ਏ.ਐਸ. ਅਰਸ਼ੀ , ਚੰਡੀਗੜ੍ਹ 25 ਦਸੰਬਰ 2021
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਕੁੱਦਣ ਨੂੰ ਲੈਕੇ ਚੱਲ ਰਹੀ ਚਰਚਾ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਸੈੰਬਲੀ ਚੋਣਾਂ ਨਹੀ ਲੜ ਰਿਹਾ। ਇਸ ਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਡਾ ਦਰਸ਼ਨ ਪਾਲ ਨੇ ਦਿੱਤੀ ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ਤੇ ਬਣਿਆ ਇੱਕ ਥੜਾ ਹੈ । ਜਿਸ ਵੱਲੋਂ ਨਾ ਤਾਂ ਚੋਣਾ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਬਾਕੀ ਬੱਚਦੀਆਂ ਮੰਗ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ ।
ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਥੜੇ ਵਿੱਚ ਚੋਣਾਂ ਵਿੱਚ ਸਾਂਝੇ ਤੌਰ ‘ਤੇ ਜਾਣ ਵਿੱਚ ਸਹਿਮਤੀ ਨਹੀ ਬਣੀ ਹੈ । ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀਂ ਵਰਤਣਗੇ। ਅਜਿਹਾ ਕਰਨ ਵਾਲਿਆਂ ‘ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ । ਆਗੂਆਂ ਨੇ ਸਪੱਸ਼ਟ ਕੀਤਾ ਕੀ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ( ਦਰਸ਼ਨਪਾਲ),ਬੀ ਕੇ ਯੂ ਕ੍ਰਾਂਤੀਕਾਰੀ ( ਸੁਰਜੀਤ ਫੂਲ), ਬੀ ਕੇ ਯੂ ਸਿੱਧੂਪੁਰ( ਜਗਜੀਤ ਡੱਲੇਵਾਲ), ਅਜ਼ਾਦ ਕਿਸਾਨ ਕਮੇਟੀ ਦੋਆਬਾ ( ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ ( ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ ( ਸੁਖਪਾਲ ਡੱਫਰ), ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ( ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ( ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ( ਹਰਦੇਵ ਸੰਧੂ) ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈੰਡ ਲਿਆ ਹੈ।