ਜ਼ਿਲ੍ਹੇ ਅੰਦਰ 15 ਤੋਂ 18 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਜਾਰੀ
- ਐਸ ਡੀ ਐਮ ਨੇ ਜ਼ਿਲ੍ਹਾ ਹਸਪਤਾਲ ਵਿਖੇ ਹੋ ਰਹੀ ਵੈਕਸੀਨੇਸ਼ ਦਾ ਕੀਤਾ ਮੁਆਇਨਾ
ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 07 ਜਨਵਰੀ 2022
ਕੋਰੋਨਾ ਕੇਸਾਂ ਦੇ ਲਗਾਤਾਰ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਜ਼ਿਲ੍ਹੇ ਅੰਦਰ ਜੰਗੀ ਪੱਧਰ ‘ਤੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਸਿਹਤ ਸੰਸਥਾਵਾਂ ਵਿੱਚ ਮੁਫਤ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਅਤੇ ਹੁਣ ਇਸੇ ਲੜੀ ਤਹਿਤ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਵੀ ਸ਼ੁਰੂ ਹੋ ਚੁੱਕਾ ਹੈ।
ਇਹ ਜਾਣਕਾਰੀ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਡਾ. ਹਿਮਾਂਸ਼ੂ ਗੁਪਤਾ ਨੇ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਕੀਤੀ ਜਾ ਰਹੀ ਵੈਕਸੀਨੇਸ਼ਨ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੋਜਾਨਾਂ 5000 ਵਿਅਕਤੀਆਂ ਦਾ ਟੀਕਾਕਰਨ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਪੂਰਾ ਕਰਨ ਲਈ ਜਿਲ੍ਹੇ ਦੇ ਹਸਪਤਾਲਾਂ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾ ਕਿ ਕੋਰੋਨਾਂ ਰੋਕਣ ਲਈ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
ਡਾ.ਗੁਪਤਾ ਨੇ ਦੱਸਿਆ ਕਿ15 ਤੋਂ 18 ਸਾਲ ਉਮਰ ਵਰਗ ਦੇ ਬੱਚਿਆ ਨੂੰ ਵੀ ਕੋਵੈਕਸਿਨ ਹੀ ਲਗਾਈ ਜਾਵੇਗੀ ਜਦਕਿ ਇਸ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਦੋਵੇ ਲਗਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਰੋਜਾਨਾ ਵੱਡੇ ਪੱਧਰ ਤੇ ਵੱਧ ਰਹੇ ਕੋਰੋਨਾ ਪਾਜੇਟਿਵ ਕੇਸਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਨਤਕ ਸਥਾਨਾਂ ’ਤੇ ਜਾਣ ਮੌਕੇ ਆਪਣਾ ਨੱਕ ਤੇ ਮੂੰਹ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ, ਆਪਣੇ ਹੱਥਾਂ ਨੂੰ ਸੈਨੀਟਾਈਜ਼ਰ ਜਾਂ ਸਾਬਣ ਨਾਲ ਵਾਰ-ਵਾਰ ਸਾਫ ਕੀਤਾ ਜਾਵੇ ਅਤੇ ਸਮਾਜਿਕ ਵਿੱਥ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਆਪਣੀ ਜਿੰਮੇਵਾਰੀ ਸਮਝਦੇ ਹੋਏ ਅੱਗੇ ਆ ਕੇ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ ਕਿਉਂਕਿ ਵੈਕਸੀਨੇਸ਼ਨ ਨਾਲ ਹੀ ਇਸ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡੀਕਲ ਡਾ. ਜਗਦੀਸ ਸਿੰਘ, ਐਸ ਐਮ ਓ ਡਾ ਕੁਲਦੀਪ ਸਿੰਘ, ਬੱਚਿਆ ਦੇ ਮਾਹਰ ਡਾ ਸੁਰਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਸ੍ਰੀ ਅਮਰਜੀਤ ਸਿੰਘ ਸੋਹੀ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਮੌਜੂਦ ਸਨ।