ਹਰਿੰਦਰ ਨਿੱਕਾ , ਬਰਨਾਲਾ 31 ਦਸੰਬਰ 2021
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 6 ਜਨਵਰੀ ਨੂੰ ਬਰਨਾਲਾ ਵਿਖੇ ਪਹੁੰਚਣਗੇ । ਇਹ ਜਾਣਕਾਰੀ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਮੱਖਣ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਅਤੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਸਾਂਝੇ ਤੌਰ ਤੇ ਬਰਨਾਲਾ ਟੂਡੇ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨਾਂ ਦੱਸਿਆ ਕਿ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ 6 ਜਨਵਰੀ ਨੂੰ ਹੋਣ ਵਾਲੀ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨਾਂ ਕਿਹਾ ਕਿ ਬਰਨਾਲਾ ਸ਼ਹਿਰ ਵਿੱਚ ਹੋਣ ਵਾਲੀ ਕਾਂਗਰਸ ਦੀ ਇਸ ਵਿਸ਼ਾਲ ਰੈਲੀ ਪ੍ਰਤੀ ਲੋਕਾਂ ਅੰਦਰ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਮੱਖਣ ਸ਼ਰਮਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਹਰ ਦਿਨ ਮਜਬੂਤ ਹੋ ਰਹੀ ਹੈ ਅਤੇ ਕੇਵਲ ਸਿੱਘ ਢਿੱਲੋਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਰਨਾਲਾ ਰੈਲੀ ਨੂੰ ਸਫਲ ਬਣਾਉਣ ਲਈ, ਵਰਕਰਾਂ ਅਤੇ ਆਗੂਆਂ ਨੇ ਮੋਰਚਾ ਸੰਭਾਲ ਲਿਆ ਹੈ। ਉਨਾਂ ਕਿਹਾ ਕਿ ਬਰਨਾਲਾ ਦੇ ਫਰਵਾਹੀ ਬਜਾਰ ਵਿੱਚ 6 ਜਨਵਰੀ ਨੂੰ ਹੋਣ ਵਾਲੀ ਰੈਲੀ ਇਤਹਾਸਿਕ ਹੋਵੇਗੀ।