ਸਮੂਹ ਰਾਜਨੀਤਕ ਪਾਰਟੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਮੰਗਾਂ ਸਬੰਧੀ ਆਪਣਾ ਏਜੰਡਾ ਤੁਰੰਤ ਜਨਤਕ ਕਰਨ
– ਜਨਵਰੀ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਖਤਮ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਸਪੱਸ਼ਟ ਕਰਨ ਆਪਣਾ ਨਜ਼ਰੀਆ
ਪਰਦੀਪ ਕਸਬਾ ਸੰਗਰੂਰ , 20 ਜਨਵਰੀ 2022
ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ,ਚੇਅਰਮੈਨ ਰਣਬੀਰ ਢਿਲੋਂਂ,ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ , ਸਕੱਤਰ ਕਰਤਾਰ ਸਿੰਘ ਪਾਲ,ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ ਤੇ ਜਨਰਲ ਸਕੱਤਰ ਬਲਕਾਰ ਵਲਟੋਹਾ,ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਤੇ ਜਨਰਲ ਸਕੱਤਰ ਅਵਤਾਰ ਸਿੰਘ ਗਗੜਾ,ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਸੂਬਾਈ
ਆਗੂ ਗੁਰਦੀਪ ਸਿੰਘ ਮੋਤੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਮੰਗ ਕੀਤੀ ਹੈ ਕਿ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਤੇ ਆਊਟਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮ , ਵੱਖ ਵੱਖ ਸਕੀਮਾਂ ਅਧੀਨ ਕੰਮ ਕਰਦੇ ਮਲਾਜ਼ਮ ,ਰੈਗੂਲਰ ਤੌਰ ਤੇ ਭਰਤੀ ਮੁਲਾਜ਼ਮ ਅਤੇ ਸੇਵਾ ਮੁਕਤ ਹੋਏ ਪੈਨਸ਼ਨਰ ਆਪਣੀਆਂ ਮੰਗਾਂ ਸਬੰਧੀ ਆਪਣਾ ਏਜੰਡਾ ਤੁਰੰਤ ਜਨਤਕ ਕਰਨ । ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ ਦੇ ਰਾਹ ਪਏ ਹੋਏ ਹਨ ਤੇ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੀਆਂ ਹੁਕਮਰਾਨ ਸਰਕਾਰਾਂ ਵੋਟਾਂ ਹਾਸਲ ਕਰਨ ਤੋਂ ਬਾਅਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੋਈ ਲੜ ਪੱਲਾ ਨਹੀਂ ਫੜਾ ਰਹੀਆਂ ।
ਆਗੂਆਂ ਨੇ ਕਿਹਾ ਹੈ ਕਿ 15 ਜਨਵਰੀ 2015 ਤੋਂ ਬਾਅਦ ਪੰਜਾਬ ਵਿੱਚ ਮੁੱਢਲੇ ਤਨਖਾਹ ਸਕੇਲਾਂ ਤੇ ਤਿੰਨ ਸਾਲਾਂ ਲਈ ਭਰਤੀ ਕਰਨ , ਆਊਟਸੋਰਸਿੰਗ ਅਧੀਨ ਭਰਤੀਆਂ ਕਰਕੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਨ , ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ,ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ , ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕਰਨ , ਆਂਗਨਵਾੜੀ ਵਰਕਰਾਂ ,ਹੈਲਪਰਾਂ , ਆਸ਼ਾ ਵਰਕਰਾਂ , ਮਿਡ ਡੇ ਮੀਲ ਵਰਕਰਾਂ ਤੇ ਹੋਰ ਸਕੀਮ ਵਰਕਰਾਂ ਨੂੰ
ਰੈਗੂਲਰ ਕਰਨ ਤੇ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਕਰਨ , ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਪਹਿਲਾਂ ਤੋਂ ਮਿਲ ਰਹੀਆਂ ਸਾਰੀਆਂ ਸਹੂਲਤਾਂ ਬਹਾਲ ਰੱਖਣ ਅਤੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਦਾ ਕੀਤੀਆਂ ਗਈਆਂ ਤਰੁੱਟੀਆਂ ਨੂੰ ਦੂਰ ਕਰਨ, ਸਮੂਹ ਵਿਭਾਗਾਂ ਵਿਚ ਖਾਲੀ ਪਈਆਂ ਹਜ਼ਾਰਾਂ ਆਸਾਮੀਆਂ ਤੇ ਰੈਗੂਲਰ ਭਰਤੀ ਕਰਨ , ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੁਨਰਗਠਨ ਦੇ ਨਾਂ ਤੇ ਖ਼ਤਮ ਕੀਤੀਆਂ ਬਹੁਤ ਸਾਰੀਆਂ ਅਸਾਮੀਆਂ ਨੂੰ ਮੁੜ ਬਹਾਲ ਕਰਨ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਆਪਣੀ ਰਾਜਨੀਤਕ ਪਾਰਟੀ ਵੱਲੋਂ ਜਾਰੀ ਕੀਤੇ ਜਾ ਰਹੇ ਚੋਣ ਮੈਨੀਫੈਸਟੋ ਵਿੱਚ ਯੋਗ ਥਾਂ ਦੇਣੀ ਚਾਹੀਦੀ ਹੈ ਤੇ ਉਸ ਰਾਜਨੀਤਕ ਪਾਰਟੀ
ਨੂੰ 10 ਮਾਰਚ ਤੋਂ ਬਾਅਦ ਸਰਕਾਰ ਵਿੱਚ ਅਹੁਦੇ ਸੰਭਾਲਣ ਤੋਂ ਬਾਅਦ ਇਹ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ । ਆਗੂਆਂ ਨੇ ਕਿਹਾ ਕਿ ਪੰਜਾਬ ਯੂ .ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਆਗੂਆਂ ਤੇ ਵਰਕਰਾਂ ਵੱਲੋਂ ਪੂਰੀ ਸਮਰੱਥਾ ਨਾਲ ਸ਼ਮੂਲੀਅਤ ਕੀਤੀ ਜਾਵੇਗੀ ।
ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਪੀ ਐੱਸ ਈ ਬੀ ਇੰਪਲਾਈਜ਼ ਫੈੱਡਰੇਸ਼ਨ ਦੇ ਆਗੂ ਹਰਭਜਨ ਸਿੰਘ ਪਿਲਖਣੀ , ਪੀ ਆਰ ਟੀ ਸੀ ਵਰਕਰਜ਼ ਯੂਨੀਅਨ ਦੇ ਆਗੂ ਉੱਤਮ ਸਿੰਘ ਬਾਗੜੀ ,ਪੈਰਾ ਮੈਡੀਕਲ ਸਟਾਫ ਦੇ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਆਗੂ ਸੁਖਦੇਵ ਸੁਰਤਾਪੁਰੀ,ਜਸਵਿੰਦਰ
ਪਾਲ ਉੱਘੀ,ਬਲਜਿੰਦਰ ਸਿੰਘ,ਜਗਮੋਹਨ ਨੌਲੱਖਾ , ਮੇਲਾ ਸਿੰਘ ਪੁੰਨਾਂਵਾਲ,ਸੀਤਾ ਰਾਮ ਸਰਮਾਂ ਸੰਗਰੂਰ,ਵੇਦ ਪ੍ਰਕਾਸ਼ ਜਲੰਧਰ,ਰਾਜ ਕੁਮਾਰ ਮਾਨਸਾ , ਹਰਭਗਵਾਨ ਮੁਕਤਸਰ,ਰਾਮ ਪ੍ਰਸਾਦ ਫਿਰੋਜ਼ਪੁਰ ,ਭਵਾਨੀ ਫੇਰ ਅੰਮਿ੍ਤਸਰ,ਮਨਜੀਤ ਸਿੰਘ ਬਠਿੰਡਾ, ਤੇ ਨਛੱਤਰ ਸਿੰਘ ਭਾਣਾ,ਹੰਸਰਾਜ ਦੀਦਾਰਗੜ,ਅਮਰੀਕ ਸਿੰਘ ਖੇੜੀ ਆਦਿ ਸ਼ਾਮਲ ਸਨ ।