ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਸਰਕਾਰੀ ਸਕੂਲਾਂ ਨੂੰ ਸਾਮਾਨ ਵੰਡਿਆ
- ਕਾਂਗਰਸ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਖੇ਼ਤਰ ਵਿੱਚ ਦੇਸ਼ ਭਰ ਚੋਂ ਮੋਹਰੀ ਬਣਿਆ – ਕੇਵਲ ਸਿੰਘ ਢਿੱਲੋਂ
ਸੋਨੀ ਪਨੇਸਰ,ਬਰਨਾਲਾ, 23 ਦਸੰਬਰ 2021
ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਦੀ ਰਹਿਨੁਮਾਈ ਹੇਠ ਕਰਵਾਏ ਸਮਾਗਮ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖੇਡਾਂ ਦਾ ਸਾਮਾਨ ਅਤੇ ਲਾਇਬ੍ਰੇਰੀਆਂ ਲਈ ਟੈਬਲੈਟ ਮੁਹੱਈਆ ਕਰਵਾਏ ਗਏ।
ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਹਾਜ਼ਰ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੰਪਿਊਟਰ ਯੁੱਗ ਦੌਰਾਨ ਖੇਡਾਂ ਦੀ ਲਗਨ ਸਮੇਂ ਦੀ ਮੁੱਖ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਤੰਦਰੁਸਤੀ ਲਈ ਸਰੀਰਕ ਤੰਦਰੁਸਤੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਹੀ ਵੱਡੇ ਹੋ ਕੇ ਸਮਾਜ ਦੀ ਵਾਂਗਡੋਰ ਸੰਭਾਲਣੀ ਹੈ। ਉਨ੍ਹਾਂ ਕਿਹਾ ਕਿ ਦਿਮਾਗੀ ਤੇਜ਼ ਤਰਾਰੀ ‘ਚ ਵਿਸ਼ਵ ਦੇ ਕਿਸੇ ਵੀ ਮੁਲਕ ਦੇ ਨਾਗਰਿਕ ਸਾਡੇ ਮੁਲਕ ਦੇ ਨਾਗਰਿਕਾਂ ਦਾ ਮੁਕਾਬਲਾ ਕਰਨ ਦੇ ਸਮਰੱਥ ਨਹੀਂ ਹਨ। ਉਨ੍ਹਾਂ ਇਸ ਉਪਰਾਲੇ ਲਈ ਸਿੱਖਿਆ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉੱਦਮ ਜ਼ਿਲ੍ਹਾ ਬਰਨਾਲਾ ਨੂੰ ਸੂਬੇ ਵਿੱਚੋਂ ਹੀ ਨਹੀਂ ਸਗੋਂ ਮੁਲਕ ਵਿੱਚੋਂ ਮੋਹਰੀ ਬਣਾਉਣ ਦਾ ਸਬੱਬ ਬਣਨਗੇ।ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਦੇ ਮਾਮਲੇ ਵਿੱਚ ਪਹਿਲੇ ਨੰਬਰ ਤੇ ਹੈ।
ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡ ਖੇਤਰ ‘ਚ ਮੋਹਰੀ ਬਣਾਉਣ ਦੇ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਮੁਹੱਈਆ ਕਰਵਾਏ ਜਾ ਰਹੇ ਸਾਮਾਨ ਦੇ ਵਿਦਿਆਰਥੀਆਂ ਲਈ ਇਸਤੇਮਾਲ ਕਰਨ ਲਈ ਸਕੂਲ ਮੁਖੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸੇ ਸਕੂਲ ਨੂੰ ਸਾਮਾਨ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸਮਾਗਮ ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਨੂੰ ਖੇਡ ਕਿੱਟ ਮੁਹੱਈਆ ਕਰਵਾਈ ਗਈ।ਕਿੱਟ ‘ਚ ਖੇਡ ਬਾਲਾਂ,ਬਾਸਕਟਬਾਲ ਰਿੰਗ ਅਤੇ ਟੱਪਣ ਵਾਲੀਆਂ ਰੱਸੀਆਂ ਸ਼ਾਮਿਲ ਕੀਤੀਆਂ ਗਈਆਂ ਹਨ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਕਿੱਟ ‘ਚ ਖੇਡ ਬਾਲਾਂ, ਬਾਸਕਟਬਾਲ ਰਿੰਗ, ਟੱਪਣ ਵਾਲੀਆਂ ਰੱਖੀਆਂ, ਕਬੱਡੀ ਮੈਟ, ਬਾਕਸਿੰਗ ਕੋਚ ਰਿੰਗ, ਹਾਈ ਜੰਪ ਮੈਟ ਅਤੇ ਹਾਕੀ ਕਿੱਟਾਂ ਸ਼ਾਮਿਲ ਕੀਤੀਆਂ ਗਈਆਂ ਹਨ। ਖੇਡਾਂ ਦੇ ਸਾਮਾਨ ਤੋਂ ਇਲਾਵਾ 24 ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਪ੍ਰਤੀ ਸਕੂਲ 5-5 ਟੇਬਲੈਟ ਵੀ ਵੰਡੇ ਗਏ।
ਸਮਾਗਮ ਨੂੰ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸਿਮਰਦੀਪ ਸਿੰਘ ਜ਼ਿਲ੍ਹਾ ਮੈਂਟਰ ਖੇਡਾਂ, ਮਲਕੀਤ ਸਿੰਘ ਡੀਪੀਈ ਵੱਲੋਂ ਵੀ ਸੰਬੋਧਨ ਕੀਤਾ ਗਿਆ। ਸਮਾਗਮ ‘ਚ ਵੱਖ-ਵੱਖ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਡਾ. ਰਵਿੰਦਰਪਾਲ ਸਿੰਘ ਸਟੇਟ ਅਵਾਰਡੀ ਪ੍ਰਿੰਸੀਪਲ, ਰਾਕੇਸ਼ ਕੁਮਾਰ ਸਟੇਟ ਅਵਾਰਡੀ ਪ੍ਰਿੰਸੀਪਲ,ਸਰਬਜੀਤ ਸਿੰਘ ਪ੍ਰਿੰਸੀਪਲ, ਕਮਲਦੀਪ ਜਿਲ੍ਹਾ ਮੈਂਟਰ ਗਣਿਤ, ਅਮਨਿੰਦਰ ਸਿੰਘ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ, ਮਹਿੰਦਰਪਾਲ ਜਿਲ੍ਹਾ ਮੈਂਟਰ ਕੰਪਿਊਟਰ,ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਵੱਲੋਂ ਵੀ ਸ਼ਿਰਕਤ ਕੀਤੀ ਗਈ।