BKU ਉਗਰਾਹਾਂ ਨੇ ਪ੍ਰਧਾਨ ਮੰਤਰੀ ਪੰਜਾਬ ਫੇਰੀ ਵਿਰੁੱਧ 239 ਪਿੰਡਾਂ ਵਿੱਚ ਕੀਤੇ ਅਰਥੀ ਫੂਕ ਮੁਜ਼ਾਹਰੇ  

Advertisement
Spread information

  BKU ਉਗਰਾਹਾਂ ਨੇ ਪ੍ਰਧਾਨ ਮੰਤਰੀ ਪੰਜਾਬ ਫੇਰੀ ਵਿਰੁੱਧ 239 ਪਿੰਡਾਂ ਵਿੱਚ ਕੀਤੇ ਅਰਥੀ ਫੂਕ ਮੁਜ਼ਾਹਰੇ  

ਜਥੇਬੰਦੀ ਨਾਲ ਪੰਜਾਬ ਦੇ ਮੁੱਖ ਮੰਤਰੀ ਦੁਆਰਾ ਅਗਲੀ ਮੀਟਿੰਗ ਵੀ ਮੁਲਤਵੀ ਕਰਨ ਦੀ ਨਿਖੇਧੀ

ਪ੍ਰਦੀਪ ਕਸਬਾ ਸੰਗਰੂਰ , 2 ਜਨਵਰੀ 2022
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ 3 ਜਨਵਰੀ ਨੂੰ ਰੱਖੀ ਗਈ ਮੀਟਿੰਗ ਮੁੜ 7 ਜਨਵਰੀ ਤੱਕ ਮੁਲਤਵੀ ਕੀਤੇ ਜਾਣ ਦੀ ਜਥੇਬੰਦੀ ਵੱਲੋਂ ਪੁਰਜ਼ੋਰ ਨਿਖੇਧੀ ਕੀਤੀ ਗਈ ਹੈ। ਇਸ ਟਾਲਮਟੋਲ ਵਾਲੀ ਕਿਸਾਨ ਵਿਰੋਧੀ ਨੀਤੀ ਵਿਰੁੱਧ ਰੋਸ ਵਜੋਂ 15 ਜ਼ਿਲ੍ਹਿਆਂ ਵਿੱਚ 12 ਡੀ ਸੀ ਅਤੇ 3 ਐੱਸ ਡੀ ਐੱਮ ਦਫ਼ਤਰਾਂ ਦੇ ਘਿਰਾਓ ਅਣਮਿਥੇ ਸਮੇਂ ਲਈ ਵਧਾ ਦਿੱਤੇ ਗਏ ਹਨ।
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 23 ਦਸੰਬਰ ਦੀ ਸੰਖੇਪ ਮੀਟਿੰਗ ਵਿੱਚ ਫਸਲੀ ਖ਼ਰਾਬੇ ਅਤੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਸਮੇਤ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਦੇਣ ਵਰਗੀਆਂ 6 ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਵੀ ਲਗਾਤਾਰ ਟਾਲਮਟੋਲ ਕੀਤਾ ਜਾ ਰਿਹਾ ਹੈ। ਸਿਰੇ ਦੀ ਮਾੜੀ ਗੱਲ ਇਹ ਕੀਤੀ ਹੈ ਕਿ ਫ਼ਸਲੀ ਖ਼ਰਾਬੇ ਦਾ ਮੁਆਵਜ਼ਾ ਸਿਰਫ 5 ਏਕੜ ਤੱਕ ਦੇਣ ਵਾਲੀ ਬੇਤੁਕੀ ਸ਼ਰਤ ਵੀ ਰੱਦ ਕਰਨ ਲਈ ਚੁੱਪ ਧਾਰ ਰੱਖੀ ਹੈ। ਫੇਰ 28 ਅਤੇ 30 ਦਸੰਬਰ ਨੂੰ ਮੁੜ ਰੱਖੀਆਂ ਮੀਟਿੰਗਾਂ ਵੀ ਆਨੀ ਬਹਾਨੀਂ ਟਾਲ ਦਿੱਤੀਆਂ ਗਈਆਂ। ਹੱਡ ਚੀਰਵੀਂ ਠੰਢ ਵਿੱਚ ਦਿਨੇ ਰਾਤ ਸੜਕਾਂ ‘ਤੇ ਪਰਵਾਰਾਂ ਸਮੇਤ ਰੁਲਣ ਲਈ ਮਜਬੂਰ ਕੀਤੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨਾਲ ਅਜਿਹੇ ਅਣਮਨੁੱਖੀ ਗ਼ੈਰ ਜ਼ਿੰਮੇਵਾਰ ਵਤੀਰੇ ਨੇ ਹੀ ਜਥੇਬੰਦੀ ਨੂੰ ਦਫ਼ਤਰਾਂ ਦੇ ਘਿਰਾਓ ਵਰਗੇ ਸਖ਼ਤ ਫ਼ੈਸਲੇ ਲਈ ਮਜਬੂਰ ਕੀਤਾ ਹੈ।
ਬੇਸ਼ੱਕ ਇਸ ਫੈਸਲੇ ਕਾਰਨ ਅਤਿ ਜ਼ਰੂਰੀ ਕੰਮਾਂ ਕਾਰਾਂ ਵਾਲੇ ਕੁੱਝ ਵਿਅਕਤੀਆਂ ਨੂੰ ਪ੍ਰੇਸ਼ਾਨੀ ਵੀ ਹੋ ਸਕਦੀ ਹੈ, ਜਿਸ ਦਾ ਜਥੇਬੰਦੀ ਨੂੰ ਅਫਸੋਸ ਵੀ ਹੈ। ਦਿਨ ਰਾਤ ਦੇ ਘਿਰਾਓ ਮੋਰਚਿਆਂ ਵਿੱਚ ਅੱਜ ਵੀ ਭਾਰੀ ਗਿਣਤੀ ਵਿੱਚ ਔਰਤਾਂ ਨੌਜਵਾਨਾਂ ਸਮੇਤ ਕੁੱਲ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਪ੍ਰਵਾਰਾਂ ਸਮੇਤ ਸ਼ਾਮਲ ਹੋਏ। ਇਹ ਘਿਰਾਓ ਕਿਸਾਨ ਮੰਗਾਂ ਦੇ ਤਸੱਲੀਬਖ਼ਸ਼ ਨਿਪਟਾਰੇ ਤੱਕ ਜਾਰੀ ਰਹਿਣਗੇ।
 
      ਕਿਸਾਨ ਆਗੂ ਨੇ ਇਹ ਵੀ ਦੱਸਿਆ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਵਿਰੁੱਧ ਰੋਸ ਵਜੋਂ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ 239 ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਜਿਨ੍ਹਾਂ ਵਿੱਚ ਕੁੱਲ ਮਿਲਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਪ੍ਰਵਾਰਾਂ ਸਮੇਤ ਸ਼ਾਮਲ ਹੋਏ। ਮੁਜ਼ਾਹਰਿਆਂ ਦੌਰਾਨ ਅਜੇ ਮਿਸ਼ਰਾ ਟੈਣੀ ਸਮੇਤ ਲਖੀਮਪੁਰ ਖੀਰੀ ਕਾਂਡ ਦੇ ਸਾਰੇ ਦੋਸ਼ੀਆਂ ਵਿਰੁੱਧ ਕ਼ਤਲ ਕੇਸ ਦਰਜ ਕਰਨ, ਐੱਮ ਐੱਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਕਰਨ, ਦਿੱਲੀ ਸਮੇਤ ਸਾਰੇ ਰਾਜਾਂ ਵਿੱਚ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਸਿਰ ਮੜ੍ਹੇ ਪੁਲਿਸ ਕੇਸ ਰੱਦ ਕਰਨ ਦੇ ਲਿਖਤੀ ਵਾਅਦੇ ਲਾਗੂ ਕਰਨ ਤੋਂ ਅਤੇ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਸਰਕਾਰੀ ਗੈਰਸਰਕਾਰੀ ਸਮੁੱਚੇ ਕਰਜ਼ੇ ਖ਼ਤਮ ਕਰਨ ਵਰਗੀਆਂ ਮੰਗਾਂ ਮੰਨਣ ਉੱਤੇ ਜ਼ੋਰ ਦਿੱਤਾ ਗਿਆ।
       ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ,ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ ਕਮਲਜੀਤ ਕੌਰ ਬਰਨਾਲਾ, ਗੁਰਪ੍ਰੀਤ ਕੌਰ ਬਰਾਸ ਅਤੇ ਕੁਲਦੀਪ ਕੌਰ ਕੁੱਸਾ ਸਮੇਤ ਜ਼ਿਲ੍ਹਾ ਤੇ ਬਲਾਕ ਪੱਧਰੇ ਆਗੂ ਸ਼ਾਮਲ ਸਨ।
           ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਿ ਮੋਦੀ ਸਰਕਾਰ ਨਾ ਸਿਰਫ਼ ਕਾਨੂੰਨਾਂ ਨੂੰ ਮੁੜ ਲਿਆਉਣ ਦੇ ਮਨਸੂਬੇ ਪਾਲ਼ ਰਹੀ ਹੈ ਸਗੋਂ  ਦੇਸ਼ ਦੇ ਸਭਨਾਂ ਜਨਤਕ ਸਾਧਨਾਂ ਤੇ ਕੁਦਰਤੀ ਸੋਮਿਆਂ ਨੂੰ ਦੇਸੀ ਵਿਦੇਸ਼ੀ ਕਾਰਪੋਰੇਟਾਂ ਹਵਾਲੇ ਕਰਨ ਦੇ ਰਾਹ ਤੁਰੀ ਹੋਈ ਹੈ। ਪੰਜਾਬ ਫੇਰੀ ਨਾਲ ਨਰਿੰਦਰ ਮੋਦੀ ਫੋਕੇ ਐਲਾਨਾਂ ਰਾਹੀਂ ਲੋਕਾਂ ਦੇ ਮਸਲੇ ਹੱਲ ਕਰਨ ਦਾ ਦੰਭ ਕਰਨ ਜਾ ਰਿਹਾ ਹੈ ਜਦ ਕਿ ਐੱਮ ਐੱਸ ਪੀ, ਜਨਤਕ ਵੰਡ ਪ੍ਰਣਾਲੀ, ਤੇਲ ਕੀਮਤਾਂ ਜਨਤਕ ਅਦਾਰੇ ਵੇਚਣ, ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਰਿਹਾਅ ਕਰਨ ਵਰਗੇ ਲੋਕ ਮੁੱਦਿਆਂ ‘ਤੇ ਇਹ ਸਰਕਾਰ ਪੂਰੀ ਤਰ੍ਹਾਂ ਸਾਮਰਾਜੀ ਬਹੁਕੌਮੀ ਕੰਪਨੀਆਂ ਤੇ ਦੇਸੀ ਕਾਰਪੋਰੇਟ ਘਰਾਣਿਆਂ ਦੀ ਸੇਵਾ ‘ਚ ਡਟੀ ਖੜ੍ਹੀ ਹੈ। 
     ਬੁਲਾਰਿਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਤੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਨੂੰ ਮੌਜੂਦਾ ਹੱਕੀ ਸੰਘਰਸ਼ ਦੇ ਨਾਲ ਹੀ 5 ਜਨਵਰੀ ਦੇ ਰੋਸ ਪ੍ਰਦਰਸ਼ਨਾਂ ਵਿੱਚ ਵੀ ਵਧ ਚੜ੍ਹ ਕੇ ਸ਼ਾਮਲ ਹੋਣ ਅਤੇ ਸਾਥ ਦੇਣ ਦੀ ਅਪੀਲ ਕੀਤੀ।
Advertisement
Advertisement
Advertisement
Advertisement
Advertisement
error: Content is protected !!