73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ‘ਚ ਵਿੱਤ ਮੰਤਰੀ ਲਹਿਰਾਉਣਗੇ ਤਿਰੰਗਾ ਝੰਡਾ
-ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ
-ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਕੀਤੀ ਜਾਵੇਗੀ ਪਾਲਣਾ
ਰਿਚਾ ਨਾਗਪਾਲ,ਪਟਿਆਲਾ, 14 ਜਨਵਰੀ 2022
ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ ‘ਚ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 26 ਜਨਵਰੀ ਨੂੰ ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ ਕਰਕੇ ਇਸ ਵਾਰ ਸਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ। ਮੀਟਿੰਗ ਦੌਰਾਨ ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮੜਕਨ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਸਮੇਤ ਲੋਕ ਨਿਰਮਾਣ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।