਘ, ਪੰਚ ਜਸਵੀਰ ਕੁਮਾਰ, ਲਖਵਿੰਦਰ ਸਿੰਘ,ਪਾਲ ਸਿੰਘ, ਪਰਮਜੀਤ ਸਿੰਘ, ਪੂਰਨ ਰਾਮ, ਸਵਰਨ ਸਿੰਘ, ਤਾਰਾ ਰਾਮ, ਸਰਵਣ ਕੁਮਾਰ, ਗਿਆਨ ਚੰਦ ਅਤੇ ਵਰਿਆਮ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।